ਪੰਜਾਬ ਦੇ ਕਿਸਾਨਾਂ ਲਈ ਚੰਗੀ ਖ਼ਬਰ, ਸੋਲਰ ਪੰਪਾਂ ਲਈ ਮਿਲੇਗੀ 60 ਫ਼ੀਸਦੀ ਸਬਸਿਡੀ

Tuesday, Mar 12, 2024 - 04:43 PM (IST)

ਪੰਜਾਬ ਦੇ ਕਿਸਾਨਾਂ ਲਈ ਚੰਗੀ ਖ਼ਬਰ, ਸੋਲਰ ਪੰਪਾਂ ਲਈ ਮਿਲੇਗੀ 60 ਫ਼ੀਸਦੀ ਸਬਸਿਡੀ

ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਦੂਰਅੰਦੇਸ਼ ਸੋਚ ਅਨੁਸਾਰ ਸੂਰਜੀ ਊਰਜਾ ਦੀ ਸਰਵੋਤਮ ਵਰਤੋਂ ਨੂੰ ਯਕੀਨੀ ਬਣਾਉਣ ਅਤੇ ਖੇਤੀਬਾੜੀ ਸੈਕਟਰ ਨੂੰ ਕਾਰਬਨ-ਰਹਿਤ ਕਰਨ ਲਈ ਪੰਜਾਬ ਊਰਜਾ ਵਿਕਾਸ ਏਜੰਸੀ (ਪੇਡਾ) ਵੱਲੋਂ ਸੂਬੇ ਦੇ ਕਿਸਾਨਾਂ ਨੂੰ ਖੇਤੀਬਾੜੀ ਵਾਸਤੇ 90,000 ਨਵੇਂ ਸੌਰ ਊਰਜਾ ਪੰਪ ਮੁਹੱਈਆ ਕਰਵਾਏ ਜਾਣਗੇ। ਇਹ ਜਾਣਕਾਰੀ ਅੱਜ ਪੰਜਾਬ ਦੇ ਨਵੀਂ ਤੇ ਨਵਿਆਉਣਯੋਗ ਊਰਜਾ ਸਰੋਤ ਮੰਤਰੀ ਅਮਨ ਅਰੋੜਾ ਨੇ ਪੰਜਾਬ ਵਿਧਾਨ ਸਭਾ 'ਚ ਦਿੱਤੀ। ਉਹ ਸ਼ੁਤਰਾਣਾ ਤੋਂ ਵਿਧਾਇਕ ਕੁਲਵੰਤ ਸਿੰਘ ਬਾਜ਼ੀਗਰ ਵੱਲੋਂ ਪੁੱਛੇ ਸਵਾਲ ਦਾ ਜਵਾਬ ਦੇ ਰਹੇ ਸਨ। ਅਮਨ ਅਰੋੜਾ ਨੇ ਦੱਸਿਆ ਕਿ ਪਹਿਲੇ ਪੜਾਅ ਅਧੀਨ 20,000 ਖੇਤੀ ਸੋਲਰ ਪੰਪ-ਸੈੱਟ ਮੁਹੱਈਆ ਕਰਵਾਏ ਜਾਣਗੇ ਅਤੇ ਬਾਕੀ 70,000 ਸੋਲਰ ਪੰਪ ਦੂਜੇ ਪੜਾਅ 'ਚ ਦਿੱਤੇ ਜਾਣਗੇ।

ਇਹ ਵੀ ਪੜ੍ਹੋ : ਪੰਜਾਬ ਦੇ ਸਕੂਲਾਂ ਨੂੰ ਜਾਰੀ ਹੋਏ ਸਖ਼ਤ ਹੁਕਮ, PSEB ਨੇ ਦੇ ਦਿੱਤੀ ਆਖ਼ਰੀ ਤਾਰੀਖ਼

ਉਨ੍ਹਾਂ ਇਹ ਵੀ ਸਪੱਸ਼ਟ ਕੀਤਾ ਕਿ ਡਾਰਕ ਜ਼ੋਨਜ਼ (ਧਰਤੀ ਹੇਠਲੇ ਪਾਣੀ ਦੀ ਕਿੱਲਤ ਵਾਲੇ ਖੇਤਰ) ਵਿੱਚ ਇਹ ਸੋਲਰ ਪੰਪ ਉਨ੍ਹਾਂ ਕਿਸਾਨਾਂ ਨੂੰ ਅਲਾਟ ਕੀਤੇ ਜਾਣਗੇ, ਜੋ ਆਪਣੇ ਖੇਤਾਂ ਵਿੱਚ ਫੁਹਾਰਾ ਅਤੇ ਤੁਪਕਾ ਸਿੰਚਾਈ ਪ੍ਰਣਾਲੀ ਦੀ ਵਰਤੋਂ ਕਰ ਰਹੇ ਹਨ। ਹਾਲਾਂਕਿ ਜਿਹੜੇ ਕਿਸਾਨਾਂ ਦੀ ਜ਼ਮੀਨ ਡਾਰਕ ਜ਼ੋਨ 'ਚ ਨਹੀਂ ਆਉਂਦੀ ਉਨ੍ਹਾਂ ਉੱਤੇ ਫੁਹਾਰਾ ਤੇ ਤੁਪਕਾ ਸਿੰਚਾਈ ਸਿਸਟਮ ਦੀ ਸ਼ਰਤ ਲਾਗੂ ਨਹੀਂ ਹੋਵੇਗੀ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਸੋਲਰ ਪੰਪਾਂ ਲਈ 60 ਫ਼ੀਸਦੀ ਸਬਸਿਡੀ ਦਿੱਤੀ ਜਾਵੇਗੀ। ਹਲਕਾ ਸਨੌਰ ਦੇ ਸਰਕਾਰੀ ਸਕੂਲਾਂ ਦੀਆਂ ਛੱਤਾਂ 'ਤੇ ਸੋਲਰ ਪੈਨਲ ਲਗਾਉਣ ਸਬੰਧੀ ਵਿਧਾਇਕ ਹਰਮੀਤ ਸਿੰਘ ਪਠਾਨਮਾਜਰਾ ਵੱਲੋਂ ਪੁੱਛੇ ਸਵਾਲ ਦੇ ਜਵਾਬ 'ਚ ਅਮਨ ਅਰੋੜਾ ਨੇ ਦੱਸਿਆ ਕਿ ਸਨੌਰ ਹਲਕੇ ਦੇ ਸਰਕਾਰੀ ਸਕੂਲਾਂ 'ਚ 75 ਕਿਲੋਵਾਟ ਦੀ ਸਮਰੱਥਾ ਵਾਲੇ 15 ਸੋਲਰ ਰੂਫਟਾਪ ਪੀ. ਵੀ. ਪੈਨਲ ਪਹਿਲਾਂ ਹੀ ਲਗਾਏ ਜਾ ਚੁੱਕੇ ਹਨ।

ਇਹ ਵੀ ਪੜ੍ਹੋ : ਅਸਲਾ ਧਾਰਕ ਜ਼ਰਾ ਦੇਣ ਧਿਆਨ, ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਜਾਰੀ ਹੋਈਆਂ ਹਦਾਇਤਾਂ

ਉਨ੍ਹਾਂ ਕਿਹਾ ਕਿ ਫੰਡਾਂ ਦੀ ਪ੍ਰਵਾਨਗੀ ਤੋਂ ਬਾਅਦ ਹਲਕੇ ਦੇ ਹੋਰ ਸਰਕਾਰੀ ਸਕੂਲਾਂ ਦੀਆਂ ਛੱਤਾਂ ‘ਤੇ ਵੀ ਸੋਲਰ ਪੀ. ਵੀ. ਪੈਨਲ ਲਗਾ ਦਿੱਤੇ ਜਾਣਗੇ। ਸਰਕਾਰੀ ਅਤੇ ਅਰਧ-ਸਰਕਾਰੀ ਅਦਾਰਿਆਂ ਨੂੰ ਸੂਰਜੀ ਊਰਜਾ ਅਧੀਨ ਲਿਆਉਣ ਸਬੰਧੀ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਦੇ ਸਵਾਲ ਦੇ ਜਵਾਬ ਵਿੱਚ ਨਵੀਂ ਅਤੇ ਨਵਿਆਉਣਯੋਗ ਊਰਜਾ ਸਰੋਤ ਮੰਤਰੀ ਨੇ ਦੱਸਿਆ ਕਿ ਹਸਪਤਾਲਾਂ ਅਤੇ ਸਕੂਲਾਂ ਸਮੇਤ ਸਰਕਾਰੀ ਅਤੇ ਅਰਧ-ਸਰਕਾਰੀ ਸੰਸਥਾਵਾਂ 'ਚ 19.784 ਮੈਗਾਵਾਟ ਦੀ ਸਮਰੱਥਾ ਵਾਲੇ 3355 ਰੂਫ਼ਟਾਪ ਸੋਲਰ ਪਾਵਰ ਪਲਾਂਟ ਲਗਾਏ ਗਏ ਹਨ। ਇਸ ਤੋਂ ਇਲਾਵਾ 317 ਸਕੂਲਾਂ 'ਚ 1.8 ਮੈਗਾਵਾਟ ਦੀ ਸਮਰੱਥਾ ਵਾਲੇ ਐਸ. ਪੀ. ਵੀ. ਪਲਾਂਟ ਵੀ ਲਗਾਏ ਜਾ ਰਹੇ ਹਨ। ਇਸ ਦੇ ਨਾਲ ਹੀ ਗਰਿੱਡ ਕੁਨੈਕਟਡ ਰੂਫਟਾਪ ਸੋਲਰ ਪਾਵਰ ਪ੍ਰੋਗਰਾਮ ਦੇ ਦੂਜੇ ਪੜਾਅ ਦਾ ਜ਼ਿੰਮਾ ਪੀ. ਐੱਸ. ਪੀ. ਸੀ. ਐੱਲ. ਨੂੰ ਸੌਂਪਿਆ ਗਿਆ ਹੈ, ਜਿਸ ਵੱਲੋਂ ਸੂਬੇ 'ਚ ਘਰੇਲੂ ਸੈਕਟਰ 'ਚ ਰੂਫਟਾਪ ਸੋਲਰ ਪ੍ਰੋਗਰਾਮ ਲਾਗੂ ਕੀਤਾ ਜਾ ਰਿਹਾ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
 


 


author

Babita

Content Editor

Related News