ਗੜ੍ਹਸ਼ੰਕਰ ਦੇ ਨੌਜਵਾਨ ਦੀ ਨਿਊਜ਼ੀਲੈਂਡ 'ਚ ਮੌਤ, ਪਰਿਵਾਰ 'ਚ ਮਚਿਆ ਚੀਕ-ਚਿਹਾੜਾ
Sunday, Apr 07, 2024 - 06:48 PM (IST)
ਗੜ੍ਹਸ਼ੰਕਰ (ਸੰਜੀਵ)- ਵਿਦੇਸ਼ ਦੀ ਧਰਤੀ 'ਤੇ ਚੰਗੇ ਭਵਿੱਖ ਬਣਾਉਣ ਦੀ ਤਲਾਸ਼ ਵਿੱਚ ਪੰਜਾਬ ਦੇ ਜ਼ਿਆਦਾਤਰ ਨੌਜਵਾਨ ਵਿਦੇਸ਼ਾਂ ਦਾ ਰੁੱਖ ਕਰ ਰਹੇ ਹਨ, ਉੱਥੇ ਹੀ ਕੁਝ ਨੌਜਵਾਨ ਹਾਦਸੇ ਦਾ ਸ਼ਿਕਾਰ ਹੋ ਕੇ ਮੌਤ ਦੇ ਮੂੰਹ ਵਿੱਚ ਚੱਲੇ ਜਾਂਦੇ ਹਨ। ਅਜਿਹੀ ਇਕ ਦੁੱਖ਼ਦਾਈ ਘਟਨਾ ਗੜ੍ਹਸ਼ੰਕਰ ਦੇ ਪਿੰਡ ਰਾਮਪੁਰ ਬਿਲੜੋਂ ਤੋਂ ਸਾਹਮਣੇ ਆਈ ਹੈ। ਇਥੋਂ ਦੇ ਇਕ ਨੌਜਵਾਨ ਦੀ ਮੌਤ ਨਿਊਜ਼ੀਲੈਂਡ ਵਿਖੇ ਹੋਣ ਕਰਕੇ ਪਰਿਵਾਰ ਵਿਚ ਸੋਗ ਦੀ ਲਹਿਰ ਦੌੜ ਪਈ। ਮਿਲੀ ਜਾਣਕਾਰੀ ਮੁਤਾਬਕ ਨਿਊਜ਼ੀਲੈਂਡ ਵਿੱਚ ਵਿਦਿਆਰਥੀ ਵੀਜ਼ੇ 'ਤੇ ਰਹਿ ਰਹੇ ਨੌਜਵਾਨ ਦੀ ਸੰਖੇਪ ਬੀਮਾਰੀ ਪਿੱਛੋਂ ਮੌਤ ਹੋ ਗਈ, ਜਿਸ ਨਾਲ ਪਿੰਡ ਵਿੱਚ ਮਾਤਮ ਫੈਲ ਗਿਆ। ਮ੍ਰਿਤਕ ਦੀ ਪਛਾਣ ਮਨਦੀਪ ਸਿੰਘ ਵਜੋਂ ਹੋਈ ਹੈ। ਉਕਤ ਨੌਜਵਾਨ ਨੇ ਕੁਝ ਸਮੇਂ ਬਾਅਦ ਹੀ ਪਿੰਡ ਵਾਪਸ ਆਉਣਾ ਸੀ।
ਇਸ ਸਬੰਧੀ ਮ੍ਰਿਤਕ ਨੌਜਵਾਨ ਮਨਦੀਪ ਸਿੰਘ ਦੇ ਪਿਤਾ ਰਜਿੰਦਰ ਸਿੰਘ ਨੇ ਪਿੰਡ ਵਾਸੀਆਂ ਦੀ ਹਾਜ਼ਰੀ ਵਿੱਚ ਭਰੇ ਮਨ ਨਾਲ ਦੱਸਿਆ ਕਿ ਉਨ੍ਹਾਂ ਦਾ ਪੁੱਤਰ ਕਰੀਬ ਸਾਲ 2013 ਵਿੱਚ ਵਿਦਿਆਰਥੀ ਵੀਜ਼ੇ 'ਤੇ ਨਿਊਜ਼ੀਲੈਂਡ ਗਿਆ ਸੀ, ਜਿੱਥੇ ਉਸ ਨੇ ਪੜ੍ਹਾਈ ਦੇ ਨਾਲ-ਨਾਲ ਸਖ਼ਤ ਮਿਹਨਤ ਕਰਕੇ ਦਸ ਸਾਲ ਬਾਅਦ ਨਿਊਜ਼ੀਲੈਂਡ ਦੇ ਪੱਕੇ ਨਾਗਰਿਕ ਹੋਣ ਦੇ ਦਸਤਾਵੇਜ ਹਾਸਲ ਕੀਤੇ ਸਨ।
ਇਹ ਵੀ ਪੜ੍ਹੋ: ਜਲੰਧਰ 'ਚ CM ਭਗਵੰਤ ਮਾਨ ਦੀ ਵਾਲੰਟੀਅਰਾਂ ਨਾਲ ਮਿਲਣੀ, ਵਿਰੋਧੀਆਂ 'ਤੇ ਸਾਧੇ ਤਿੱਖੇ ਨਿਸ਼ਾਨੇ
ਉਨ੍ਹਾਂ ਕਿਹਾ ਕਿ ਪਿਛਲੇ ਦਿਨੀਂ ਨਿਊਜ਼ੀਲੈਂਡ ਵਿੱਖੇ ਘਰ ਵਿਚ ਤਿਲਕਣ ਨਾਲ ਮਨਦੀਪ ਸਿੰਘ ਦੇ ਸਿਰ ਵਿੱਚ ਸੱਟ ਲਗ ਗਈ ਅਤੇ ਉਸ ਦੀ ਸਿਹਤ ਵਿਗੜਨੀ ਸ਼ੁਰੂ ਹੋ ਗਈ, ਜਿਸ ਕਰਕੇ ਉਸ ਨੂੰ ਨਿਊਜ਼ੀਲੈਂਡ ਦੇ ਸ਼ਹਿਰ ਵੇਲਿੰਗਟਨ ਦੇ ਰਿਜਨਲ ਹਸਪਤਾਲ ਦਾਖ਼ਲ ਕਰਵਾਇਆ ਗਿਆ ਸੀ। ਪਰਿਵਾਰਕ ਮੈਂਬਰਾਂ ਅਨੁਸਾਰ ਉੱਥੋਂ ਦੇ ਡਾਕਟਰਾਂ ਨੇ ਦੱਸਿਆ ਕਿ ਸੱਟ ਲਗਣ ਨਾਲ ਮਨਦੀਪ ਸਿੰਘ ਦੇ ਸਿਰ ਵਿੱਚ ਕਲੌਟ ਬਣ ਗਿਆ ਸੀ ਅਤੇ ਇਸ ਬੀਮਾਰੀ ਦਾ ਇਲਾਜ ਕੀਤਾ ਜਾ ਰਿਹਾ ਸੀ ਪਰ 4 ਅਪ੍ਰੈਲ ਨੂੰ ਮਨਦੀਪ ਸਿੰਘ ਦੀ ਮੌਤ ਹੋ ਗਈ। ਇਸ ਮੌਕੇ ਪਿੰਡ ਵਾਸੀਆਂ ਨੇ ਦੱਸਿਆ ਕਿ ਮਨਦੀਪ ਸਿੰਘ ਦੀ ਅਚਾਨਕ ਇਲਾਜ ਦੌਰਾਨ ਹੋਈ ਮੌਤ ਨਾਲ ਪਰਿਵਾਰ ਨੂੰ ਡੂੰਘਾ ਸਦਮਾ ਪੁੱਜਾ ਹੈ। ਉਨ੍ਹਾਂ ਮਨਦੀਪ ਸਿੰਘ ਦੀ ਲਾਸ਼ ਪਿੰਡ ਲਿਆਉਣ ਲਈ ਪ੍ਰਸ਼ਾਸਨ ਤੋਂ ਮਦਦ ਦੀ ਗੁਹਾਰ ਲਗਾਈ ਹੈ।
ਇਹ ਵੀ ਪੜ੍ਹੋ: ਪੰਜਾਬ ਵਿਚ ਭਲਕੇ ਰਹੇਗੀ ਛੁੱਟੀ, ਸਕੂਲ, ਕਾਲਜ ਤੇ ਸਰਕਾਰੀ ਅਦਾਰੇ ਰਹਿਣਗੇ ਬੰਦ
ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8