ਗਿਆਨੀ ਰਘਬੀਰ ਸਿੰਘ ਵੱਲੋਂ SIT ਅੱਗੇ ਬਿਆਨ ਦਰਜ ਕਰਵਾਉਣਾ ਗਲਤ: ਗਿਆਨੀ ਹਰਪ੍ਰੀਤ ਸਿੰਘ
Saturday, Jun 13, 2026 - 06:57 PM (IST)
ਅੰਮ੍ਰਿਤਸਰ (ਸਰਬਜੀਤ): ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਬਹਿਬਲ ਕਲਾਂ ਮਾਮਲੇ ਸਬੰਧੀ 2 ਦਸੰਬਰ 2024 ਨੂੰ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ‘ਤੇ ਹੋਈ ਕਾਰਵਾਈ ਨੂੰ ਲੈ ਕੇ ਸ੍ਰੀ ਅਕਾਲ ਤਖ਼ਤ ਸਾਹਿਬ , ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਸਾਬਕਾ ਜਥੇਦਾਰ ਅਤੇ ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਦੇ ਪ੍ਰਧਾਨ ਗਿਆਨੀ ਹਰਪ੍ਰੀਤ ਸਿੰਘ ਬਾਦਲ ਦੇ ਹੱਕ ਵਿਚ ਨਿੱਤਰ ਕੇ ਸਾਹਮਣੇ ਆਏ ਹਨ। ਦੱਸਣਯੋਗ ਹੈ ਕਿ ਪਿਛਲੇ ਦਿਨੀਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਸਾਬਕਾ ਮੁੱਖ ਗ੍ਰੰਥੀ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਰਘਬੀਰ ਸਿੰਘ ਵੱਲੋਂ ਬਹਿਬਲ ਕਲਾਂ ਮਾਮਲੇ ਵਿਚ ਵਿਸ਼ੇਸ਼ ਜਾਂਚ ਟੀਮ ਦੇ ਆਈ.ਪੀ.ਐੱਸ. ਅਧਿਕਾਰੀ ਨੌਨਿਹਾਲ ਸਿੰਘ ਦੀ ਅਗਵਾਈ ਵਾਲੀ ਟੀਮ ਅੱਗੇ ਸੁਖਬੀਰ ਸਿੰਘ ਬਾਦਲ ਦਾ ਨਾਂ ਦੋਸ਼ੀ ਵਜੋਂ ਪੇਸ਼ ਕਰਨ ‘ਤੇ ਗਿਆਨੀ ਹਰਪ੍ਰੀਤ ਸਿੰਘ ਨੇ ਸਖਤ ਇਤਰਾਜ਼ ਜਤਾਇਆ ਹੈ।
ਗਿਆਨੀ ਹਰਪ੍ਰੀਤ ਸਿੰਘ ਨੇ ਇਕ ਨਿੱਜੀ ਚੈਨਲ ਨਾਲ ਗੱਲਬਾਤ ਕਰਦਿਆਂ ਕਿਹਾ ਕਿ 2 ਦਸੰਬਰ 2024 ਨੂੰ ਜੋ ਕਾਰਵਾਈ ਹੋਈ ਸੀ, ਉਹ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਹਜ਼ੂਰੀ ਅਤੇ ਸੰਗਤ ਦੀ ਹਾਜ਼ਰੀ ਵਿਚ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਫਸੀਲ ਤੋਂ ਸਿਧਾਂਤਕ ਅਤੇ ਪੰਥਕ ਮਰਿਆਦਾ ਅਨੁਸਾਰ ਕੀਤੀ ਗਈ ਸੀ। ਇਸ ਦੌਰਾਨ ਸੁਖਬੀਰ ਸਿੰਘ ਬਾਦਲ ਇਕ ਸਿੱਖ ਵਜੋਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਨਮੁੱਖ ਪੇਸ਼ ਹੋਏ ਸਨ ਅਤੇ ਜਿਹੜੇ ਵੀ ਸਵਾਲ ਉਨ੍ਹਾਂ ਨੂੰ ਕੀਤੇ ਗਏ ਸਨ, ਉਹ ਸੰਗਤ ਵਿਚ ਕੀਤੇ ਗਏ ਸਨ ਅਤੇ ਬਾਦਲ ਨੇ ਉਸ ਸਵਾਲਾਂ ਦੇ ਜਵਾਬ ਦਿੱਤੇ ਸਨ, ਜਿਸ ਨੂੰ ਕਿਸੇ ਵੀ ਅਦਾਲਤੀ ਕਾਰਵਾਈ ਦਾ ਹਿੱਸਾ ਨਹੀਂ ਬਣਾਇਆ ਜਾ ਸਕਦਾ। ਉਨ੍ਹਾਂ ਕਿਹਾ ਕਿ ਇਹ ਮਰਿਆਦਾ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਹੈ ਅਤੇ ਇਸ ‘ਤੇ ਹੋਣ ਵਾਲੀ ਕਾਰਵਾਈ ਕਿਸੇ ਵੀ ਦੁਨਿਆਵੀਂ ਅਦਾਲਤ ਦਾ ਹਿੱਸਾ ਨਹੀਂ ਬਣ ਸਕਦੀ। ਗਿਆਨੀ ਰਘਬੀਰ ਸਿੰਘ ਵੱਲੋਂ ਬਹਿਬਲ ਕਲਾਂ ਗੋਲੀਕਾਂਡ ਮਾਮਲੇ ਵਿਚ ਸਿੱਟ ਅੱਗੇ ਆਪਣੇ ਬਿਆਨ ਦਰਜ ਕਰਵਾਉਂਣੇ ਗਲਤ ਹਨ।
