ਰਾਜਸਥਾਨ ''ਚ ਨਿਹੰਗ ਸਿੰਘ ਦੇ ਜਬਰੀ ਕੇਸ ਕਤਲ ਕਰਨ ਦੇ ਮਾਮਲੇ ਦੀ ਭਾਈ ਲੌਂਗੋਵਾਲ ਵੱਲੋਂ ਨਿਖੇਧੀ

09/12/2018 6:02:30 PM

ਅੰਮ੍ਰਿਤਸਰ (ਦੀਪਕ/ਅਨਿਲ) : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਰਾਜਸਥਾਨ ਦੇ ਪੀਲੀਬੰਗਾ ਥਾਣੇ ਨਜ਼ਦੀਕ ਪਿੰਡ ਖਰਲੀਆਂ ਨੇੜੇ ਕੁਝ ਸ਼ਰਾਰਤੀ ਅਨਸਰਾਂ ਵੱਲੋਂ ਇਕ ਨਿਹੰਗ ਰਾਜਵੀਰ ਸਿੰਘ ਦੇ ਜਬਰੀ ਕੇਸ ਕਤਲ ਕਰਨ ਦੇ ਸਾਹਮਣੇ ਆਏ ਮਾਮਲੇ ਦੀ ਸਖ਼ਤ ਸ਼ਬਦਾਂ ਵਿਚ ਨਿਖੇਧੀ ਕਰਦਿਆਂ ਪ੍ਰਸ਼ਾਸਨ ਪਾਸੋਂ ਦੋਸ਼ੀਆਂ ਖ਼ਿਲਾਫ਼ ਕਾਰਵਾਈ ਦੀ ਮੰਗ ਕੀਤੀ ਹੈ। ਭਾਈ ਲੌਂਗੋਵਾਲ ਨੇ ਕਿਹਾ ਕਿ ਇਹ ਘਟਨਾ ਸਿੱਖਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਵਾਲੀ ਹੈ, ਇਸ ਲਈ ਦੋਸ਼ੀਆਂ ਖਿਲਾਫ ਸਖ਼ਤ ਕਾਰਵਾਈ ਹੋਣੀ ਚਾਹੀਦੀ ਹੈ ਤਾਂ ਜੋ ਅੱਗੇ ਤੋਂ ਕੋਈ ਵੀ ਅਜਿਹਾ ਕਰਨ ਦੀ ਹਿੰਮਤ ਨਾ ਕਰੇ। 

ਉਨ੍ਹਾ ਕਿਹਾ ਕਿ ਕਿਸੇ ਵੀ ਮਾਮਲੇ ਵਿਚ ਧਾਰਮਿਕ ਭਾਵਨਾਵਾਂ ਨੂੰ ਸੱਟ ਮਾਰਨ ਦਾ ਵਰਤਾਰਾ ਜਾਇਜ਼ ਨਹੀਂ। ਉਨ੍ਹਾ ਕਿਹਾ ਕਿ ਕੇਸ ਗੁਰੂ ਬਖਸ਼ੀ ਜੀਵਨ ਜਾਚ ਦਾ ਅਹਿਮ ਅੰਗ ਹਨ, ਇਸ ਲਈ ਸਿੱਖਾਂ ਦੇ ਇਨ੍ਹਾਂ ਧਾਰਮਿਕ ਚਿੰਨ੍ਹਾਂ ਦੀ ਬੇਅਦਬੀ ਕਰਨ 'ਤੇ ਸਬੰਧਤ ਖਿਲਾਫ ਧਾਰਮਿਕ ਭਾਵਨਾਵਾਂ ਨਾਲ ਖਿਲਵਾੜ ਕਰਨ ਦਾ ਕੇਸ ਦਰਜ ਕੀਤਾ ਜਾਵੇ। ਉਨ੍ਹਾ ਕਿਹਾ ਕਿ ਰਾਜਸਥਾਨ ਸੂਬੇ ਵਿਚ ਇਸ ਤੋਂ ਪਹਿਲਾਂ ਵੀ ਅਜਿਹੇ ਮਾਮਲੇ ਸਾਹਮਣੇ ਆ ਚੁੱਕੇ ਹਨ, ਜਿਨ੍ਹਾਂ ਨੇ ਸਿੱਖਾਂ ਦੀਆਂ ਧਾਰਮਿਕ ਭਾਵਨਾਵਾਂ ਤਾਰ-ਤਾਰ ਕੀਤੀਆਂ ਹਨ। ਭਾਈ ਲੌਂਗੋਵਾਲ ਨੇ ਕਿਹਾ ਕਿ ਲਗਾਤਾਰ ਅਜਿਹੀਆਂ ਘਟਨਾਵਾਂ ਘੱਟ ਗਿਣਤੀ ਸਿੱਖਾਂ ਨਾਲ ਆਪਣੇ ਹੀ ਦੇਸ਼ ਵਿਚ ਬੇਗਾਨਗੀ ਦਾ ਅਹਿਸਾਸ ਕਰਵਾਉਣ ਵਾਲੀਆਂ ਹਨ। ਸੋ ਅਜਿਹੀਆਂ ਘਟਨਾਵਾਂ ਤੁਰੰਤ ਰੋਕਣ ਲਈ ਸਰਕਾਰ ਸਖ਼ਤੀ ਵਰਤੇ।