Love Marriage ਮਗਰੋਂ ਕੁੜੀ ਦੇ ਭੇਤਭਰੇ ਹਾਲਾਤ ''ਚ ਮੌਤ
Friday, Sep 19, 2025 - 02:47 PM (IST)

ਗੁਰੂਹਰਸਹਾਏ (ਸਿਕਰੀ) : ਗੁਰੂਹਰਸਹਾਏ ਇਲਾਕੇ 'ਚ ਇੱਕ ਕੁੜੀ ਦੀ ਭੇਤਭਰੇ ਹਾਲਾਤ 'ਚ ਮੌਤ ਹੋ ਗਈ। ਇਸ ਤੋਂ ਬਾਅਦ ਉਸ ਦੇ ਪਰਿਵਾਰ ਨੂੰ ਬਿਨਾਂ ਦੱਸੇ ਉਸ ਦਾ ਜਲਦਬਾਜ਼ੀ 'ਚ ਸਸਕਾਰ ਕਰ ਦਿੱਤਾ ਗਿਆ। ਪੀੜਤ ਪਰਿਵਾਰ ਦੀ ਸ਼ਿਕਾਇਤ 'ਤੇ ਪੁਲਸ ਨੇ ਕੁੜੀ ਦੇ ਪਤੀ ਖ਼ਿਲਾਫ਼ ਕਤਲ ਦਾ ਮਾਮਲਾ ਦਰਜ ਕਰ ਲਿਆ ਹੈ। ਇਸ ਘਟਨਾ ਦੀ ਪੂਰੀ ਜਾਣਕਾਰੀ ਦਿੰਦਿਆਂ ਥਾਣਾ ਗੁਰੂਹਰਸਹਾਏ ਦੇ ਐੱਸ. ਆਈ. ਬਲਜਿੰਦਰ ਸਿੰਘ ਨੇ ਦੱਸਿਆ ਕਿ ਪੁਲਸ ਨੂੰ ਕੰਟਰੋਲ ਰੂਮ ਦੀ 112 ਹੈਲਪਲਾਈਨ ਰਾਹੀਂ ਅਤੇ ਇੱਕ ਲਿਖਤੀ ਦਰਖ਼ਾਸਤ ਰਾਹੀਂ ਕ੍ਰਿਸ਼ਨਾ ਰਾਣੀ ਪਤਨੀ ਗੁਰਮੀਤ ਸਿੰਘ ਵਾਸੀ ਪਿੰਡ ਬਲੇਲ ਕੇ ਰਹੇਲਾ, ਜ਼ਿਲ੍ਹਾ ਫਾਜ਼ਿਲਕਾ ਵੱਲੋਂ ਸ਼ਿਕਾਇਤ ਪ੍ਰਾਪਤ ਹੋਈ ਸੀ।
ਸ਼ਿਕਾਇਤਕਰਤਾ ਨੇ ਦੱਸਿਆ ਕਿ ਉਸ ਦੀ ਧੀ ਨੇ ਪਿੰਡ ਦੁੱਲੇ ਕੇ ਨੱਥੂ ਵਾਲਾ ਦੇ ਮਨਪ੍ਰੀਤ ਸਿੰਘ ਪੁੱਤਰ ਤਰਲੋਕ ਸਿੰਘ ਨਾਲ ਪ੍ਰੇਮ ਵਿਆਹ ਕੀਤਾ ਸੀ। ਵਿਆਹ ਤੋਂ ਕੁੱਝ ਸਮੇਂ ਬਾਅਦ ਹੀ ਧੀ ਦੀ ਅਚਾਨਕ ਮੌਤ ਹੋ ਗਈ। ਪਰਿਵਾਰ ਨੇ ਦੋਸ਼ ਲਾਇਆ ਕਿ ਧੀ ਦੀ ਮੌਤ ਤੋਂ ਬਾਅਦ ਦੋਸ਼ੀ ਮਨਪ੍ਰੀਤ ਸਿੰਘ ਨੇ ਉਨ੍ਹਾਂ ਨੂੰ ਇਸ ਬਾਰੇ ਕੋਈ ਸੂਚਨਾ ਨਹੀਂ ਦਿੱਤੀ ਅਤੇ ਜਲਦਬਾਜ਼ੀ 'ਚ ਉਸ ਦਾ ਸਸਕਾਰ ਕਰ ਦਿੱਤਾ। ਮ੍ਰਿਤਕ ਕੁੜੀ ਦੇ ਪਰਿਵਾਰ ਨੂੰ ਇਸ ਘਟਨਾ ਦਾ ਪਤਾ ਉਦੋਂ ਲੱਗਿਆ, ਜਦੋਂ ਉਨ੍ਹਾਂ ਨੂੰ ਕਿਸੇ ਹੋਰ ਸਰੋਤ ਤੋਂ ਜਾਣਕਾਰੀ ਮਿਲੀ। ਇਸ ਤੋਂ ਬਾਅਦ ਪੀੜਤ ਪਰਿਵਾਰ ਨੇ ਤੁਰੰਤ ਪੁਲਸ ਨਾਲ ਸੰਪਰਕ ਕੀਤਾ। ਐੱਸ. ਆਈ. ਬਲਜਿੰਦਰ ਸਿੰਘ ਨੇ ਦੱਸਿਆ ਕਿ ਪੁਲਸ ਨੇ ਸ਼ਿਕਾਇਤਕਰਤਾ ਕ੍ਰਿਸ਼ਨਾ ਰਾਣੀ ਦੇ ਬਿਆਨਾਂ ਦੇ ਆਧਾਰ 'ਤੇ ਦੋਸ਼ੀ ਮਨਪ੍ਰੀਤ ਸਿੰਘ ਦੇ ਖ਼ਿਲਾਫ਼ ਕਤਲ ਦਾ ਮਾਮਲਾ ਦਰਜ ਕਰ ਲਿਆ ਹੈ। ਪੁਲਸ ਨੇ ਇਸ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਸ਼ੁਰੂ ਕਰ ਦਿੱਤੀ ਹੈ।