ਸਰਕਾਰਾਂ ਨੂੰ ਮੁਫ਼ਤ ਸਹੂਲਤਾਂ ਦੀ ਬਜਾਏ ਰੁਜ਼ਗਾਰ ਦੇਣ 'ਤੇ ਧਿਆਨ ਦੇਣਾ ਚਾਹੀਦਾ : ਗਿਆਨੀ ਹਰਪ੍ਰੀਤ ਸਿੰਘ
Tuesday, Feb 24, 2026 - 12:20 PM (IST)
ਚੰਡੀਗੜ੍ਹ (ਮਨਪ੍ਰੀਤ) : ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਐਲਾਨੀ 'ਮੇਰੀ ਰਸੋਈ ਸਕੀਮ' ਨੂੰ ਚੋਣਾਂ ਤੋਂ ਠੀਕ ਪਹਿਲਾਂ ਵੱਖ-ਵੱਖ ਸੂਬਾ ਸਰਕਾਰਾਂ ਵੱਲੋਂ 'ਮੁਫ਼ਤ ਸਹੂਲਤਾਂ' ਐਲਾਨ ਕਰਨ ਦੇ ਵੱਧਦੇ ਰੁਝਾਨ ਵਜੋਂ ਬਿਆਨ ਕੀਤਾ ਹੈ। ਉਨ੍ਹਾਂ ਸੁਪਰੀਮ ਕੋਰਟ ਵੱਲੋਂ ਕੀਤੀ ਗਈ ਟਿੱਪਣੀ ਦਾ ਹਵਾਲਾ ਦਿੱਤਾ ਹੈ। ਉਨ੍ਹਾਂ ਕਿਹਾ ਕਿ ਅਦਾਲਤ ਅਨੁਸਾਰ ਲਗਾਤਾਰ ਮੁਫ਼ਤ ਲਾਭ ਵੰਡਣਾ ਦੇਸ਼ ਦੇ ਵਿਕਾਸ 'ਚ ਰੁਕਾਵਟ ਪੈਦਾ ਕਰ ਸਕਦਾ ਹੈ ਅਤੇ ਸੁਪਰੀਮ ਕੋਰਟ ਨੇ ਇਸ ਗੱਲ 'ਤੇ ਜ਼ੋਰ ਦਿੱਤਾ ਹੈ ਕਿ ਸਰਕਾਰਾਂ ਨੂੰ ਇਸ ਦੀ ਬਜਾਏ ਲੋਕਾਂ ਨੂੰ ਰੁਜ਼ਗਾਰ ਪ੍ਰਦਾਨ ਕਰਨ ਵੱਲ ਧਿਆਨ ਦੇਣਾ ਚਾਹੀਦਾ ਹੈ।
ਗਿਆਨੀ ਹਰਪ੍ਰੀਤ ਸਿੰਘ ਨੇ ਮੁੱਖ ਮੰਤਰੀ ਭਗਵੰਤ ਮਾਨ ਦੇ ਪੁਰਾਣੇ ਬਿਆਨ ਨੂੰ ਯਾਦ ਕਰਵਾਉਂਦਿਆਂ ਕਿਹਾ ਕਿ ਉਨ੍ਹਾਂ ਨੇ ਖ਼ੁਦ ਇੱਕ ਵਾਰ ਕਿਹਾ ਸੀ, ਮੁਫ਼ਤ ਰਾਸ਼ਨ ਨਾ ਦਿਓ, ਰੁਜ਼ਗਾਰ ਦਿਓ, ਅਸੀਂ ਆਪਣਾ ਰਾਸ਼ਨ ਖ਼ੁਦ ਖਰੀਦ ਸਕਦੇ ਹਾਂ। ਉਨ੍ਹਾਂ ਕਿਹਾ ਕਿ ਹੁਣ ਆਮ ਆਦਮੀ ਪਾਰਟੀ ਅਤੇ ਮੁੱਖ ਮੰਤਰੀ ਨੂੰ ਸੁਪਰੀਮ ਕੋਰਟ ਦੀਆਂ ਟਿੱਪਣੀਆਂ 'ਤੇ ਆਪਣੀ ਸਥਿਤੀ ਸਪੱਸ਼ਟ ਕਰਨੀ ਚਾਹੀਦੀ ਹੈ।
