ਜੰਮੂ-ਕਸ਼ਮੀਰ ਭਾਸ਼ਾ ਬਿੱਲ ''ਚ ਪੰਜਾਬੀ ਨੂੰ ਸ਼ਾਮਲ ਕਰਨ ਲਈ ਭਾਈ ਲੌਂਗੋਵਾਲ ਨੇ ਪ੍ਰਧਾਨ ਮੰਤਰੀ ਨੂੰ ਲਿਖਿਆ ਪੱਤਰ

Sunday, Sep 13, 2020 - 05:24 PM (IST)

ਜੰਮੂ-ਕਸ਼ਮੀਰ ਭਾਸ਼ਾ ਬਿੱਲ ''ਚ ਪੰਜਾਬੀ ਨੂੰ ਸ਼ਾਮਲ ਕਰਨ ਲਈ ਭਾਈ ਲੌਂਗੋਵਾਲ ਨੇ ਪ੍ਰਧਾਨ ਮੰਤਰੀ ਨੂੰ ਲਿਖਿਆ ਪੱਤਰ

ਅੰਮ੍ਰਿਤਸਰ (ਦੀਪਕ ਸ਼ਰਮਾ) : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਜੰਮੂ ਕਸ਼ਮੀਰ ਦੀਆਂ ਸਰਕਾਰੀ ਭਾਸ਼ਾਵਾਂ ਦੀ ਸੂਚੀ ਵਿਚ ਪੰਜਾਬੀ ਭਾਸ਼ਾ ਨੂੰ ਸ਼ਾਮਲ ਕਰਨ ਲਈ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਪੱਤਰ ਲਿਖਿਆ ਹੈ। ਭਾਈ ਲੌਂਗੋਵਾਲ ਨੇ ਕਿਹਾ ਕਿ ਬੀਤੇ ਦਿਨੀਂ ਭਾਰਤ ਸਰਕਾਰ ਦੀ ਕੈਬਨਿਟ ਮੀਟਿੰਗ ਦੌਰਾਨ ਪ੍ਰਵਾਨ ਕੀਤੇ ਗਏ ਜੰਮੂ-ਕਸ਼ਮੀਰ ਭਾਸ਼ਾ ਬਿੱਲ ਵਿਚੋਂ ਪੰਜਾਬੀ ਨੂੰ ਬਾਹਰ ਰੱਖਿਆ ਗਿਆ ਹੈ, ਜਿਸ ਕਾਰਨ ਸਿੱਖਾਂ ਅੰਦਰ ਰੋਸ ਹੈ। ਇਸ ਦੇ ਨਾਲ ਹੀ ਹੋਰ ਖੇਤਰੀ ਭਾਸ਼ਾਵਾਂ ਨੂੰ ਵੀ ਮਾਨਤਾ ਨਹੀਂ ਦਿੱਤੀ ਗਈ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਦੇਸ਼ ਦੇ ਪ੍ਰਧਾਨ ਮੰਤਰੀ ਨੂੰ ਆਖਿਆ ਹੈ ਕਿ ਇਹ ਭਾਸ਼ਾ ਬਿੱਲ ਜੋ ਮਾਨਸੂਨ ਸੈਸ਼ਨ ਦੌਰਾਨ ਸੰਸਦ ਵਿਚ ਪੇਸ਼ ਕੀਤਾ ਜਾਣਾ ਹੈ, ਨੂੰ ਸੋਧਣ ਉਪਰੰਤ ਹੀ ਪਾਸ ਕੀਤਾ ਜਾਵੇ। ਸੰਸਦ ਵਿਚ ਬਿੱਲ 'ਤੇ ਮੋਹਰ ਲਗਾਉਣ ਤੋਂ ਪਹਿਲਾਂ ਇਸ ਵਿਚ ਪੰਜਾਬੀ ਅਤੇ ਹੋਰ ਖੇਤਰੀ ਭਾਸ਼ਾਵਾਂ ਦਰਜ ਕੀਤੀਆਂ ਜਾਣ।

ਇਹ ਵੀ ਪੜ੍ਹੋ :  ਕਾਂਗਰਸ ਦੇ ਫੇਰਬਦਲ ਨੇ ਬਦਲੇ ਪੰਜਾਬ ਕਾਂਗਰਸ ਦੇ ਹਾਲਾਤ, ਸਿੱਧੂ 'ਤੇ ਸਸਪੈਂਸ ਫਿਰ ਬਰਕਰਾਰ

ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਲੌਂਗੋਵਾਲ ਨੇ ਕਿਹਾ ਕਿ ਜੰਮੂ-ਕਸ਼ਮੀਰ ਭਾਸ਼ਾ ਬਿੱਲ ਵਿਚੋਂ ਪੰਜਾਬੀ ਅਤੇ ਹੋਰ ਖੇਤਰੀ ਭਾਸ਼ਾਵਾਂ ਨੂੰ ਮਾਨਤਾ ਨਾ ਦੇਣੀ ਕਿਸੇ ਵੀ ਤਰ੍ਹਾਂ ਠੀਕ ਨਹੀਂ ਹੈ। ਕੇਂਦਰ ਦੇ ਇਸ ਕਦਮ ਨਾਲ ਘੱਟ ਗਿਣਤੀਆਂ ਦੀਆਂ ਭਾਵਨਾਵਾਂ ਨੂੰ ਠੇਸ ਪੁੱਜੀ ਹੈ। ਉਨ੍ਹਾਂ ਕਿਹਾ ਕਿ ਜੰਮੂ-ਕਸ਼ਮੀਰ ਅੰਦਰ ਵੱਡੀ ਗਿਣਤੀ ਵਿਚ ਲੋਕ ਪੰਜਾਬੀ ਅਤੇ ਹੋਰ ਖੇਤਰੀ ਭਾਸ਼ਾਵਾਂ ਬੋਲਦੇ ਹਨ। ਪੰਜਾਬੀ ਭਾਸ਼ਾ ਨੂੰ ਜੰਮੂ-ਕਸ਼ਮੀਰ ਦੇ ਸੰਵਿਧਾਨ ਵਿਚ ਵੀ ਮਾਨਤਾ ਸੀ। ਇਸ ਲਈ ਪੰਜਾਬੀ ਭਾਸ਼ਾ ਨੂੰ ਨਜ਼ਰ-ਅੰਦਾਜ਼ ਨਹੀਂ ਕੀਤਾ ਜਾ ਸਕਦਾ। ਉਨ੍ਹਾਂ ਪ੍ਰਧਾਨ ਮੰਤਰੀ ਨੂੰ ਲਿਖੇ ਪੱਤਰ ਵਿਚ ਇਹ ਵੀ ਆਖਿਆ ਕਿ ਜੰਮੂ-ਕਸ਼ਮੀਰ ਅੰਦਰ ਸਿੱਖਾਂ ਨੂੰ ਪਹਿਲਾਂ ਹੀ ਘੱਟ ਗਿਣਤੀ ਦੇ ਦਰਜੇ ਤੋਂ ਵਾਂਝਿਆਂ ਰੱਖਿਆ ਹੋਇਆ ਹੈ ਅਤੇ ਹੁਣ ਪੰਜਾਬੀ ਭਾਸ਼ਾ ਨਾਲ ਅਨਿਆਂ ਕਰਕੇ ਉਨ੍ਹਾਂ ਨਾਲ ਇਕ ਹੋਰ ਧੱਕਾ ਕੀਤਾ ਗਿਆ ਹੈ। ਉਨ੍ਹਾਂ ਪ੍ਰਧਾਨ ਮੰਤਰੀ ਨੂੰ ਅਪੀਲ ਕੀਤੀ ਕਿ ਇਸ ਬਿੱਲ ਨੂੰ ਸੰਸਦ ਵਿਚ ਪਾਸ ਕਰਨ ਤੋਂ ਪਹਿਲਾਂ ਇਸ ਵਿਚ ਪੰਜਾਬੀ ਅਤੇ ਹੋਰ ਖੇਤਰੀ ਭਾਸ਼ਾਵਾਂ ਨੂੰ ਸ਼ਾਮਲ ਕੀਤੀਆਂ ਜਾਣ।

ਇਹ ਵੀ ਪੜ੍ਹੋ :  ਮਨਪ੍ਰੀਤ ਇਯਾਲੀ ਦੀ ਦੋ ਟੁੱਕ, ਖੇਤੀ ਆਰਡੀਨੈਂਸ 'ਤੇ ਸਖ਼ਤ ਸਟੈਂਡ ਲੈਣ ਤੋਂ ਗੁਰੇਜ਼ ਨਾ ਕਰੇ ਅਕਾਲੀ ਦਲ


author

Gurminder Singh

Content Editor

Related News