SGPC ਪ੍ਰਧਾਨ ਦੀ ਕੇਂਦਰ ਸਰਕਾਰ ਨੂੰ ਮੰਗ, 'ਜਲਦ ਖੋਲ੍ਹਿਆ ਜਾਵੇ ਸ੍ਰੀ ਕਰਤਾਰਪੁਰ ਸਾਹਿਬ ਲਾਂਘਾ'
Monday, Aug 24, 2020 - 08:07 AM (IST)
ਤਲਵੰਡੀ ਸਾਬੋ (ਮੁਨੀਸ਼) : ਭਾਵੇਂ ਕੋਰੋਨਾ ਮਹਾਮਾਰੀ ਦਾ ਕਹਿਰ ਅਜੇ ਜਾਰੀ ਹੈ ਪਰ ਜਿਵੇਂ ਬੀਤੇ ਦਿਨਾਂ ’ਚ ਕੇਂਦਰ ਸਰਕਾਰ ਨੇ ਦੇਸ਼ ’ਚ ਧਾਰਮਿਕ ਸਥਾਨਾਂ ਨੂੰ ਖੋਲ੍ਹ ਦਿੱਤਾ ਸੀ, ਉਂਝ ਹੀ ਸਿੱਖ ਭਾਈਚਾਰੇ ਦੀਆਂ ਭਾਵਨਾਵਾਂ ਨੂੰ ਦੇਖਦਿਆਂ ਹੁਣ ਚਾਹੀਦਾ ਇਹ ਹੈ ਕਿ ਕੇਂਦਰ ਸਰਕਾਰ ਬਿਨਾਂ ਦੇਰੀ ਸ੍ਰੀ ਕਰਤਾਰਪੁਰ ਸਾਹਿਬ ਲਾਂਘੇ ਨੂੰ ਖੋਲ੍ਹੇ ਤਾਂ ਜੋ ਸਿੱਖ ਆਪਣੇ ਪਾਵਨ ਅਸਥਾਨ ਦੇ ਦਰਸ਼ਨ ਕਰ ਸਕਣ।
ਉਕਤ ਵਿਚਾਰਾਂ ਦਾ ਪ੍ਰਗਟਾਵਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਇੱਥੇ ਗੱਲਬਾਤ ਦੌਰਾਨ ਕੀਤਾ। ਭਾਈ ਲੌਂਗੋਵਾਲ ਨੇ ਕਿਹਾ ਕਿ ਜਦੋਂ ਕਰਤਾਰਪੁਰ ਸਾਹਿਬ ਦਾ ਲਾਂਘਾ ਖੁੱਲ੍ਹਿਆ ਤਾਂ ਦੇਸ਼-ਵਿਦੇਸ਼ ਦੀਆਂ ਸਿੱਖ ਸੰਗਤਾਂ ’ਚ ਖੁਸ਼ੀ ਦੇਖਣ ਨੂੰ ਮਿਲੀ ਸੀ ਪਰ ਬਾਅਦ ’ਚ ਕੋਰੋਨਾ ਮਹਾਮਾਰੀ ਕਾਰਣ ਉਕਤ ਲਾਂਘੇ ਨੂੰ ਬੰਦ ਕਰ ਦਿੱਤਾ ਗਿਆ।
ਉਨ੍ਹਾਂ ਕਿਹਾ ਕਿ ਹੁਣ ਜਦੋਂ ਦੇਸ਼ ’ਚ ਬਾਕੀ ਧਾਰਮਿਕ ਅਸਥਾਨ ਖੋਲ੍ਹ ਦਿੱਤੇ ਗਏ ਹਨ ਤਾਂ ਸਿੱਖ ਸੰਗਤਾਂ ਬੜੀ ਬੇਸਬਰੀ ਨਾਲ ਉਡੀਕ ਕਰ ਰਹੀਆਂ ਹਨ ਕਿ ਕਰਤਾਰਪੁਰ ਸਾਹਿਬ ਲਾਂਘਾ ਵੀ ਖੁੱਲ੍ਹੇ ਤਾਂ ਉਹ ਪਾਕਿਸਤਾਨ ਵਿਚਲੇ ਆਪਣੇ ਧਾਰਮਿਕ ਅਸਥਾਨ ਦੇ ਦਰਸ਼ਨ ਕਰ ਸਕਣ। ਉਨ੍ਹਾਂ ਕੇਂਦਰ ਸਰਕਾਰ ਤੋਂ ਮੰਗ ਕੀਤੀ ਕਿ ਸਿੱਖ ਭਾਵਨਾਵਾਂ ਨੂੰ ਦੇਖਦਿਆਂ ਤੁਰੰਤ ਕਰਤਾਰਪੁਰ ਸਾਹਿਬ ਲਾਂਘਾ ਖੋਲ੍ਹਣ ਦਾ ਐਲਾਨ ਕੀਤਾ ਜਾਵੇ।