ਦੀਵਾਲੀ ਮੌਕੇ ਸਫ਼ਾਈ ਮੁਹਿੰਮ ਦੇ ਦਾਅਵਿਆਂ ਦੀ ਨਿਕਲੀ ਫੂਕ, ਸੜਕ ਕਿਨਾਰੇ ਲੱਗੇ ਕੂੜੇ ਦੇ ਢੇਰ

Saturday, Nov 07, 2026 - 02:36 PM (IST)

ਦੀਵਾਲੀ ਮੌਕੇ ਸਫ਼ਾਈ ਮੁਹਿੰਮ ਦੇ ਦਾਅਵਿਆਂ ਦੀ ਨਿਕਲੀ ਫੂਕ, ਸੜਕ ਕਿਨਾਰੇ ਲੱਗੇ ਕੂੜੇ ਦੇ ਢੇਰ

ਤਪਾ ਮੰਡੀ (ਸ਼ਾਮ ਗਰਗ): ਦੀਵਾਲੀ ਨੂੰ ਰੌਸ਼ਨੀਆਂ ਦਾ ਤਿਉਹਾਰ ਕਿਹਾ ਜਾਂਦਾ ਹੈ। ਇਸ ਤਿਉਹਾਰ ਮੌਕੇ ਲੋਕ ਆਪਣੇ ਘਰਾਂ ਦੀ ਸਫ਼ਾਈ ਕਰਨ ਦੇ ਨਾਲ-ਨਾਲ ਆਲੇ-ਦੁਆਲੇ ਨੂੰ ਸਾਫ਼-ਸੁਥਰਾ ਬਣਾਉਣ ਲਈ ਵੀ ਵਿਸ਼ੇਸ਼ ਉਪਰਾਲੇ ਕਰਦੇ ਹਨ। ਦੂਜੇ ਪਾਸੇ ਨਗਰ ਕੌਂਸਲ ਵੱਲੋਂ ਵੀ ਸ਼ਹਿਰ ਅੰਦਰ ਸਵੱਛਤਾ ਮੁਹਿੰਮ ਚਲਾਉਣ ਦੇ ਦਾਅਵੇ ਕੀਤੇ ਜਾਂਦੇ ਹਨ, ਪਰ ਇਨ੍ਹਾਂ ਦਾਅਵਿਆਂ ਦੀ ਅਸਲੀਅਤ ਉਸ ਸਮੇਂ ਸਾਹਮਣੇ ਆਉਂਦੀ ਹੈ, ਜਦੋਂ ਸ਼ਹਿਰ ਦੀਆਂ ਸੜਕਾਂ ਦੇ ਕਿਨਾਰਿਆਂ ’ਤੇ ਲੱਗੇ ਕੂੜੇ ਦੇ ਵੱਡੇ-ਵੱਡੇ ਢੇਰ ਸਫ਼ਾਈ ਪ੍ਰਬੰਧਾਂ ਦੀ ਪੋਲ ਖੋਲ੍ਹਦੇ ਨਜ਼ਰ ਆਉਂਦੇ ਹਨ।

ਸ਼ਹਿਰ ਦੇ ਦਰਾਜ ਫਾਟਕ ਕੋਲ,ਆਲੀਕੇ ਰੋਡ ’ਤੇ ਲੱਗੇ ਕੂੜੇ ਦੇ ਢੇਰ ਨਗਰ ਕੌਂਸਲ ਦੀ ਸਫ਼ਾਈ ਮੁਹਿੰਮ ਨੂੰ ਸਵਾਲਾਂ ਦੇ ਘੇਰੇ ਵਿੱਚ ਖੜ੍ਹਾ ਕਰ ਰਹੇ ਹਨ। ਦੀਵਾਲੀ ਵਰਗੇ ਪਵਿੱਤਰ ਤਿਉਹਾਰ ਮੌਕੇ ਵੀ ਇਨ੍ਹਾਂ ਥਾਵਾਂ ’ਤੇ ਗੰਦਗੀ ਦਾ ਪਸਾਰਾ ਹੋਣਾ ਸਫ਼ਾਈ ਪ੍ਰਬੰਧਾਂ ਦੀ ਮਾੜੀ ਕਾਰਗੁਜ਼ਾਰੀ ਨੂੰ ਦਰਸਾਉਂਦਾ ਹੈ। ਇਸ ਸਬੰਧੀ ਇਲਾਕੇ ਦੇ ਵਸਨੀਕ ਮੇਜਰ ਸਿੰਘ ਨੇ ਦੱਸਿਆ ਕਿ ਇਹ ਕੂੜੇ ਦੇ ਢੇਰ ਲੰਮੇ ਸਮੇਂ ਤੋਂ ਲੱਗੇ ਹੋਏ ਹਨ। ਇਸ ਸਮੱਸਿਆ ਸਬੰਧੀ ਕਈ ਵਾਰ ਨਗਰ ਕੌਂਸਲ ਦੇ ਅਧਿਕਾਰੀਆਂ ਦੇ ਧਿਆਨ ਵਿੱਚ ਮਾਮਲਾ ਲਿਆਂਦਾ ਗਿਆ ਹੈ, ਪਰ ਅਜੇ ਤੱਕ ਕੋਈ ਠੋਸ ਕਾਰਵਾਈ ਨਹੀਂ ਕੀਤੀ ਗਈ।

ਉਨ੍ਹਾਂ ਕਿਹਾ ਕਿ ਕੂੜੇ ਕਾਰਨ ਇਲਾਕੇ ਵਿੱਚ ਬਦਬੂ ਫੈਲ ਰਹੀ ਹੈ ਅਤੇ ਲੋਕਾਂ ਨੂੰ ਬਿਮਾਰੀਆਂ ਫੈਲਣ ਦਾ ਡਰ ਸਤਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਕੂੜੇ ਦੇ ਢੇਰਾਂ ਵਿੱਚ ਅਵਾਰਾ ਪਸ਼ੂ ਵੀ ਮੂੰਹ ਮਾਰਦੇ ਰਹਿੰਦੇ ਹਨ, ਜਿਸ ਕਾਰਨ ਗੰਦਗੀ ਹੋਰ ਫੈਲਦੀ ਹੈ। ਇਸ ਨਾਲ ਲੋਕਾਂ ਦੀ ਸਿਹਤ ਦੇ ਨਾਲ-ਨਾਲ ਪਸ਼ੂਆਂ ਦੀ ਸਿਹਤ ਲਈ ਵੀ ਖ਼ਤਰਾ ਬਣਿਆ ਹੋਇਆ ਹੈ। ਇਲਾਕਾ ਵਾਸੀਆਂ ਨੇ ਨਗਰ ਕੌਂਸਲ ਤੋਂ ਮੰਗ ਕੀਤੀ ਕਿ ਸੜਕ ਕਿਨਾਰੇ ਲੱਗੇ ਕੂੜੇ ਦੇ ਢੇਰਾਂ ਨੂੰ ਤੁਰੰਤ ਚੁਕਵਾਇਆ ਜਾਵੇ ਅਤੇ ਸ਼ਹਿਰ ਵਿੱਚ ਨਿਯਮਤ ਸਫ਼ਾਈ ਯਕੀਨੀ ਬਣਾਈ ਜਾਵੇ। ਉਨ੍ਹਾਂ ਕਿਹਾ ਕਿ ਸਫ਼ਾਈ ਮੁਹਿੰਮ ਦੇ ਦਾਅਵੇ ਸਿਰਫ਼ ਕਾਗਜ਼ਾਂ ਤੱਕ ਸੀਮਤ ਨਹੀਂ ਰਹਿਣੇ ਚਾਹੀਦੇ, ਸਗੋਂ ਜ਼ਮੀਨੀ ਪੱਧਰ ’ਤੇ ਵੀ ਲੋਕਾਂ ਨੂੰ ਇਸ ਦਾ ਲਾਭ ਮਿਲਣਾ ਚਾਹੀਦਾ ਹੈ। 


author

Anmol Tagra

Content Editor

Related News