ਅਹੁਦਾ ਸੰਭਾਲਦੇ ਹੀ ਜਲੰਧਰ ਦੇ ਡੀ. ਸੀ. ਦਾ ਐਕਸ਼ਨ, ਕਾਮਿਆਂ ਨੂੰ ਦਿੱਤੀ ਇਹ ਚਿਤਾਵਨੀ

Wednesday, Jun 17, 2020 - 04:41 PM (IST)

ਅਹੁਦਾ ਸੰਭਾਲਦੇ ਹੀ ਜਲੰਧਰ ਦੇ ਡੀ. ਸੀ. ਦਾ ਐਕਸ਼ਨ, ਕਾਮਿਆਂ ਨੂੰ ਦਿੱਤੀ ਇਹ ਚਿਤਾਵਨੀ

ਜਲੰਧਰ (ਚੋਪੜਾ)— ਡਿਪਟੀ ਕਮਿਸ਼ਨਰ ਘਨਸ਼ਾਮ ਥੋਰੀ ਆਪਣਾ ਅਹੁਦਾ ਸੰਭਾਲਦੇ ਹੀ ਐਕਸ਼ਨ 'ਚ ਆ ਗਏ ਹਨ। ਉਨ੍ਹਾਂ ਨੇ ਮੰਗਲਵਾਰ ਅਹੁਦਾ ਸੰਭਾਲਦੇ ਹੀ ਪ੍ਰਸ਼ਾਸਨਿਕ, ਸਿਹਤ ਸਹਿਤ ਮਹਿਕਮਾ, ਆਬਕਾਰੀ ਮਹਿਕਮਾ ਸਮੇਤ ਵੱਖ-ਵੱਖ ਮਹਿਕਮਿਆਂ ਦੇ ਅਧਿਕਾਰੀਆਂ ਨਾਲ ਤਾਬੜਤੋੜ ਮੀਟਿੰਗਾਂ ਕੀਤੀਆਂ। ਇਸ ਦੌਰਾਨ ਉਨ੍ਹਾਂ ਨੇ ਆਪਣੀ ਤੇਜ਼ ਤਰਾਰ ਕਾਰਜਸ਼ੈਲੀ ਤੋਂ ਜਾਣੂ ਕਰਵਾਉਂਦੇ ਹੋਏ ਜਿੱਥੇ ਮਹਿਕਮੇ ਦੇ ਕਾਮਿਆਂ ਨੂੰ ਚਿਤਾਵਨੀ ਦਿੱਤੀ ਕਿ ਉਹ ਦਫ਼ਤਰਾਂ ਨਾਲ ਸਬੰਧਤ ਕੰਮਾਂ 'ਚ ਲੇਟ-ਲਤੀਫੀ ਬਰਦਾਸ਼ਤ ਨਹੀਂ ਕਰਨਗੇ, ਉਥੇ ਹੀ ਕੋਵਿਡ-19 ਦੇ ਪ੍ਰਬੰਧਾਂ ਅਤੇ ਜ਼ਿਲ੍ਹੇ 'ਚ ਨਾਜਾਇਜ਼ ਸ਼ਰਾਬ ਮਾਫੀਆ ਖ਼ਿਲਾਫ਼ ਸਖ਼ਤ ਕਾਰਵਾਈ ਦੇ ਹੁਕਮ ਜਾਰੀ ਕਰਕੇ ਅਧਿਕਾਰੀਆਂ ਅਤੇ ਕਾਮਿਆਂ ਸਾਹਮਣੇ ਆਪਣਾ ਨਜ਼ਰੀਆ ਸਪੱਸ਼ਟ ਕਰ ਦਿੱਤਾ। ਜ਼ਿਕਰਯੋਗ ਹੈ ਕਿ ਜਲੰਧਰ ਦੇ ਸਾਬਕਾ ਡਿਪਟੀ ਕਮਿਸ਼ਨਰ ਵਰਿੰਦਰ ਕੁਮਾਰ ਸ਼ਰਮਾ ਵਾਂਗ ਇਕ ਵਾਰ ਫਿਰ ਤਜਰਬੇਕਾਰ ਅਤੇ ਨੌਜਵਾਨ ਡਿਪਟੀ ਕਮਿਸ਼ਨਰ ਜ਼ਿਲ੍ਹੇ ਨੂੰ ਮਿਲਿਆ ਹੈ।

PunjabKesari

ਕੋਵਿਡ-19 ਦੇ ਪ੍ਰਬੰਧਾਂ ਦਾ ਲਿਆ ਜਾਇਜ਼ਾ
ਡਿਪਟੀ ਕਮਿਸ਼ਨਰ ਘਨਸ਼ਾਮ ਥੋਰੀ ਨੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕੋਰੋਨਾ ਮਹਾਮਾਰੀ ਦਾ ਮੁਕਾਬਲਾ ਕਰਨ ਲਈ ਤਿਆਰੀਆਂ ਦਾ ਜਾਇਜ਼ਾ ਲੈਂਦੇ ਹੋਏ ਸਿਹਤ ਮਹਿਕਮੇ ਨੂੰ ਹਦਾਇਤਾਂ ਦਿੱਤੀਆਂ ਕਿ ਉਹ ਜਲੰਧਰ ਨੂੰ ਕੋਰੋਨਾ ਮੁਕਤ ਬਣਾਉਣ ਲਈ ਹਰ ਤਰ੍ਹਾਂ ਦੇ ਪ੍ਰਬੰਧਾਂ ਨੂੰ ਪੂਰਾ ਕਰੇ। ਮੰਗਲਵਾਰ ਪ੍ਰਸ਼ਾਸਨਿਕ ਕੰਪਲੈਕਸ 'ਚ ਉੱਚ ਪੱਧਰੀ ਬੈਠਕ ਦੀ ਪ੍ਰਧਾਨਗੀ ਕਰਦੇ ਹੋਏ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਕੋਰੋਨਾ ਵਾਇਰਸ ਖ਼ਿਲਾਫ਼ ਜੰਗ 'ਚ ਹਰ ਹਾਲ ਜਿੱਤ ਪ੍ਰਾਪਤ ਕਰਨੀ ਹੈ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਰੋਗ ਦੀ ਪਛਾਣ ਅਤੇ ਇਲਾਜ ਨੂੰ ਯਕੀਨੀ ਬਣਾਇਆ ਗਿਆ ਹੈ। ਇਸ ਮੌਕੇ ਸਿਵਲ ਸਰਜਨ ਡਾ. ਗੁਰਿੰਦਰ ਕੌਰ ਚਾਵਲਾ ਅਤੇ ਮੈਡੀਕਲ ਸੁਪਰਡੈਂਟ ਡਾ. ਹਰਿੰਦਰ ਸਿੰਘ ਵਲੋਂ ਡਿਪਟੀ ਕਮਿਸ਼ਨਰ ਨੂੰ ਜ਼ਿਲੇ ਨਾਲ ਸਬੰਧਤ 381 ਸਰਗਰਮ ਕੋਰੋਨਾ ਵਾਇਰਸ ਦੇ ਮਾਮਲਿਆਂ ਦੀ ਰਿਪੋਰਟ ਦਿੰਦੇ ਹੋਏ ਮਹਾਮਾਰੀ ਨੂੰ ਰੋਕਣ ਲਈ ਕੀਤੇ ਜਾ ਰਹੇ ਪ੍ਰਬੰਧਾਂ ਬਾਰੇ ਵੀ ਦੱਸਿਆ।

PunjabKesari

ਸ਼ਰਾਬ ਮਾਫੀਆ ਖਿਲਾਫ ਸਖ਼ਤ ਕਾਰਵਾਈ ਹੋਵੇ
ਡਿਪਟੀ ਕਮਿਸ਼ਨਰ ਘਨਸ਼ਾਮ ਥੋਰੀ ਨੇ ਆਬਕਾਰੀ ਮਹਿਕਮੇ ਦੇ ਅਧਿਕਾਰੀ ਨੂੰ ਹੁਕਮ ਦਿੱਤੇ ਹਨ ਕਿ ਜ਼ਿਲ੍ਹੇ 'ਚ ਸ਼ਰਾਬ ਦੀ ਸਮਗਲਿੰਗ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ। ਵਿਭਾਗੀ ਅਧਿਕਾਰੀਆਂ ਨਾਲ ਮੀਟਿੰਗ ਦੀ ਪ੍ਰਧਾਨਗੀ ਕਰਦੇ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਕਿਸੇ ਵੀ ਅਜਿਹੀ ਕਾਰਵਾਈ 'ਚ ਸ਼ਾਮਲ ਮੁਲਜ਼ਮਾਂ ਖ਼ਿਲਾਫ਼ ਡਿਜਾਸਟਰ ਮੈਨੇਜਮੈਂਟ ਅਤੇ ਐਪੀਡੈਮਿਕ ਐਕਟ ਅਧੀਨ ਕਾਰਵਾਈ ਨੂੰ ਯਕੀਨੀ ਬਣਾਇਆ ਜਾਵੇ। ਉਨ੍ਹਾਂ ਕਿਹਾ ਕਿ ਆਉਣ ਵਾਲੇ ਦਿਨਾਂ 'ਚ ਸ਼ਰਾਬ ਦੀ ਸਮੱਗਲਿੰਗ ਨੂੰ ਰੋਕਣ ਲਈ ਵਿਸ਼ੇਸ਼ ਮੁਹਿੰਮ ਚਲਾਈ ਜਾਵੇ, ਜਿਸ ਨੂੰ ਨਿਰੰਤਰ ਜਾਰੀ ਰੱਖਿਆ ਜਾਵੇ।

ਫਾਈਲਾਂ ਲਟਕਾਉਣ ਵਾਲੇ ਕਾਮਿਆਂ ਖਿਲਾਫ ਕੀਤੀ ਜਾਵੇਗੀ ਸਖ਼ਤ ਕਾਰਵਾਈ
ਜ਼ਿਲ੍ਹਾ ਪ੍ਰਸ਼ਾਸਨਿਕ ਕੰਪਲੈਕਸ 'ਚ ਆਉਣ ਵਾਲੇ ਲੋਕਾਂ ਦੇ ਕੰਮਾਂ ਨੂੰ ਪਹਿਲ ਦਿੱਤੀ ਜਾਵੇ। ਬਿਨਾਂ ਵਜ੍ਹਾ ਕੰਮ ਦੇਰੀ ਨਾਲ ਕਰਨ ਵਾਲੇ ਕਾਮਿਆਂ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਕਤ ਨਿਰਦੇਸ਼ ਡਿਪਟੀ ਕਮਿਸ਼ਨਰ ਘਨਸ਼ਾਮ ਥੋਰੀ ਨੇ ਸਬੰਧਤ ਮਹਿਕਮੇ ਦੇ ਕਾਮਿਆਂ ਨਾਲ ਇਕ ਬੈਠਕ ਦੌਰਾਨ ਦਿੱਤੇ। ਉਨ੍ਹਾਂ ਕਿਹਾ ਕਿ ਬਿਨਾਂ ਕਾਰਣ ਕੋਈ ਮਾਮਲਾ ਪੈਂਡਿੰਗ ਨਹੀਂ ਰਹਿਣਾ ਚਾਹੀਦਾ। ਉਨ੍ਹਾਂ ਵੱਲੋਂ ਲਗਾਤਾਰ ਪੈਂਡੈਂਸੀ ਦਾ ਜਾਇਜ਼ਾ ਲਿਆ ਜਾਵੇਗਾ।


author

shivani attri

Content Editor

Related News