ਸਮੂਹ ਪੰਥਕ ਜਥੇਬੰਦੀਆਂ ਦਾ ਅਗਲੇ ਸਾਲ ਹੋਵੇਗਾ ਸਾਂਝਾ ਇਜਲਾਸ: ਗਿਆਨੀ ਹਰਪ੍ਰੀਤ ਸਿੰਘ
Thursday, Dec 12, 2019 - 06:51 PM (IST)

ਸ੍ਰੀ ਅਨੰਦਪੁਰ ਸਾਹਿਬ (ਦਲਜੀਤ ਸਿੰਘ)— ਸਿੱਖ ਪੰਥ ਦੇ ਮਸਲਿਆਂ 'ਤੇ ਵਿਚਾਰ ਅਤੇ ਉਸ ਦੇ ਢੁੱਕਵੇਂ ਹੱਲ ਲਈ ਅਗਲੇ ਸਾਲ ਮਾਰਚ 2020 'ਚ ਸ੍ਰੀ ਅਨੰਦਪੁਰ ਸਾਹਿਬ ਵਿਖੇ ਸਮੂਹ ਪੰਥਕ ਜਥੇਬੰਦੀਆਂ ਦਾ ਸਾਂਝਾ ਇਜਲਾਸ ਸੱਦਣ ਲਈ ਯਤਨ ਕੀਤੇ ਜਾ ਰਹੇ ਹਨ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਕੀਤਾ। ਉਨ੍ਹਾਂ ਕਿਹਾ ਕਿ ਇਸ ਇਜਲਾਸ 'ਚ ਸ਼੍ਰੋਮਣੀ ਕਮੇਟੀ, ਦਿੱਲੀ ਕਮੇਟੀ, ਤਖਤ ਸ੍ਰੀ ਹਜੂਰ ਸਾਹਿਬ ਅਤੇ ਤਖਤ ਸ੍ਰੀ ਹਰਿਮੰਦਰ ਸਾਹਿਬ ਪਟਨਾ ਦੇ ਟਰੱਸਟ, ਸੰਤ ਸਮਾਜ, ਸੇਵਾ ਪੰਥੀ, ਨਿਹੰਗ ਜਥੇਬੰਦੀਆਂ, ਮਿਸ਼ਨਰੀ ਸੰਸਥਾਵਾਂ ਆਦਿ ਨੂੰ ਸੱਦਾ ਦਿੱਤਾ ਜਾਵੇਗਾ।
ਕੇਂਦਰ ਸਰਕਾਰ ਵੱਲੋਂ ਹਾਲ ਹੀ 'ਚ ਪਾਸ ਕੀਤੇ ਨਾਗਰਿਕਤਾ ਸੋਧ ਬਿੱਲ ਸਬੰਧੀ ਗੱਲ ਕਰਦਿਆਂ ਉਨ੍ਹਾਂ ਕਿਹਾ ਕਿ ਇਸ ਕਾਨੂੰਨ 'ਚ ਸਮੂਹ ਧਰਮਾਂ ਦੇ ਲੋਕਾਂ ਨੂੰ ਸ਼ਾਮਲ ਕੀਤਾ ਜਾਣਾ ਚਾਹੀਦਾ ਸੀ। 14 ਦਸੰਬਰ ਨੂੰ ਅਕਾਲੀ ਦਲ ਦੇ ਸਥਾਪਨਾ ਦਿਵਸ ਮੌਕੇ ਸ੍ਰੀ ਅੰਮ੍ਰਿਤਸਰ ਸਾਹਿਬ ਵਿਖੇ ਦੋ ਧਿਰਾਂ ਵੱਲੋਂ ਕੀਤੇ ਜਾ ਰਹੇ ਇਕੱਠ ਸਬੰਧੀ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਅਕਾਲੀ ਦਲ ਦਾ ਸਥਾਪਨਾ ਦਿਵਸ ਸਮੂਹ ਧਿਰਾਂ ਨੂੰ ਰਲਕੇ ਮਨਾਉਣਾ ਚਾਹੀਦਾ ਹੈ ਪਰ ਇਸ 'ਚ ਤਖਤ ਸਾਹਿਬਾਨ ਦਾ ਕੋਈ ਦਖਲ ਨਹੀਂ ਹੋਵੇਗਾ।
ਸਿੱਖ ਪੰਥ ਦੀਆਂ ਕੁਝ ਧਿਰਾਂ 'ਚ ਚੱਲ ਰਹੇ ਆਪਸੀ ਟਕਰਾਅ ਸਬੰਧੀ ਉਨ੍ਹਾਂ ਕਿਹਾ ਕਿ ਇਹ ਟਕਰਾਅ ਨੂੰ ਖਤਮ ਕਰਨ ਲਈ ਗੱਲਬਾਤ ਰਾਹੀਂ ਯਤਨ ਕੀਤੇ ਜਾ ਰਹੇ ਹਨ। ਸਿੰਘ ਸਾਹਿਬ ਨੇ ਕਿਹਾ ਕਿ ਸਿੱਕਮ ਵਿਖੇ ਸਥਿਤ ਇਤਿਹਾਸਕ ਅਸਥਾਨ ਗੁ: ਡਾਂਗਮਾਰ ਸਾਹਿਬ ਦੇ ਮਸਲੇ ਨੂੰ ਹੱਲ ਕਰਵਾਉਣ ਲਈ ਉਥੋਂ ਦੀਆਂ ਸਮੂਹ ਧਿਰਾਂ ਨੂੰ ਸ੍ਰੀ ਅਕਾਲ ਤਖਤ ਸਾਹਿਬ ਵਿਖੇ 19 ਜਨਵਰੀ ਨੂੰ ਬੁਲਾਇਆ ਗਿਆ ਹੈ। ਇਸ ਮੌਕੇ ਉਨ੍ਹਾਂ ਦੇ ਨਾਲ ਸ਼੍ਰੋਮਣੀ ਕਮੇਟੀ ਦੇ ਮੀਤ ਪ੍ਰਧਾਨ ਸ. ਗੁਰਬਖਸ਼ ਸਿੰਘ ਖਾਲਸਾ, ਵਧੀਕ ਸਕੱਤਰ ਪਰਮਜੀਤ ਸਿੰਘ ਸਰੋਆ, ਤਖਤ ਸਾਹਿਬ ਦੇ ਸੂਚਨਾ ਅਫਸਰ ਐਡਵੋਕੇਟ ਹਰਦੇਵ ਸਿੰਘ ਆਦਿ ਵੀ ਹਾਜਿਰ ਸਨ ।