ਫਿਰੋਜ਼ਪੁਰ ''ਚ ਪੰਜਾਬ ਰੋਡਵੇਜ਼ ਤੇ ਪਨਬਸ ਦੇ ਕੱਚੇ ਮੁਲਾਜ਼ਮਾਂ ਨੇ ਕੀਤੀ ਗੇਟ ਰੈਲੀ
Monday, Aug 02, 2021 - 04:22 PM (IST)
ਫਿਰੋਜ਼ਪੁਰ (ਕੁਮਾਰ) : ਪੰਜਾਬ ਰੋਡਵੇਜ਼ ਅਤੇ ਪਨਬੱਸ ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ ਅਤੇ ਪੀ. ਆਰ. ਟੀ. ਸੀ. ਦੇ ਕੱਚੇ ਮੁਲਾਜ਼ਮਾਂ ਦੀ ਕਮੇਟੀ ਵੱਲੋਂ ਦਿੱਤੇ ਗਏ ਪ੍ਰੋਗਰਾਮ ਅਨੁਸਾਰ ਫਿਰੋਜ਼ਪੁਰ ’ਚ ਅੱਜ ਪ੍ਰਧਾਨ ਰੇਸ਼ਮ ਸਿੰਘ ਗਿੱਲ, ਡਿਪੂ ਪ੍ਰਧਾਨ ਤਜਿੰਦਰ ਸਿੰਘ ਅਤੇ ਕਮਲਜੀਤ ਸਿੰਘ ਦੀ ਅਗਵਾਈ ਹੇਠ ਗੇਟ ਰੈਲੀ ਕੀਤੀ ਗਈ। ਰੋਸ ਪ੍ਰਗਟ ਕਰਦੇ ਹੋਏ ਯੂਨੀਅਨ ਦੇ ਆਗੂਆਂ ਨੇ ਕਿਹਾ ਕਿ ਪੰਜਾਬ ਵਿੱਚ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਨੂੰ ਸੱਤਾ ’ਚ ਆਏ ਹੋਏ ਕਰੀਬ ਸਾਢੇ 4 ਸਾਲ ਹੋ ਗਏ ਹਨ ਪਰ ਕੀਤੇ ਵਾਅਦੇ ਅਨੁਸਾਰ ਇਸ ਸਰਕਾਰ ਨੇ ਕੱਚੇ ਮੁਲਾਜ਼ਮਾਂ ਨੂੰ ਹੁਣ ਤੱਕ ਪੱਕਾ ਨਹੀਂ ਕੀਤਾ ਅਤੇ ਮੰਗਾਂ ਨਹੀਂ ਮੰਨੀਆਂ।
ਉਨ੍ਹਾਂ ਨੇ ਕਿਹਾ ਕਿ ਜੇਕਰ ਕੈਪਟਨ ਸਰਕਾਰ ਫਿਰ ਤੋਂ ਸੱਤਾ ’ਚ ਆਉਣਾ ਚਾਹੁੰਦੀ ਹੈ ਤਾਂ ਪਹਿਲਾਂ ਪੰਜਾਬ ਵਿੱਚ ਟਰਾਂਸਪੋਰਟ ਮਾਫ਼ੀਆ ਖ਼ਤਮ ਕਰੇ, ਘਰ-ਘਰ ਵਿੱਚ ਰੁਜ਼ਗਾਰ ਦੇਵੇ, ਰੇਤ ਮਾਫੀਆ, ਕੇਬਲ ਮਾਫੀਆ, ਨਸ਼ਾ ਮਾਫੀਆ ਖ਼ਤਮ ਕਰਨ ਦੇ ਨਾਲ-ਨਾਲ ਪੰਜਾਬ ਦੇ ਸਾਰੇ ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰੇ, ਉਸ ਤੋਂ ਬਾਅਦ ਲੋਕ ਦੇਖਣਗੇ ਕਿ ਕਿਸ ਪਾਰਟੀ ਦੀ ਸਰਕਾਰ ਨੂੰ ਸੱਤਾ ਵਿੱਚ ਲਿਆਉਣਾ ਹੈ। ਉਨ੍ਹਾਂ ਨੇ ਦੱਸਿਆ ਕਿ 10 ਦਿਨ ਪਹਿਲਾਂ ਪੰਜਾਬ ਦੇ ਟਰਾਂਸਪੋਰਟ ਮੰਤਰੀ ਨਾਲ ਲੁਧਿਆਣਾ ਵਿਚ ਮੀਟਿੰਗ ਹੋਈ ਸੀ, ਜਿਸ ਵਿੱਚ ਮੰਤਰੀ ਵੱਲੋਂ ਯੂਨੀਅਨ ਨੂੰ 10 ਦਿਨ ’ਚ ਪ੍ਰਪੋਜ਼ਲ ਬਣਾ ਕੇ ਦੇਣ ਲਈ ਕਿਹਾ ਗਿਆ ਸੀ ਅਤੇ ਪ੍ਰਪੋਜ਼ਲ ਦੇਣ ਦੇ ਬਾਵਜੂਦ ਵੀ ਕਾਫ਼ੀ ਦਿਨ ਨਿਕਲ ਗਏ ਹਨ ਪਰ ਹੁਣ ਤਕ ਸਰਕਾਰ ਨੇ ਉਨ੍ਹਾਂ ਦੀਆਂ ਮੰਗਾਂ ਨਹੀਂ ਮੰਨੀਆਂ।
ਉਨ੍ਹਾਂ ਚਿਤਾਵਨੀ ਦਿੰਦੇ ਹੋਏ ਕਿਹਾ ਕਿ ਜੇਕਰ ਸਰਕਾਰ ਨੇ ਜਲਦ ਉਨ੍ਹਾਂ ਦੀਆਂ ਮੰਗਾਂ ਨਹੀਂ ਮੰਨੀਆਂ ਤਾਂ ਪਨਬੱਸ ਅਤੇ ਪੀ. ਆਰ. ਟੀ. ਸੀ. ਦੇ ਸਾਰੇ ਮੁਲਾਜ਼ਮ 9, 10 ਤੇ 11 ਅਗਸਤ ਨੂੰ 3 ਰੋਜ਼ਾ ਹੜਤਾਲ ਕਰਨ ਦੇ ਲਈ ਮਜਬੂਰ ਹੋਣਗੇ ਤੇ ਕੈਪਟਨ ਅਮਰਿੰਦਰ ਸਿੰਘ ਤੇ ਨਵਜੋਤ ਸਿੰਘ ਸਿੱਧੂ ਦੇ ਘਰ ਦੇ ਸਾਹਮਣੇ ਵਿਰੋਧ ਪ੍ਰਦਰਸ਼ਨ ਕਰਨਗੇ।