ਘੱਲੂਘਾਰਾ ਦਿਵਸ : ਸ੍ਰੀ ਹਰਿਮੰਦਰ ਸਾਹਿਬ ਦੇ ਆਲੇ-ਦੁਆਲੇ ਵਧਾਏ ਸਖ਼ਤ ਸੁਰੱਖਿਆ ਪ੍ਰਬੰਧ

06/02/2022 11:27:21 AM

ਅੰਮ੍ਰਿਤਸਰ (ਸੰਜੀਵ) - 6 ਜੂਨ ਨੂੰ ਗਰਮ ਖਿਆਲੀ ਸਿੱਖ ਸੰਗਤ ਵਲੋਂ ਮਨਾਏ ਜਾ ਰਹੇ ਘੱਲੂਘਾਰਾ ਦਿਵਸ ਨੂੰ ਲੈ ਕੇ ਜਿੱਥੇ ਪੂਰੇ ਜ਼ੋਰਾਂ-ਸ਼ੋਰਾਂ ਨਾਲ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ, ਉਥੇ ਹੀ ਕਮਿਸ਼ਨ੍ਰੇਟ ਪੁਲਸ ਨੇ ਵੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਆਲੇ-ਦੁਆਲੇ (ਚਾਰੇ ਪਾਸਿਓਂ) ਸਖ਼ਤ ਸੁਰੱਖਿਆ ਪ੍ਰਬੰਧ ਕਰ ਦਿੱਤੇ ਹਨ। ਇਕ ਪਾਸੇ ਸ਼ਹਿਰ ਦੀ ਕਾਨੂੰਨ ਵਿਵਸਥਾ ਬਣਾਏ ਰੱਖਣ ਲਈ ਪੁਲਸ ਵਲੋਂ ਪੁਖ਼ਤਾ ਪ੍ਰਬੰਧ ਕੀਤੇ ਜਾ ਰਹੇ ਹਨ, ਉਥੇ ਹੀ ਕਿਸੇ ਵੀ ਅਣਸੁਖਾਵੀਂ ਘਟਨਾ ਨਾਲ ਨਜਿੱਠਣ ਲਈ ਪੁਲਸ ਫੋਰਸ ਨੂੰ 24 ਘੰਟੇ ਨਾਕਿਆਂ ’ਤੇ ਰਹਿਣ ਤੋਂ ਇਲਾਵਾ ਚੌਕਸ ਰਹਿਣ ਦੇ ਨਿਰਦੇਸ਼ ਦਿੱਤੇ ਗਏ ਹਨ। ਪੁਲਸ ਕਮਿਸ਼ਨਰ ਅਰੁਣ ਪਾਲ ਸਿੰਘ ਵਲੋਂ ਜ਼ਿਲ੍ਹੇ ਦੇ ਸਮੂਹ ਉੱਚ ਅਧਿਕਾਰੀਆਂ ਦੇ ਨਾਲ-ਨਾਲ ਥਾਣਾ ਮੁਖੀਆਂ ਅਤੇ ਚੌਕੀ ਇੰਚਾਰਜਾਂ ਨੂੰ ਕਾਨੂੰਨ ਤੋੜਨ ਵਾਲਿਆਂ ਨਾਲ ਸਖ਼ਤੀ ਨਾਲ ਨਜਿੱਠਣ ਦੇ ਹੁਕਮ ਦਿੱਤੇ ਹਨ।

ਪੁਲਸ ਕਮਿਸ਼ਨਰ ਅਰੁਣ ਪਾਲ ਸਿੰਘ ਅਤੇ ਡੀ. ਸੀ. ਪੀ. ਲਾਅ ਐਂਡ ਆਰਡਰ ਪਰਮਿੰਦਰ ਸਿੰਘ ਭੰਡਾਲ ਨੇ ਸ਼ਹਿਰ ਦੇ ਸੁਰੱਖਿਆ ਘੇਰੇ ਦਾ ਜਾਇਜ਼ਾ ਲਿਆ ਅਤੇ ਅਧਿਕਾਰੀਆਂ ਨੂੰ ਹਰ ਸਥਿਤੀ ਨਾਲ ਨਜਿੱਠਣ ਲਈ ਤਤਪਰ ਰਹਿਣ ਲਈ ਕਿਹਾ। ਗਲਿਆਰਾ ਇਲਾਕੇ ਦੇ ਆਲੇ-ਦੁਆਲੇ ਬਣੇ ਸਮੂਹ ਹੋਟਲਾਂ ਅਤੇ ਗੈਸਟ ਹਾਊਸ ਮਾਲਕਾਂ ਨੂੰ ਖਾਸ ਨਿਰਦੇਸ਼ ਦਿੱਤੇ ਗਏ ਹਨ ਕਿ ਕਿਸੇ ਵਿਅਕਤੀ ਨੂੰ ਬਿਨਾਂ ਪਛਾਣ ਪੱਤਰ ਤੋਂ ਕਮਰਾ ਨਾ ਦਿੱਤਾ ਜਾਵੇ। ਸਾਰਿਆਂ ਨੂੰ ਰਿਸੈਪਸ਼ਨ ਅਤੇ ਬਾਹਰ ਸੀ. ਸੀ. ਟੀ. ਵੀ. ਕੈਮਰਿਆਂ ਨੂੰ ਚਾਲੂ ਰੱਖਣ ਦੇ ਵੀ ਨਿਰਦੇਸ਼ ਹਨ, ਤਾਂ ਕਿ ਕੋਈ ਵੀ ਸ਼ੱਕੀ ਵਿਅਕਤੀ ਹੋਟਲ ਵਿਚ ਰੁਕ ਕੇ ਆਪਣੇ ਕਿਸੇ ਵੀ ਮਨਸੂਬੇ ਨੂੰ ਅੰਜਾਮ ਨਾ ਦੇ ਸਕੇ।

ਦੁਕਾਨਾਂ ਦੇ ਬਾਹਰ ਸਾਮਾਨ ਨਾ ਰੱਖਣ ਦੀ ਹਦਾਇਤ
6 ਜੂਨ ਤੱਕ ਸ੍ਰੀ ਹਰਿਮੰਦਰ ਸਾਹਿਬ ਨੂੰ ਜਾਣ ਵਾਲੇ ਰਸਤਿਆਂ ਅਤੇ ਆਲੇ-ਦੁਆਲੇ ਦੇ ਦੁਕਾਨਦਾਰਾਂ ਨੂੰ ਆਪਣੀਆਂ ਦੁਕਾਨਾਂ ਦੇ ਬਾਹਰ ਕਿਸੇ ਤਰ੍ਹਾਂ ਦੀ ਵੀ ਭੀੜ ਇਕੱਠੀ ਕਰਨ ’ਤੇ ਮਨਾਹੀ ਕੀਤੀ ਗਈ ਹੈ। ਇਹ ਵੀ ਨਿਰਦੇਸ਼ ਦਿੱਤੇ ਗਏ ਹਨ ਕਿ ਕੋਈ ਵੀ ਸ਼ੱਕੀ ਵਿਅਕਤੀ ਅਤੇ ਚੀਜ਼ ਨੂੰ ਦੇਖਦੇ ਹੀ ਤੁਰੰਤ ਪੁਲਸ ਨੂੰ ਸੂਚਨਾ ਦਿੱਤੀ ਜਾਵੇ।

ਅਰਧ-ਸੈਨਿਕ ਬਲਾਂ ਅਤੇ ਪੰਜਾਬ ਪੁਲਸ ਨੇ ਕੱਢਿਆ ਫਲੈਗ ਮਾਰਚ
ਅੱਜ ਅਰਧ ਸੈਨਿਕ ਬਲਾਂ ਦੀਆਂ ਟੁਕੜੀਆਂ ਅਤੇ ਪੰਜਾਬ ਪੁਲਸ ਦੇ ਅਧਿਕਾਰੀਆਂ ਵਲੋਂ ਗਲਿਆਰਾ ਖੇਤਰ ਵਿਚ ਫਲੈਗ ਮਾਰਚ ਕੱਢਿਆ ਗਿਆ, ਜਿਸ ਵਿਚ ਸ਼ਹਿਰ ਵਾਸੀਆਂ ਦੇ ਮਨੋਬਲ ਨੂੰ ਵਧਾਉਣ ਲਈ ਪੁਲਸ ਨੇ ਆਪਣੀ ਹਾਜ਼ਰੀ ਦਰਜ ਕਰਵਾਈ।


rajwinder kaur

Content Editor

Related News