ਪਾਵਨ ਸਰੂਪਾਂ ਦੇ ਮਾਮਲੇ ’ਤੇ ਸਿਆਸਤ ਬੰਦ ਕਰ ਦੇਣੀ ਚਾਹੀਦੀ : ਭਾਈ ਲੌਂਗੋਵਾਲ
Monday, Sep 07, 2020 - 07:39 AM (IST)
ਫਤਿਹਗੜ੍ਹ ਸਾਹਿਬ (ਜਗਦੇਵ) : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪਬਲੀਸਿਟੀ ਮਹਿਕਮੇ ਦੇ ਮੁਲਾਜ਼ਮਾਂ ਤੇ ਅਧਿਕਾਰੀਆਂ ਵੱਲੋਂ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ 328 ਪਾਵਨ ਸਰੂਪ ਸੰਗਤ ਨੂੰ ਦੇ ਕੇ ਇਸ ਦੀ ਭੇਟਾ ਦਫ਼ਤਰ ਜਮ੍ਹਾਂ ਕਰਵਾਉਣ ਦੀ ਬਜਾਏ ਆਪਣੀਆਂ ਜੇਬਾਂ ’ਚ ਪਾਈ, ਜਿਸ ਕਾਰਣ ਰਿਕਾਰਡ ’ਚ ਹੇਰਾ-ਫੇਰੀ ਕਰਨ ਦੇ ਦੋਸ਼ ’ਚ ਸਬੰਧਿਤ ਅਧਿਕਾਰੀਆਂ ਤੇ ਮੁਲਾਜ਼ਮਾਂ ਖਿਲਾਫ਼ ਸ਼੍ਰੋਮਣੀ ਕਮੇਟੀ ਵੱਲੋਂ ਬਣਦੀ ਕਾਰਵਾਈ ਕੀਤੀ ਗਈ ਹੈ।
ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਫਤਿਹਗੜ੍ਹ ਸਾਹਿਬ ਵਿਖੇ ਸ਼੍ਰੋਮਣੀ ਕਮੇਟੀ ਮੈਂਬਰ ਭਾਈ ਕਰਨੈਲ ਸਿੰਘ ਪੰਜੋਲੀ ਦੇ ਸਹੁਰਾ ਅਮਰੀਕ ਸਿੰਘ ਜਰਗੜੀ ਦੇ ਬੀਤੇ ਦਿਨੀਂ ਹੋਏ ਦਿਹਾਂਤ, ਭਾਈ ਰਵਿੰਦਰ ਸਿੰਘ ਖ਼ਾਲਸਾ ਮੈਂਬਰ ਹਲਕਾ ਅਮਲੋਹ ਦੇ ਪਿਤਾ ਬਲਦੇਵ ਸਿੰਘ ਦੇ ਅਕਾਲ ਚਲਾਣੇ ਤੇ ਸ਼੍ਰੋਮਣੀ ਕਮੇਟੀ ਮੈਂਬਰ ਭਾਈ ਅਵਤਾਰ ਸਿੰਘ ਰਿਆ ਦੇ ਭਰਾ ਸਹਾਇਕ ਥਾਣੇਦਾਰ ਦਵਿੰਦਰ ਸਿੰਘ ਦੀ ਕੋਰੋਨਾ ਕਾਰਣ ਹੋਈ ਮੌਤ ’ਤੇ ਪਰਿਵਾਰਾਂ ਨਾਲ ਹਮਦਰਦੀ ਦਾ ਪ੍ਰਗਟਾਵਾ ਕਰਦਿਆਂ ਸ਼ਰਧਾਂਜਲੀ ਸਮਾਗਮਾਂ ’ਚ ਹਾਜ਼ਰੀ ਲਾਉਣ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ।
ਭਾਈ ਲੌਂਗੋਵਾਲ ਨੇ ਕਿਹਾ ਕਿ ਪਾਵਨ ਸਰੂਪ ਗਾਇਬ ਹੋਣ ਦੀ ਸੰਗਤ ਦੇ ਮਨਾਂ ’ਚ ਬਹੁਤ ਦੁੱਖ ਤੇ ਪੀੜਾ ਹੈ, ਜਿਸ ਕਾਰਣ ਇਸ ਮਾਮਲੇ ’ਤੇ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਜਾਂਚ ਕਰਵਾਈ ਗਈ ਤੇ ਇਸ ਸਬੰਧੀ ਜੋ ਰਿਪੋਰਟ ਆਈ ਉਸ ਨੂੰ ਜਨਤਕ ਤੌਰ ’ਤੇ ਸੰਗਤ ਅੱਗੇ ਪੇਸ਼ ਕੀਤਾ ਗਿਆ। ਉਨ੍ਹਾਂ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੁਕਮਾਂ ਤਹਿਤ ਡਾ. ਈਸ਼ਰ ਸਿੰਘ ਵੱਲੋਂ ਕੀਤੀ ਗਈ ਨਿਰਪੱਖ ਜਾਂਚ ਦੌਰਾਨ 16 ਵਿਅਕਤੀਆਂ ਉੱਪਰ ਦੋਸ਼ ਸਿੱਧ ਹੋਣ ਦੀ ਸੂਚੀ ਤਿਆਰ ਕੀਤੀ ਹੈ, ਉਸ ’ਚ ਸ਼੍ਰੋਮਣੀ ਕਮੇਟੀ ਦੇ ਸਾਬਕਾ ਮੁੱਖ ਸਕੱਤਰ ਡਾ. ਰੂਪ ਸਿੰਘ ਦਾ ਨਾਂ ਵੀ ਸ਼ਾਮਲ ਹੈ ਤੇ ਉਹ ਵੀ ਮਾਮਲੇ ’ਚ ਬਰਾਬਰ ਦਾ ਦੋਸ਼ੀ ਹੈ।
ਉਨ੍ਹਾਂ ਕਿਹਾ ਕਿ ਜਿਨ੍ਹਾਂ ਵਿਅਕਤੀਆਂ ਵੱਲੋਂ ਰਿਕਾਰਡ ’ਚ ਹੇਰਾ-ਫੇਰੀ ਕਰ ਕੇ ਪੈਸੇ ਆਪਣੀ ਜੇਬ ’ਚ ਪਾਏ ਗਏ ਸਨ, ਉਨ੍ਹਾਂ ਖਿਲਾਫ਼ ਬਣਦੀ ਕਾਰਵਾਈ ਕਰ ਦਿੱਤੀ ਗਈ ਹੈ ਤੇ ਹੁਣ ਇਸ ਮਾਮਲੇ ਤੇ ਕਿਸੇ ਤਰ੍ਹਾਂ ਦੀ ਕਿਸੇ ਵੀ ਵਿਅਕਤੀ ਨੂੰ ਕੋਈ ਸਿਆਸਤ ਨਹੀਂ ਕਰਨੀ ਚਾਹੀਦੀ। ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਦੇ ਮੀਤ ਪ੍ਰਧਾਨ ਜਗਦੀਪ ਸਿੰਘ ਚੀਮਾ, ਸ਼੍ਰੋਮਣੀ ਅਕਾਲੀ ਦਲ ਹਲਕਾ ਬੱਸੀ ਪਠਾਣਾਂ ਦੇ ਇੰਚਾਰਜ ਦਰਬਾਰਾ ਸਿੰਘ ਗੁਰੂ, ਗੁਰਪ੍ਰੀਤ ਸਿੰਘ ਰਾਜੂ ਖੰਨਾ, ਭਾਈ ਕਰਨੈਲ ਸਿੰਘ ਪੰਜੋਲੀ, ਭਾਈ ਰਵਿੰਦਰ ਸਿੰਘ ਖ਼ਾਲਸਾ, ਭਾਈ ਅਵਤਾਰ ਸਿੰਘ ਰਿਆ, ਸ਼੍ਰੋਮਣੀ ਕਮੇਟੀ ਦੇ ਸਾਬਕਾ ਸਕੱਤਰ ਅਵਤਾਰ ਸਿੰਘ ਸੈਂਪਲਾ, ਬਲਜੀਤ ਸਿੰਘ ਭੁੱਟਾ, ਸ਼ੇਰ ਸਿੰਘ ਸਾਬਕਾ ਪ੍ਰਧਾਨ ਨਗਰ ਕੌਂਸਲ ਸਰਹਿੰਦ, ਜ਼ਿਲਾ ਪ੍ਰਧਾਨ ਜਥੇ. ਸਵਰਨ ਸਿੰਘ ਚਨਾਰਥਲ, ਜ਼ਿਲਾ ਖ਼ਜ਼ਾਨਚੀ ਕੁਲਵਿੰਦਰ ਸਿੰਘ ਡੇਰਾ, ਪੰਥਕ ਢਾਡੀ ਜਸਪਾਲ ਸਿੰਘ ਤਾਨ, ਅਜਾਇਬ ਸਿੰਘ ਜਖਵਾਲੀ, ਬੀਬੀ ਮਨਪ੍ਰੀਤ ਕੌਰ ਹੁੰਦਲ ਸਮੇਤ ਵੱਡੀ ਗਿਣਤੀ ’ਚ ਇਲਾਕੇ ਦੀਆਂ ਸੰਗਤਾਂ ਵੀ ਹਾਜ਼ਰ ਸਨ।