ਪਹਿਲੀ ਵਾਰ ਸਤਿਕਾਰ ਕਮੇਟੀ ’ਤੇ ਬੋਲੇ ਜਥੇਦਾਰ, ਦਿੱਤਾ ਵੱਡਾ ਬਿਆਨ
Tuesday, Aug 18, 2020 - 06:26 PM (IST)
ਅੰਮ੍ਰਿਤਸਰ : ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਹੈ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਪੰਜਾਬ ਵਿਚ ਕਿਸੇ ਵੀ ਸਤਿਕਾਰ ਕਮੇਟੀ ਨੂੰ ਮਾਨਤਾ ਨਹੀਂ ਹੈ ਅਤੇ ਨਾ ਹੀ ਕਿਸੇ ਨੂੰ ਕੋਈ ਅਧਿਕਾਰੀ ਦਿੱਤਾ ਗਿਆ ਹੈ ਕਿ ਉਹ ਕਿਸੇ ਦੇ ਵੀ ਘਰੋਂ ਜਬਰੀ ਪਾਵਨ ਸਰੂਪ ਚੁੱਕਣ। ਸਿੱਖ ਪ੍ਰੰਪਰਾਵਾਂ ਨੂੰ ਧਿਆਨ ਵਿਚ ਰੱਖਦਿਆਂ ਕੋਈ ਵੀ ਅਜਿਹੀ ਹਰਕਤ ਬਰਦਾਸ਼ਤ ਨਹੀਂ ਕੀਤੀ ਜਾਵੇਗੀ ਜਿਸ ਨਾਲ ਸੰਗਤਾਂ ਦੇ ਮਨਾਂ ਨੂੰ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਜੀ ਦੀ ਮਾਨ ਮਰਯਾਦਾ ਨੂੰ ਢਾਹ ਲੱਗੇ। ਸਿੰਘ ਸਾਹਿਬ ਨੇ ਇਹ ਵੀ ਕਿਹਾ ਕਿ ਜਲਦ ਹੀ ਸੰਗਤਾਂ ਦੇ ਸਹਿਯੋਗ ਨਾਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਮਾਨ ਸਤਿਕਾਰ ਕਾਇਮ ਰੱਖਣ ਲਈ ਵਿਉਂਤਬੰਦੀ ਉਲੀਕੀ ਜਾਵੇਗੀ। ਕੁੱਝ ਦਿਨ ਪਹਿਲਾਂ ਗੁਰਦੁਆਰਾ ਸਾਹਿਬ ਮਜੀਠਾ ਰੋਡ (ਅੰਮ੍ਰਿਤਸਰ) ਵਿਖੇ ਇਕ ਕਾਂਗਰਸੀ ਆਗੂ ਕਰਮਜੀਤ ਸਿੰਘ ਵੱਲੋਂ ਨਵੰਬਰ 1984 ਸਮੇਂ ਦਿੱਲੀ ਵਿਚ ਹੋਈ ਸਿੱਖ ਨਸਲਕੁਸ਼ੀ ਦੇ ਮੁੱਖ ਦੋਸ਼ੀ ਜਗਦੀਸ਼ ਟਾਇਟਲਰ ਦਾ ਜਨਮ ਦਿਨ ਮਨਾਉਣ ਨਾਲ ਸਿੱਖ ਸੰਗਤਾਂ ਦੇ ਹਿਰਦਿਆਂ ਨੂੰ ਭਾਰੀ ਠੇਸ ਪੁੱਜੀ ਹੈ ਜਿਸ ਦੀ ਸਿੰਘ ਸਾਹਿਬ ਨੇ ਸਖ਼ਤ ਸ਼ਬਦਾਂ ਵਿਚ ਨਿਖੇਧੀ ਕੀਤੀ ਹੈ। ਉਨ੍ਹਾਂ ਕਿਹਾ ਕਿ ਸਿੱਖਾਂ ਦੇ ਕਾਤਲਾਂ ਦਾ ਜਨਮ ਦਿਨ ਗੁਰੂ ਘਰ ਵਿਚ ਮਨਾਉਣਾ ਬਹੁਤ ਹੀ ਮੰਦਭਾਗਾ ਹੈ ਅਤੇ ਪੰਜਾਬ ਦੇ ਮਾਹੌਲ ਨੂੰ ਖਰਾਬ ਕਰਨ ਵਾਲਾ ਹੈ।
ਇਹ ਵੀ ਪੜ੍ਹੋ : ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀਆਂ ਨੇ ਹੈੱਡ ਗ੍ਰੰਥੀ ਖ਼ਿਲਾਫ਼ ਖੋਲ੍ਹਿਆ ਮੋਰਚਾ
ਪਿਛਲੇ ਦਿਨੀਂ ਅਮਰੀਕਾ ਵਿਖੇ ਬਹੁਤ ਹੀ ਮੰਦਭਾਗੀ ਘਟਨਾ ਵਾਪਰੀ ਜਿਸ ਵਿਚ ਪੰਜਾਬ ਦੇ ਪਿੰਡ ਛੀਨਾ (ਗੁਰਦਾਸਪੁਰ) ਦੇ ਰਹਿਣ ਵਾਲੇ ਨੌਜਵਾਨ ਮਨਜੀਤ ਸਿੰਘ ਜੋ ਕਿ ਕਿੰਗਜ਼ ਦਰਿਆ ਵਿਚ ਮੈਕਸੀਕਨ ਮੂਲ ਦੇ ਤਿੰਨ ਬੱਚਿਆਂ ਨੂੰ ਡੁੱਬਣ ਤੋਂ ਬਚਾਉਣ ਦੀ ਖਾਤਰ ਆਪਣੇ ਪ੍ਰਾਣ ਨਿਛਾਵਰ ਕਰ ਗਿਆ ਸੀ। ਮਨਜੀਤ ਸਿੰਘ ਦੀ ਕੁਰਬਾਨੀ ਕਾਰਨ ਜਿਥੇ ਪੰਜਾਬੀ ਭਾਈਚਾਰੇ ਵਿਚ ਸੋਗ ਹੈ, ਉਥੇ ਹੀ ਇਸ ਕਾਰਜ ਦੀ ਸਾਰੇ ਵਿਸ਼ਵ-ਭਰ ਵਿਚ ਸ਼ਲਾਘਾ ਹੋ ਰਹੀ ਹੈ ।ਸਿੰਘ ਸਾਹਿਬ ਨੇ ਗੁਰੂ ਸਾਹਿਬ ਅੱਗੇ ਅਰਦਾਸ ਕਰਦਿਆਂ ਕਿਹਾ ਕਿ ਮੀਰੀ-ਪੀਰੀ ਦੇ ਪਾਤਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿਚ ਨਿਵਾਸ ਬਖਸ਼ਣ ਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖਸ਼ਿਸ ਕਰਨ।
ਇਹ ਵੀ ਪੜ੍ਹੋ : ਪੰਜਾਬ ਦਾ ਮਾਹੌਲ ਖਰਾਬ ਕਰਨ ਵਾਲਿਆਂ ਨੂੰ ਟਕਸਾਲ ਤੇ ਸ਼੍ਰੋਮਣੀ ਕਮੇਟੀ ਦੀ ਚਿਤਾਵਨੀ