ਕੁੜੀਆਂ ਦੀ ਮੁਫ਼ਤ ਸਿੱਖਿਆ ਸਕੀਮ ਦੇ ਮਾਮਲੇ ''ਚ ਵੀ ਸਰਕਾਰ ਨੇ ਕੀਤਾ ਧੋਖਾ

07/26/2017 5:56:38 AM

ਚੰਡੀਗੜ੍ਹ - ਸ਼੍ਰੋਮਣੀ ਅਕਾਲੀ ਦਲ ਨੇ ਅੱਜ ਕਿਹਾ ਹੈ ਕਿ ਕਿਸਾਨਾਂ ਨੂੰ ਜਾਅਲੀ ਕਰਜ਼ਾ ਮੁਆਫੀ ਸਕੀਮ ਦੇ ਜ਼ਰੀਏ ਧੋਖਾ ਦੇਣ ਮਗਰੋਂ ਕਾਂਗਰਸ ਸਰਕਾਰ ਨੇ ਮੁਫ਼ਤ ਸਿੱਖਿਆ ਦੀ ਸਕੀਮ ਲਾਗੂ ਨਾ ਕਰਕੇ ਨੌਜਵਾਨ ਲੜਕੀਆਂ ਨੂੰ ਵੀ ਧੋਖਾ ਦਿੱਤਾ ਹੈ। ਇਸ ਸਕੀਮ ਨੂੰ ਲਾਗੂ ਕਰਨ ਦਾ ਐਲਾਨ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪਿਛਲੇ ਮਹੀਨੇ ਵਿਧਾਨ ਸਭਾ ਵਿਚ ਕੀਤਾ ਸੀ। ਇਥੇ ਇਕ ਪ੍ਰੈੱਸ ਬਿਆਨ ਜਾਰੀ ਕਰਦਿਆਂ ਸਾਬਕਾ ਮੰਤਰੀ ਅਤੇ ਪਾਰਟੀ ਦੇ ਤਰਜ਼ਮਾਨ ਮਹੇਸ਼ਇੰਦਰ ਸਿੰਘ ਗਰੇਵਾਲ ਨੇ ਕਿਹਾ ਕਿ ਬਜਟ ਸੈਸ਼ਨ ਦੌਰਾਨ ਕੀਤੇ ਕਰਜ਼ਾ ਮੁਆਫੀ ਦੇ ਐਲਾਨ ਵਾਂਗ, ਜਿਸ ਨੂੰ ਅਜੇ ਤਕ ਲਾਗੂ ਕਰਨਾ ਬਾਕੀ ਹੈ, ਸਾਰੀਆਂ ਸਰਕਾਰੀ ਸੰਸਥਾਵਾਂ ਵਿਚ ਪ੍ਰਾਇਮਰੀ ਤੋਂ ਲੈ ਕੇ ਪੀ. ਐੱਚ. ਡੀ. ਤਕ ਕੁੜੀਆਂ ਲਈ ਮੁਫਤ ਸਿੱਖਿਆ ਦੀ ਸਕੀਮ ਨੂੰ ਲਾਗੂ ਕਰਨ ਵਿਚ ਵੀ ਸਰਕਾਰ ਬੁਰੀ ਤਰ੍ਹਾਂ ਨਾਕਾਮ ਹੋਈ ਹੈ। ਗਰੇਵਾਲ ਨੇ ਕਿਹਾ ਕਿ ਨੌਜਵਾਨ ਕੁੜੀਆਂ ਉਮੀਦ ਲਾਈ ਬੈਠੀਆਂ ਸਨ ਕਿ ਮੁੱਖ ਮੰਤਰੀ ਦੁਆਰਾ 19 ਜੂਨ ਨੂੰ ਵਿਧਾਨ ਸਭਾ ਵਿਚ ਕੀਤੇ ਵਾਅਦੇ ਨੂੰ ਸਰਕਾਰ ਪੂਰਾ ਕਰੇਗੀ। ਕੁੜੀਆਂ ਅਤੇ ਉਨ੍ਹਾਂ ਦੇ ਮਾਪੇ ਇਹ ਸੋਚ ਕੇ ਬੇਫਿਕਰ ਹੋ ਗਏ ਸਨ ਕਿ ਬਜਟ ਸੈਸ਼ਨ ਵਿਚ ਮੁੱਖ ਮੰਤਰੀ ਨੇ ਇਸ ਦਾ ਐਲਾਨ ਕਰ ਦਿੱਤਾ ਹੈ ਪਰ ਜਿਉਂ ਹੀ ਦਾਖਲੇ ਸ਼ੁਰੂ ਹੋਏ ਤਾਂ ਉਨ੍ਹਾਂ ਦੀਆਂ ਉਮੀਦਾਂ ਢਹਿ ਢੇਰੀ ਹੋ ਗਈਆਂ ਕਿਉਂਕਿ ਸਕੂਲਾਂ ਅਤੇ ਕਾਲਜਾਂ ਦੇ ਪ੍ਰਬੰਧਕਾਂ ਨੇ ਉਨ੍ਹਾਂ ਨੂੰ ਸਪੱਸ਼ਟ ਕਰ ਦਿੱਤਾ ਕਿ ਕੁੜੀਆਂ ਤੋਂ ਫੀਸ ਨਾ ਲੈਣ ਬਾਰੇ ਉਨ੍ਹਾਂ ਨੂੰ ਸਰਕਾਰ ਵੱਲੋਂ ਕੋਈ ਨੋਟੀਫਿਕੇਸ਼ਨ ਜਾਰੀ ਨਹੀਂ ਹੋਇਆ। ਅਜਿਹੀ ਹੀ ਗੱਲ ਕਿਸਾਨਾਂ ਨਾਲ ਵਾਪਰੀ ਸੀ, ਜਦੋਂ ਉਹ ਇਹ ਸੋਚ ਕੇ ਬੈਂਕਾਂ ਵਿਚ ਗਏ ਸਨ ਕਿ ਉਨ੍ਹਾਂ ਦੇ ਕਰਜ਼ੇ ਮੁਆਫ ਹੋ ਚੁੱਕੇ ਹਨ।


Related News