ਪੰਜਾਬ ''ਚ ਗੈਂਗਸਟਰਾਂ ''ਤੇ ਨਕੇਲ ਕੱਸਣ ਲਈ ਆਵੇਗਾ ''ਪਕੋਕਾ'', ਮੁੱਖ ਮੰਤਰੀ ਨੇ ਜਾਰੀ ਕੀਤੇ ਨਿਰਦੇਸ਼

Friday, Nov 03, 2017 - 04:57 PM (IST)

ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਿਹਤ ਅਤੇ ਪਰਿਵਾਰ ਕਲਿਆਣ ਮੰਤਰੀ ਬ੍ਰਹਮ ਮੋਹਿੰਦਰਾ ਦੀ ਪ੍ਰਧਾਨਗੀ ਵਾਲੀ ਕੈਬਨਿਟ ਸਬ ਕਮੇਟੀ ਨੂੰ 'ਪਕੋਕਾ' (ਪੰਜਾਬ ਕੰਟਰੋਲ ਆਫ ਆਰਗੇਨਾਈਜ਼ਡ ਕ੍ਰਾਈਮ ਐਕਟ) ਬਾਰੇ ਕਾਨੂੰਨ ਦਾ ਮਸੌਦਾ ਜਲਦ ਤਿਆਰ ਕਰਨ ਲਈ ਕਿਹਾ ਹੈ, ਜਿਸ ਨਾਲ ਸੂਬੇ 'ਚ ਅਪਰਾਧ ਅਤੇ ਗੈਂਗਸਟਰਾਂ ਦੇ ਖਿਲਾਫ ਸਖਤੀ ਨਾਲ ਨਜਿੱਠਿਆ ਜਾ ਸਕੇ। ਬੁਲਾਰੇ ਨੇ ਦੱਸਿਆ ਕਿ ਮੁੱਖ ਮੰਤਰੀ ਨੇ ਇਹ ਨਿਰਦੇਸ਼ ਬੀਤੇ ਦਿਨ ਅਮਨ-ਕਾਨੂੰਨ ਵਿਵਸਥਾ ਦੀ ਸਮੀਖਿਆ ਬੈਠਕ ਦੌਰਾਨ ਦਿੱਤੇ। ਉਨ੍ਹਾਂ ਨੇ ਦੱਸਿਆ ਕਿ ਪਕੋਕਾ ਕਾਨੂੰਨ ਇਸ ਮਹੀਨੇ ਦੇ ਅਖੀਰ 'ਚ ਲਿਆਂਦਾ ਜਾ ਸਕਦਾ ਹੈ। ਬੁਲਾਰੇ ਨੇ ਦੱਸਿਆ ਕਿ ਪੁਲਸ ਮੁਖੀ ਸੁਰੇਸ਼ ਅਰੋੜਾ ਵਲੋਂ ਸੂਬੇ 'ਚ ਅਪਰਾਧ ਅਤੇ ਗੈਂਗਸਟਰਾਂ ਨਾਲ ਨਜਿੱਠਣ ਲਈ ਪੁਲਸ ਨੂੰ ਵਧੇਰੇ ਪਾਵਰ ਦੇਣ ਦਾ ਮੁੱਦਾ ਚੁੱਕਣ ਤੋਂ ਬਾਅਦ ਮੁੱਖ ਮੰਤਰੀ ਨੇ ਇਹ ਨਿਰਦੇਸ਼ ਜਾਰੀ ਕੀਤੇ ਹਨ। ਮੀਟਿੰਗ ਦੌਰਾਨ ਡੀ. ਜੀ. ਪੀ. ਨੇ ਦੱਸਿਆ ਕਿ ਅਪਰਾਧਿਕ ਗਿਰੋਹਾਂ ਅਤੇ ਗੁੰਡਾਰਾਜ ਨਾਲ ਸਖਤੀ ਨਾਲ ਨਜਿੱਠਣ ਲਈ ਪੁਲਸ ਦੇ ਹੱਥ ਹੋਰ ਮਜ਼ਬੂਤ ਕੀਤੇ ਜਾਣ ਦੀ ਲੋੜ ਹੈ, ਜਿਸ ਲਈ ਪਕੋਕਾ ਵਰਗਾ ਕਾਨੂੰਨ ਅਮਲ 'ਚ ਲਿਆਂਦਾ ਜਾਣਾ ਜ਼ਰੂਰੀ ਹੈ। 
ਮੁੱਖ ਮੰਤਰੀ ਨੇ ਇਸ ਗੱਲ 'ਤੇ ਸਹਿਮਤੀ ਪ੍ਰਗਟ ਕੀਤੀ ਹੈ ਕਿ ਸੂਬੇ 'ਚ ਗੜਬੜੀ ਪੈਦਾ ਕਰਨ ਅਤੇ ਕਾਨੂੰਨ ਨੂੰ ਆਪਣੇ ਹੱਥ ਲੈਣ ਦੀਆਂ ਕੋਸ਼ਿਸ਼ਾਂ ਨੂੰ ਰੋਕਣ ਲਈ ਗੈਂਗਸਟਰਾਂ ਅੰਦਰ ਕਾਨੂੰਨ ਦਾ ਡਰ ਪੈਦਾ ਕਰਨਾ ਜ਼ਰੂਰੀ ਹੈ। ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਪ੍ਰਸਤਾਵਿਤ ਕਾਨੂੰਨ ਇਹ ਯਕੀਨੀ ਬਣਾਵੇਗਾ ਕਿ ਅਜਿਹੇ ਗੈਂਗਸਟਰਾਂ ਨਾਲ ਸਖਤੀ ਨਾਲ ਨਜਿੱਠਣ ਲਈ ਪੁਲਸ ਦੀ ਰਾਹ 'ਚ ਕੋਈ ਰੁਕਾਵਟ ਨਾ ਬਣੇ। ਬੁਲਾਰ ਨੇ ਦੱਸਿਆ ਕਿ ਭਾਵੇਂ ਕਿ ਪ੍ਰਸਤਾਵਿਤ ਕਾਨੂੰਨ ਪੁਲਸ ਨੂੰ ਸੂਬੇ 'ਚ ਸਰਗਰਮ ਗੈਂਗਸਟਰਾਂ ਅਤੇ ਅਪਰਾਧੀਆਂ 'ਤੇ ਨਕੇਲ ਕੱਸਣ ਲਈ ਲੋੜ ਮੁਤਾਬਕ ਕੋਈ ਵੀ ਕਾਰਵਾਈ ਕਰਨ ਲਈ ਵਧੇਰੇ ਸ਼ਕਤੀਆਂ ਦੇਵੇਗਾ ਪਰ ਇਸ ਕਾਨੂੰਨ ਦੀ ਦੁਰਵਰਤੋਂ ਰੋਕਣ ਲਈ ਨਿਗਰਾਨੀ ਵੀ ਰੱਖੀ ਜਾਵੇਗੀ।


Related News