ਚੋਣ ਪ੍ਰਚਾਰ ਦੌਰਾਨ ਬੋਲੇ ਭਗਵੰਤ ਮਾਨ, ਕਿਹਾ-ਲੋਕਤੰਤਰ ਅਤੇ ਸੰਵਿਧਾਨ ਨੂੰ ਬਚਾਉਣ ਲਈ ਹੋ ਜਾਓ ਤਿਆਰ
Sunday, May 26, 2024 - 08:54 AM (IST)
ਚੰਡੀਗੜ੍ਹ/ਜਲੰਧਰ/ਅੰਮ੍ਰਿਤਸਰ (ਅੰਕੁਰ, ਧਵਨ)- ਮੁੱਖ ਮੰਤਰੀ ਭਗਵੰਤ ਮਾਨ ਨੇ ਸ਼ਨੀਵਾਰ ਨੂੰ ਅੰਮ੍ਰਿਤਸਰ ਤੋਂ ‘ਆਪ’ ਉਮੀਦਵਾਰ ਕੁਲਦੀਪ ਸਿੰਘ ਧਾਲੀਵਾਲ ਲਈ ਚੋਣ ਪ੍ਰਚਾਰ ਕੀਤਾ। ਮਾਨ ਨੇ ਰਾਜਾਸਾਂਸੀ, ਅਜਨਾਲਾ ਅਤੇ ਮਜੀਠਾ ਵਿਚ ‘ਆਪ’ ਉਮੀਦਵਾਰ ਦੇ ਹੱਕ ’ਚ ਰੋਡ ਸ਼ੋਅ ਕੀਤਾ। ਗਰਮੀ ਦੇ ਬਾਵਜੂਦ ਹਜ਼ਾਰਾਂ ਦੀ ਗਿਣਤੀ ਵਿਚ ਲੋਕ ਮਾਨ ਦੇ ਰੋਡ ਸ਼ੋਅ ਵਿਚ ਸ਼ਾਮਲ ਹੋਏ। ਲੋਕਾਂ ਨੇ ਵਾਅਦਾ ਕੀਤਾ ਕਿ ਉਹ ਅੰਮ੍ਰਿਤਸਰ ਵਿਚੋਂ ਬਾਕੀ ਸਾਰੀਆਂ ਸਿਆਸੀ ਪਾਰਟੀਆਂ ਦਾ ਸਫ਼ਾਇਆ ਕਰਨ ਲਈ ਤਿਆਰ ਹਨ। ਉਹ ਸਿਰਫ਼ ‘ਆਪ’ ਨੂੰ ਹੀ ਵੋਟ ਪਾਉਣਗੇ ਅਤੇ 4 ਜੂਨ ਨੂੰ ਅੰਮ੍ਰਿਤਸਰ ਵਿਚ ‘ਆਪ’ ਵੱਡੇ ਫਰਕ ਨਾਲ ਜਿੱਤ ਪ੍ਰਾਪਤ ਕਰੇਗੀ।
ਰਾਜਾਸਾਂਸੀ ਵਿਚ ਲੋਕਾਂ ਨੂੰ ਸੰਬੋਧਨ ਕਰਦਿਆਂ ਭਗਵੰਤ ਮਾਨ ਨੇ ਕਿਹਾ ਕਿ ਲੋਕਤੰਤਰ ਅਤੇ ਸੰਵਿਧਾਨ ਨੂੰ ਬਚਾਉਣ ਲਈ ਤਿਆਰ ਹੋ ਜਾਓ, ਵੋਟ ਦੇ ਅਧਿਕਾਰ ਦੀ ਵਰਤੋਂ ਕਰਨ ਲਈ ਤਿਆਰ ਹੋ ਜਾਓ। ਵੋਟ ਦਾ ਅਧਿਕਾਰ ਸਾਡੇ ਆਜ਼ਾਦੀ ਘੁਲਾਟੀਆਂ ਨੇ ਆਪਣੀਆਂ ਜਾਨਾਂ ਕੁਰਬਾਨ ਕਰਕੇ ਸਾਡੇ ਲਈ ਕਮਾਇਆ ਸੀ। ਮਾਨ ਨੇ ਕਿਹਾ ਕਿ ਉਹ ਖ਼ੁਸ਼ ਹਨ ਕਿ ਲੋਕ ਇਸ ਭਿਆਨਕ ਗਰਮੀ ਦੇ ਬਾਵਜੂਦ ਆਪਣੇ ਘਰਾਂ ਤੋਂ ਬਾਹਰ ਆ ਕੇ ਸਾਨੂੰ ਸਮਰਥਨ ਦੇ ਰਹੇ ਹਨ। ਉਨ੍ਹਾਂ ਕਿਹਾ ਕਿ ਉਹ ਉਨ੍ਹਾਂ ਦੇ ਪਿਆਰ ਅਤੇ ਸਮਰਥਨ ਦਾ ਕਰਜ਼ਾ ਕਦੇ ਨਹੀਂ ਚੁਕਾ ਸਕਦੇ।
ਪੜ੍ਹੋ ਇਹ ਅਹਿਮ ਖ਼ਬਰ-ਰਾਹੁਲ ਗਾਂਧੀ ਦਾ ਵੱਡਾ ਐਲਾਨ, ਕਿਹਾ-ਸ੍ਰੀ ਹਰਿਮੰਦਰ ਸਾਹਿਬ ਨੂੰ ਬਣਾਇਆ ਜਾਵੇਗਾ ਗਲੋਬਲ ਸੈਂਟਰ
ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਦੇ ਵਿਧਾਨ ਸਭਾ ਹਲਕੇ ਅਜਨਾਲਾ ਵਿਚ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਦੇ ਕੈਬਨਿਟ ਮੰਤਰੀ ਵਜੋਂ ਕੁਲਦੀਪ ਧਾਲੀਵਾਲ ਨੇ 10,000 ਏਕੜ ਨਾਜਾਇਜ਼ ਕਬਜ਼ਿਆਂ ਨੂੰ ਪ੍ਰਭਾਵਸ਼ਾਲੀ ਲੋਕਾਂ ਤੋਂ ਛੁਡਵਾਇਆ ਹੈ। ਉਹ ਪੰਜਾਬ ਦੀਆਂ ਸਭ ਤੋਂ ਮਜ਼ਬੂਤ ਆਵਾਜ਼ਾਂ ਵਿਚੋਂ ਇਕ ਹਨ। ਮਜੀਠਾ ਵਿਚ ਉਨ੍ਹਾਂ ਲੋਕਾਂ ਨੂੰ ਬਦਲਾਅ ਲਈ ਵੋਟ ਪਾਉਣ ਦੀ ਅਪੀਲ ਕੀਤੀ। ਇਸ ਰੋਡ ਸ਼ੋਅ ਦੌਰਾਨ ਲੋਕਾਂ ਨੂੰ ਸੰਬੋਧਨ ਕਰਦਿਆਂ ‘ਆਪ’ ਉਮੀਦਵਾਰ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਅਸੀਂ ਆਪਣੀਆਂ ਵੋਟਾਂ ਰਾਹੀਂ ਬਿਕਰਮ ਮਜੀਠੀਆ ਦੀ ਗੁੰਡਾਗਰਦੀ ਨੂੰ ਠੱਲ੍ਹ ਪਾਉਣੀ ਹੈ। ਇਕ ਵਾਰ ਅਕਾਲੀ ਆਗੂ ਬਿਕਰਮ ਮਜੀਠੀਆ ਵਰਗੇ ਲੋਕ ਹਾਰ ਗਏ ਅਤੇ ਉਨ੍ਹਾਂ ਕੋਲ ਕੋਈ ਤਾਕਤ ਨਹੀਂ ਰਹੀ ਤਾਂ ਅੰਮ੍ਰਿਤਸਰ ਦੇ ਲੋਕ ਝੂਠੇ ਕੇਸਾਂ ਦੇ ਖ਼ਤਰੇ ਤੋਂ ਮੁਕਤ ਹੋ ਜਾਣਗੇ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।