ਸਿੱਖ ਕੌਮ ਨੂੰ ਆ ਰਹੀਆਂ ਦਰਪੇਸ਼ ਚੁਣੌਤੀਆਂ ਦੇ ਜਵਾਬ ਲਈ ਤਿਆਰ ਹੋਵੇਗਾ ਡਿਜੀਟਲ ਮੰਚ : ਜਥੇਦਾਰ
Tuesday, Jul 21, 2020 - 02:48 PM (IST)
ਫਤਿਹਗੜ੍ਹ ਸਾਹਿਬ (ਜਗਦੇਵ) : ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜੱਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਹੈ ਕਿ ਸਿੱਖ ਕੌਮ ਨੂੰ ਆ ਰਹੀਆਂ ਦਰਪੇਸ਼ ਚੁਣੌਤੀਆਂ ਦਾ ਜਵਾਬ ਦੇਣ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਸਰਪ੍ਰਸਤੀ ਹੇਠ ਇਕ ਡਿਜ਼ੀਟਲ ਮੰਚ ਤਿਆਰ ਕੀਤਾ ਜਾਵੇਗਾ ਅਤੇ ਇਸ ਦੇ ਜ਼ਰੀਏ ਖੋਜਿਆ ਹੋਇਆ ਸਿੱਖ ਇਤਿਹਾਸ ਅਤਿ ਆਧੁਨਿਕ ਤਕਨੀਕਾਂ ਰਾਹੀ ਮਾਨਵਤਾ ਲਈ ਗਿਆਨ ਦੇ ਲੰਗਰ ਵਜੋਂ ਮੁਫ਼ਤ ਵੰਡਿਆ ਜਾਵੇਗਾ।
ਇਸ ਦੇ ਲਈ ਗਿਆਨੀ ਹਰਪ੍ਰੀਤ ਸਿੰਘ ਵੱਲੋਂ ਅੱਜ ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਫ਼ਤਹਿਗੜ੍ਹ ਸਾਹਿਬ ਵਿਖੇ ਇਸ ਦੀ ਰੂਪ-ਰੇਖਾ ਤਿਆਰ ਕਰਨ ਲਈ ਵਿਸ਼ੇਸ਼ ਬੈਠਕ ਕੀਤੀ ਗਈ। ਇਸ ਬੈਠਕ 'ਚ ਬਾਬਾ ਬੰਦਾ ਸਿੰਘ ਬਹਾਦਰ ਇੰਜੀ. ਕਾਲਜ ਫ਼ਤਹਿਗੜ੍ਹ ਸਾਹਿਬ ਅਤੇ ਗੁਰੂ ਨਾਨਕ ਦੇਵ ਇੰਜੀ. ਕਾਲਜ ਲੁਧਿਆਣਾ ਦੇ ਕੰਪਿਊਟਰ ਮਹਿਕਮੇ ਦੇ ਅਧਿਆਪਕ ਸ਼ਾਮਲ ਸਨ, ਜਿਨ੍ਹਾਂ ਨਾਲ ਇਸ ਪ੍ਰਾਜੈਕਟ ਨੂੰ ਤਿਆਰ ਕਰਨ ਲਈ ਵੱਡੇ ਪੱਧਰ 'ਤੇ ਵਿਚਾਰ-ਵਟਾਂਦਰਾ ਕੀਤਾ ਗਿਆ।
ਸਿੰਘ ਸਾਹਿਬ ਵੱਲੋਂ ਉਲੀਕੇ ਗਏ ਇਸ ਕਾਰਜ ਦੀ ਸਿੱਖ ਬੁੱਧੀਜੀਵੀਆਂ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰਾ ਸਾਹਿਬਾਨ ਵੱਲੋਂ ਵੀ ਵਡਿਆਈ ਕੀਤੀ ਗਈ। ਇਸ ਬਾਰੇ ਸ਼੍ਰੋਮਣੀ ਕਮੇਟੀ ਦੇ ਮੈਂਬਰ ਗੁਰਪ੍ਰੀਤ ਸਿੰਘ ਝੱਬਰ ਨੇ ਕਿਹਾ ਕਿ ਇਸ ਸਮੇਂ ਦੌਰਾਨ ਸਿੱਖ ਕੌਮ ਨੂੰ ਜੋ ਚੁਣੌਤੀਆਂ ਪੇਸ਼ ਆ ਰਹੀਆਂ ਹਨ, ਉਨ੍ਹਾਂ ਦੇ ਜਵਾਬ ਦੇਣ ਲਈ ਇਹ ਇਕ ਵਧੀਆ ਪਹਿਲ ਹੈ।