5 ਅਕਤੂਬਰ ਤੋਂ ਡੀ. ਸੀ ਤੇ ਐੱਸਡੀਐੱਮ ਦਫ਼ਤਰਾਂ ਦੇ 24 ਘੰਟਿਆਂ ਦੇ ਘਿਰਾਓ ਦਾ ਐਲਾਨ
Friday, Oct 02, 2026 - 05:38 PM (IST)
ਲਾਲੜੂ (ਅਨਿਲ ਸ਼ਰਮਾ) : ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵੱਲੋਂ ਪੰਜਾਬ ਸਰਕਾਰ ਦੀਆਂ ਨੀਤੀਆਂ ਅਤੇ ਕਿਸਾਨਾਂ-ਮਜ਼ਦੂਰਾਂ ਨਾਲ ਕੀਤੇ ਵਾਅਦੇ ਪੂਰੇ ਨਾ ਕਰਨ ਦੇ ਵਿਰੋਧ ਵਿਚ 5 ਅਕਤੂਬਰ ਤੋਂ ਪੰਜਾਬ ਭਰ ਵਿਚ ਡਿਪਟੀ ਕਮਿਸ਼ਨਰਾਂ ਅਤੇ ਐੱਸਡੀਐੱਮ ਦਫ਼ਤਰਾਂ ਦੇ 24 ਘੰਟਿਆਂ ਦੇ ਲਗਾਤਾਰ ਘਿਰਾਓ ਕਰਨ ਦਾ ਐਲਾਨ ਕੀਤਾ ਗਿਆ। ਇਸ ਸੰਘਰਸ਼ ਦੀ ਤਿਆਰੀ ਵਜੋਂ ਜਥੇਬੰਦੀ ਵੱਲੋਂ ਪਿੰਡਾਂ ਵਿਚ ਜਾਗਰੂਕਤਾ ਮੁਹਿੰਮ ਚਲਾਈ ਜਾ ਰਹੀ ਹੈ। ਜਿਸ ਤਹਿਤ ਅੱਜ ਲਾਲੜੂ ਸਰਕਲ ਦੇ ਪਿੰਡ ਮਲਕਪੁਰ, ਖੇੜੀ ਜੱਟਾਂ, ਹਮਾਯੂੰਪੁਰ ਅਤੇ ਸਾਧਾਂਪੁਰ ਵਿਚ ਕਿਸਾਨਾਂ ਤੇ ਮਜ਼ਦੂਰਾਂ ਨਾਲ ਮੀਟਿੰਗਾਂ ਕੀਤੀਆਂ ਗਈਆਂ , ਜਿਸ ਵਿਚ ਜਥੇਬੰਦੀ ਦੇ ਸੂਬਾ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਨੇ ਵਿਸ਼ੇਸ਼ ਤੌਰ 'ਤੇ ਸ਼ਿਰਕਤ ਕੀਤੀ।
ਇਸ ਮੌਕੇ ਉਨ੍ਹਾਂ ਨਾਲ ਵਿਸ਼ੇਸ਼ ਗੱਲਬਾਤ ਦੌਰਾਨ ਕਿਹਾ ਕਿ 5 ਅਕਤੂਬਰ ਦੀ ਰਾਤ 12 ਵਜੇ ਤੋਂ ਸ਼ੁਰੂ ਹੋਣ ਵਾਲੇ ਘਿਰਾਓ ਅਗਲੇ ਦਿਨ ਰਾਤ 12 ਵਜੇ ਤੱਕ ਲਗਾਤਾਰ ਜਾਰੀ ਰਹਿਣਗੇ। ਜਿਸ ਦੌਰਾਨ ਵੱਡੇ ਸੰਘਰਸ਼ ਦਾ ਐਲਾਨ ਵੀ ਕੀਤਾ ਜਾਵੇਗਾ। ਉਨ੍ਹਾਂ ਦੋਸ਼ ਲਾਇਆ ਕਿ ਪੰਜਾਬ ਸਰਕਾਰ ਨੇ ਚੋਣਾਂ ਤੋਂ ਪਹਿਲਾਂ ਕਿਸਾਨਾਂ ਅਤੇ ਮਜ਼ਦੂਰਾਂ ਨਾਲ ਕੀਤੇ ਵਾਅਦੇ ਪੂਰੇ ਨਹੀਂ ਕੀਤੇ ਅਤੇ ਕਿਸਾਨ ਜਥੇਬੰਦੀਆਂ ਨਾਲ ਮੀਟਿੰਗਾਂ ਵਿਚ ਕੀਤੇ ਵਾਅਦੇ ਵੀ ਅਮਲ ਵਿਚ ਨਹੀਂ ਲਿਆਂਦੇ ਗਏ। ਉਨ੍ਹਾਂ ਕਿਹਾ ਕਿ ਜਥੇਬੰਦੀ ਅਮਰੀਕਾ ਨਾਲ ਕੀਤੇ ਵਪਾਰ ਸਮਝੌਤੇ ਦਾ ਵਿਰੋਧ ਕਰ ਰਹੀ ਹੈ। ਇਸ ਤੋਂ ਇਲਾਵਾ ਬਿਜਲੀ ਬਿੱਲ, ਬੀਜ ਬਿੱਲ ਅਤੇ ਸਾਰੀਆਂ ਫ਼ਸਲਾਂ ’ਤੇ ਐੱਮਐੱਸਪੀ ਦੀ ਕਾਨੂੰਨੀ ਗਾਰੰਟੀ ਦੀ ਮੰਗ ਨੂੰ ਲੈ ਕੇ ਵੀ ਕਿਸਾਨਾਂ ਨੂੰ ਲਾਮਬੰਦ ਕੀਤਾ ਜਾ ਰਿਹਾ ਹੈ।
ਉਗਰਾਹਾਂ ਨੇ ਲੈਂਡ ਪੂਲਿੰਗ ਨੀਤੀ ਤਹਿਤ ਕਿਸਾਨਾਂ ਦੀਆਂ ਜ਼ਮੀਨਾਂ ਲੈਣ ਦਾ ਵਿਰੋਧ ਕਰਦਿਆਂ ਕਿਹਾ ਕਿ ਜਥੇਬੰਦੀ ਇਸ ਨੀਤੀ ਖ਼ਿਲਾਫ਼ ਸੰਘਰਸ਼ ਜਾਰੀ ਰੱਖੇਗੀ। ਉਨ੍ਹਾਂ ਕਿਹਾ ਕਿ ਮੁਹਾਲੀ ਜ਼ਿਲੇ ਦੇ ਕਿਸਾਨਾਂ ਨਾਲ ਕਿਸੇ ਤਰ੍ਹਾਂ ਦਾ ਵੀ ਧੱਕਾਸ਼ਾਹੀ ਨਹੀਂ ਹੋਣ ਦਿੱਤੀ ਜਾਵੇਗੀ। ਜਬਰੀ ਕਿਸਾਨਾਂ ਦੀ ਜ਼ਮੀਨ ਐਕਵਾਇਰ ਕੀਤੇ ਜਾਣ ਦਾ ਵੀ ਜ਼ਬਰਦਸਤ ਢੰਗ ਨਾਲ ਵਿਰੋਧ ਕੀਤਾ ਜਾਵੇਗਾ। ਇਸ ਮੌਕੇ ਸੂਬਾ ਮੀਤ ਪ੍ਰਧਾਨ ਜਨਕ ਸਿੰਘ ਭੁਟਾਨ, ਸੂਬਾ ਪ੍ਰੈੱਸ ਸਕੱਤਰ ਜਗਤਾਰ ਸਿੰਘ ਕਾਲਾਝੜ੍ਹ, ਜ਼ਿਲ੍ਹਾ ਪ੍ਰਧਾਨ ਸੰਗਰੂਰ ਅਮਰੀਕ ਸਿੰਘ ਗੰਢੂਆਂ, ਭਵਾਨੀਗੜ੍ਹ ਬਲਾਕ ਦੇ ਖ਼ਜ਼ਾਨਚੀ ਬਲਵਿੰਦਰ ਸਿੰਘ ਘਟੌੜਾ ਜੱਟਾਂ, ਜਨਰਲ ਸਕੱਤਰ ਜਸਵੀਰ ਸਿੰਘ ਅਤੇ ਜ਼ਿਲ੍ਹਾ ਪ੍ਰਧਾਨ ਮੁਹਾਲੀ ਲਖਵਿੰਦਰ ਸਿੰਘ ਹੈਪੀ ਮਲਕਪੁਰ, ਧਰਵਿੰਦਰ ਸਿੰਘ ਜੋਲਾਂ, ਜਵਾਲਾ ਸਿੰਘ ਖੇੜੀ ਜੱਟਾਂ ਸਮੇਤ ਵੱਡੀ ਗਿਣਤੀ ਵਿੱਚ ਕਿਸਾਨ ਮਜ਼ਦੂਰ ਔਰਤਾਂ ਅਤੇ ਨੌਜਵਾਨ ਹਾਜ਼ਰ ਸਨ।
