ਤਖਤ ਸ੍ਰੀ ਪਟਨਾ ਸਾਹਿਬ ਦੀ ਪ੍ਰਬੰਧਕ ਕਮੇਟੀ ਵਲੋਂ ਇਕਬਾਲ ਸਿੰਘ ਦਾ ਅਸਤੀਫਾ ਪ੍ਰਵਾਨ

Tuesday, Mar 05, 2019 - 03:09 PM (IST)

ਤਖਤ ਸ੍ਰੀ ਪਟਨਾ ਸਾਹਿਬ ਦੀ ਪ੍ਰਬੰਧਕ ਕਮੇਟੀ ਵਲੋਂ ਇਕਬਾਲ ਸਿੰਘ ਦਾ ਅਸਤੀਫਾ ਪ੍ਰਵਾਨ

ਪਟਨਾ— ਤਖਤ ਸ੍ਰੀ ਪਟਨਾ ਸਾਹਿਬ ਦੇ ਜਥੇਦਾਰ ਗਿਆਨੀ ਇਕਬਾਲ ਸਿੰਘ ਨੇ ਐਤਵਾਰ ਨੂੰ ਅਸਤੀਫਾ ਦੇ ਦਿੱਤਾ ਸੀ। ਜਿਸ ਤੋਂ ਬਾਅਦ ਅੱਜ ਯਾਨੀ ਮੰਗਲਵਾਰ ਨੂੰ ਅਵਤਾਰ ਸਿੰਘ ਹਿੱਤ ਦੀ ਅਗਵਾਈ ਹੇਠ ਪ੍ਰਬੰਧਕ ਕਮੇਟੀ ਤਖਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਵਲੋਂ ਗਿਆਨੀ ਇਕਬਾਲ ਸਿੰਘ ਦਾ ਅਸਤੀਫਾ ਪ੍ਰਵਾਨ ਕਰ ਲਿਆ ਗਿਆ ਹੈ। ਪ੍ਰਬੰਧਕ ਕਮੇਟੀ ਵਲੋਂ ਗਿਆਨੀ ਰਜਿੰਦਰ ਸਿੰਘ ਨੂੰ ਅਗਲੇ ਹੁਕਮਾਂ ਤੱਕ ਤਖਤ ਸਾਹਿਬ ਦੇ ਅੰਦਰਲੇ ਪ੍ਰਬੰਧਾਂ ਦੀ ਸੇਵਾ ਨਿਭਾਉਣ ਲਈ ਕਿਹਾ ਗਿਆ ਹੈ। 

ਦੱਸਣਯੋਗ ਹੈ ਕਿ ਇਕਬਾਲ ਸਿੰਘ 'ਤੇ ਦੋਸ਼ ਸੀ ਕਿ ਜਥੇਦਾਰ ਨੇ 2 ਵਿਆਹ ਕਰਵਾਏ ਹਨ। ਉਨ੍ਹਾਂ ਦੇ ਚਾਲ-ਚਲਣ ਠੀਕ ਨਹੀਂ ਹਨ। ਇਸ ਦੋਸ਼ ਪ੍ਰਬੰਧਕ ਕਮੇਟੀ ਦੇ ਹੀ ਕੁਝ ਮੈਂਬਰਾਂ ਨੇ ਲਗਾਏ ਸਨ। ਇਸ ਪਿੱਛੋਂ ਉਨ੍ਹਾਂ ਦੇ ਬੇਟੇ ਗੁਰਪ੍ਰਸਾਦ ਸਿੰਘ ਦੀ ਸਿਗਰਟ ਪੀਂਦੇ ਦੀ ਵੀਡੀਓ ਵੀ ਵਾਇਰਲ ਹੋਈ ਸੀ, ਜਿਸ ਤੋਂ ਬਾਅਦ ਉਨ੍ਹਾਂ ਨੂੰ ਸੇਵਾ ਮੁਕਤ ਕਰਨ ਦੀ ਮੰਗ ਹੋਰ ਤੇਜ਼ ਹੋ ਗਈ ਸੀ। ਵੀਡੀਓ ਵਾਇਰਲ ਹੋਣ ਤੋਂ ਬਾਅਦ ਇਕਬਾਲ ਸਿੰਘ ਨੇ ਆਪਣੇ ਬੇਟੇ ਨੂੰ ਆਪਣੀ ਜਾਇਦਾਦ ਅਤੇ ਰਿਸ਼ਤੇ ਤੋਂ ਬੇਦਖਲ ਕਰ ਦਿੱਤਾ ਸੀ। ਉਨ੍ਹਾਂ ਖਿਲਾਫ ਕੁਝ ਔਰਤਾਂ ਵਲੋਂ ਸ੍ਰੀ ਅਕਾਲ ਤਖਤ 'ਤੇ ਸ਼ਿਕਾਇਤ ਵੀ ਦਿੱਤੀ ਗਈ ਸੀ। ਇਸ ਵਿਚ ਉਨ੍ਹਾਂ ਦੀ ਦੂਜੀ ਪਤਨੀ ਵਲੋਂ ਗਲਤ ਵਤੀਰਾ ਅਤੇ ਸ਼ੋਸ਼ਣ ਦੇ ਦੋਸ਼ ਲਾਏ ਗਏ ਸਨ। 

ਸ੍ਰੀ ਅਕਾਲ ਤਖਤ ਸਾਹਿਬ ਵਲੋਂ ਉਨ੍ਹਾਂ ਵਿਰੁੱਧ ਦੋਸ਼ਾਂ ਦੀ ਜਾਂਚ ਲਈ 7 ਮੈਂਬਰੀ ਕਮੇਟੀ ਕਾਇਮ ਕੀਤੀ ਗਈ ਸੀ, ਜਿਸ ਤੋਂ 2 ਦਿਨ ਬਾਅਦ ਜਥੇਦਾਰ ਗਿਆਨੀ ਇਕਬਾਲ ਸਿੰਘ ਨੇ ਇਹ ਕਦਮ ਚੁੱਕਿਆ ਸੀ। ਦੱਸ ਦਈਏ ਕਿ 2 ਦਿਨ ਪਹਿਲਾਂ ਗਿਆਨੀ ਇਕਬਾਲ ਸਿੰਘ ਨੇ ਅਸਤੀਫਾ ਦੇ ਦਿੱਤਾ ਸੀ ਪਰ ਥੋੜ੍ਹੀ ਹੀ ਦੇਰ ਬਾਅਦ ਇਸ ਫੈਸਲੇ 'ਤੇ ਯੂ-ਟਰਨ ਵੀ ਲੈ ਲਿਆ ਸੀ। ਯੂ-ਟਰਨ ਲੈਂਦੇ ਹੋਏ ਇਕਬਾਲ ਸਿੰਘ ਨੇ ਦਾਅਵਾ ਕੀਤਾ ਸੀ ਕਿ ਸੰਗਤ ਉਨ੍ਹਾਂ ਨੂੰ ਇਸ ਅਹੁਦੇ 'ਤੇ ਵੇਖਣਾ ਚਾਹੁੰਦੀ ਹੈ ਪਰ ਪ੍ਰਬੰਧਕ ਕਮੇਟੀ ਨੇ ਇਕਬਾਲ ਦਾ ਅਸਤੀਫਾ ਪ੍ਰਵਾਨ ਕਰ ਲਿਆ ਹੈ।


author

DIsha

Content Editor

Related News