ਭਾਈ ਲੌਂਗੋਵਾਲ ਵੱਲੋਂ ਗੁਰਦਾਸ ਸਿੰਘ ਬਾਦਲ ਦੇ ਅਕਾਲ ਚਲਾਣੇ ''ਤੇ ਦੁੱਖ ਦਾ ਪ੍ਰਗਟਾਵਾ

05/15/2020 6:20:38 PM

ਅੰਮ੍ਰਿਤਸਰ (ਦੀਪਕ ਸ਼ਰਮਾ) : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਪ੍ਰਕਾਸ਼ ਸਿੰਘ ਬਾਦਲ ਦੇ ਭਰਾ ਅਤੇ ਪੰਜਾਬ ਦੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਦੇ ਪਿਤਾ ਸਾਬਕਾ ਸੰਸਦ ਮੈਂਬਰ ਗੁਰਦਾਸ ਸਿੰਘ ਬਾਦਲ ਦੇ ਅਕਾਲ ਚਲਾਣੇ 'ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਭਾਈ ਲੌਂਗੋਵਾਲ ਨੇ ਕਿਹਾ ਕਿ ਗੁਰਦਾਸ ਸਿੰਘ ਬਾਦਲ ਨੇ ਹਮੇਸ਼ਾ ਹੀ ਪੰਜਾਬ ਦੇ ਸਰੋਕਾਰਾਂ ਦੀ ਗੱਲ ਕੀਤੀ ਅਤੇ ਗਰੀਬਾਂ ਦੇ ਹਮਦਰਦ ਵਜੋਂ ਵਿਚਰੇ। ਉਨ੍ਹਾਂ ਦੇ ਸਮਾਜਕ ਖੇਤਰ 'ਚ ਯੋਗਦਾਨ ਨੂੰ ਭੁਲਾਇਆ ਨਹੀਂ ਜਾ ਸਕਦਾ। ਗੁਰਦਾਸ ਸਿੰਘ ਬਾਦਲ ਦੇ ਅਕਾਲ ਚਲਾਣੇ ਨਾਲ ਬਾਦਲ ਪਰਿਵਾਰ ਨੂੰ ਵੱਡਾ ਘਾਟਾ ਪਿਆ ਹੈ, ਜਿਸ ਦੀ ਪੂਰਤੀ ਕਦੇ ਨਹੀਂ ਹੋ ਸਕਦੀ। ਭਾਈ ਲੌਂਗੋਵਾਲ ਨੇ ਪ੍ਰਕਾਸ਼ ਸਿੰਘ ਬਾਦਲ, ਮਨਪ੍ਰੀਤ ਸਿੰਘ ਬਾਦਲ ਅਤੇ ਸੁਖਬੀਰ ਸਿੰਘ ਬਾਦਲ ਨਾਲ ਹਮਦਰਦੀ ਪ੍ਰਗਟਾਉਂਦਿਆਂ ਅਕਾਲ ਪੁਰਖ ਦੇ ਚਰਨਾਂ ਵਿਚ ਵਿਛੜੀ ਰੂਹ ਦੀ ਸ਼ਾਂਤੀ ਲਈ ਅਰਦਾਸ ਕੀਤੀ।.

ਇਹ ਵੀ ਪੜ੍ਹੋ ► ਗੁਰਦਾਸ ਸਿੰਘ ਬਾਦਲ ਦੇ ਦਿਹਾਂਤ 'ਤੇ ਮੁੱਖ ਮੰਤਰੀ ਵਲੋਂ ਦੁੱਖ ਦਾ ਪ੍ਰਗਟਾਵਾ     

ਦੱਸਣਯੋਗ ਹੈ ਕਿ ਵਿੱਤ ਮੰਤਰੀ ਮਨਪ੍ਰੀਤ ਬਾਦਲ ਦੇ ਪਿਤਾ ਅਤੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੇ ਛੋਟੇ ਭਰਾ ਗੁਰਦਾਸ ਸਿੰਘ ਬਾਦਲ ਵੀਰਵਾਰ ਦੇਰ ਰਾਤ ਅਕਾਲ ਚਲਾਣਾ ਕਰ ਗਏ ਸਨ। ਉਹ ਪਿਛਲੇ ਲੰਬੇ ਸਮੇਂ ਤੋਂ ਸ਼ੂਗਰ ਦੀ ਬਿਮਾਰੀ ਨਾਲ ਪੀੜਤ ਸਨ। 88 ਸਾਲਾ ਗੁਰਦਾਸ ਬਾਦਲ ਨੇ ਵੀਰਵਾਰ ਦੇਰ ਰਾਤ ਮੋਹਾਲੀ ਦੇ ਫੋਰਟਿਸ ਹਸਪਤਾਲ ਵਿਚ ਆਖਰੀ ਸਾਹ ਲਏ। ਬੀਤੇ ਹਫਤੇ ਗੁਰਦਾਸ ਸਿੰਘ ਬਾਦਲ ਦੀ ਸਿਹਤ ਖਰਾਬ ਹੋਣ ਕਾਰਨ ਉਨ੍ਹਾਂ ਨੂੰ ਮੋਹਾਲੀ ਦੇ ਫੋਰਟਿਸ ਹਸਪਤਾਲ ਵਿਚ ਦਾਖ਼ਲ ਕਰਵਾਇਆ ਗਿਆ ਸੀ। ਪਿਛਲੇ ਮਹੀਨੇ ਹੀ ਗੁਰਦਾਸ ਸਿੰਘ ਬਾਦਲ ਦੀ ਧਰਮ ਪਤਨੀ ਮਹਿੰਦਰ ਕੌਰ ਦਾ ਵੀ ਲੰਬੀ ਬਿਮਾਰੀ ਤੋਂ ਬਾਅਦ ਦੇਹਾਂਤ ਹੋ ਗਿਆ ਸੀ। ਗੁਰਦਾਸ ਸਿੰਘ ਬਾਦਲ ਦਾ ਅੰਤਿਮ ਸੰਸਕਾਰ ਉਨ੍ਹਾਂ ਦੇ ਜੱਦੀ ਪਿੰਡ ਬਾਦਲ ਵਿਖੇ ਕੀਤਾ ਗਿਆ।

ਇਹ ਵੀ ਪੜ੍ਹੋ ► 'ਗੁਰਦਾਸ ਬਾਦਲ' ਦਾ ਸਰਕਾਰੀ ਸਨਮਾਨਾਂ ਨਾਲ ਅੰਤਿਮ ਸੰਸਕਾਰ, ਮਨਪ੍ਰੀਤ-ਸੁਖਬੀਰ ਨੇ ਦਿੱਤਾ ਅਰਥੀ ਨੂੰ ਮੋਢਾ 

Anuradha

This news is Content Editor Anuradha