ਪੰਜਾਬ ਦੇ ਸੈਂਕੜੇ ਪਿੰਡਾਂ ਲਈ ਖ਼ੁਸ਼ਖਬਰੀ, ਜਾਰੀ ਹੋ ਗਿਆ ਵੱਡਾ ਟੈਂਡਰ

Friday, Feb 21, 2025 - 04:26 PM (IST)

ਪੰਜਾਬ ਦੇ ਸੈਂਕੜੇ ਪਿੰਡਾਂ ਲਈ ਖ਼ੁਸ਼ਖਬਰੀ, ਜਾਰੀ ਹੋ ਗਿਆ ਵੱਡਾ ਟੈਂਡਰ

ਚੰਡੀਗੜ੍ਹ : ਰੋਪੜ ਜ਼ਿਲ੍ਹੇ ਦੇ 100 ਤੋਂ ਵੱਧ ਪਿੰਡਾਂ ਲਈ ਬੇਹੱਦ ਰਾਹਤ ਭਰੀ ਖ਼ਬਰ ਹੈ ਕਿਉਂਕਿ ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦੇ ਨਿਰੰਤਰ ਯਤਨਾਂ ਸਦਕਾ ਪੰਜਾਬ ਦੇ ਲੋਕ ਨਿਰਮਾਣ ਵਿਭਾਗ (ਪੀ.ਡਬਲਿਊ.ਡੀ.) ਨੇ ਸਵਾਂ ਨਦੀ ਉੱਤੇ ਐਲਗਰਾਂ ਪੁਲ ਦੀ ਮੁਰੰਮਤ ਲਈ 17.56 ਕਰੋੜ ਰੁਪਏ ਦਾ ਟੈਂਡਰ ਜਾਰੀ ਕੀਤਾ ਹੈ। ਇਹ ਪੁਲ ਰੋਪੜ ਜ਼ਿਲ੍ਹੇ ਦੇ 100 ਤੋਂ ਵੱਧ ਪਿੰਡਾਂ ਨੂੰ ਜੋੜਨ ਦੇ ਨਾਲ-ਨਾਲ ਪੰਜਾਬ ਤੇ ਹਿਮਾਚਲ ਪ੍ਰਦੇਸ਼ ਦਰਮਿਆਨ ਇਕ ਅਹਿਮ ਲਿੰਕ ਦਾ ਕੰਮ ਵੀ ਕਰਦਾ ਹੈ। ਇਸ ਪੁਲ ਦੀ ਮੁਰੰਮਤ ਲਈ ਹਰਜੋਤ ਸਿੰਘ ਬੈਂਸ ਦੇ ਲੰਬੇ ਸਮੇਂ ਤੋਂ ਕੀਤੇ ਜਾ ਰਹੇ ਯਤਨਾਂ ਨੂੰ ਦੇਖਦਿਆਂ ਇਹ ਟੈਂਡਰ ਇਕ ਮਹੱਤਵਪੂਰਨ ਮੀਲ ਪੱਥਰ ਹੈ। ਅੱਜ ਇੱਥੇ ਜਾਰੀ ਪ੍ਰੈਸ ਬਿਆਨ ਵਿਚ ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਇਸ ਮਹੱਤਵਪੂਰਨ ਪੁਲ ਦੀ ਮੁਰੰਮਤ ਲਈ ਟੈਂਡਰ ਦੀ ਮਿਆਦ ਨੌਂ ਮਹੀਨਿਆਂ ਦੀ ਹੋਵੇਗੀ। ਚਾਹਵਾਨ ਠੇਕੇਦਾਰ ਸੂਬਾ ਸਰਕਾਰ ਦੀ ਅਧਿਕਾਰਤ ਵੈੱਬਸਾਈਟ ‘ਤੇ ਜਾ ਕੇ ਟੈਂਡਰ ਸਬੰਧੀ ਦਸਤਾਵੇਜ਼ ਪ੍ਰਾਪਤ ਕਰ ਸਕਦੇ ਹਨ ਅਤੇ 20 ਮਾਰਚ, 2025 ਤੱਕ ਆਪਣੀਆਂ ਬੋਲੀ ਜਮ੍ਹਾਂ ਕਰਵਾ ਸਕਦੇ ਹਨ।

ਇਹ ਵੀ ਪੜ੍ਹੋ : ਪੰਜਾਬ ਦੇ ਵਾਹਨ ਚਾਲਕਾਂ ਲਈ ਖ਼ਤਰੇ ਦੀ ਘੰਟੀ! ਸਵੇਰੇ 8 ਤੋਂ 10 ਵਜੇ ਤੱਕ...

PunjabKesari

ਇਸ ਪੁਲ ਦੀ ਮਹੱਤਤਾ ਨੂੰ ਉਜਾਗਰ ਕਰਦਿਆਂ ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਇਹ ਪੁਲ ਨਾ ਸਿਰਫ਼ ਪੰਜਾਬ ਅਤੇ ਹਿਮਾਚਲ ਪ੍ਰਦੇਸ਼ ਦਰਮਿਆਨ ਆਵਾਜਾਈ ਦਾ ਇਕ ਮਹੱਤਵਪੂਰਨ ਰਸਤਾ ਹੈ, ਬਲਕਿ ਇਹ ਰੋਪੜ ਜ਼ਿਲ੍ਹੇ ਨੂੰ ਹੁਸ਼ਿਆਰਪੁਰ ਨਾਲ ਜੋੜਨ ਦੇ ਨਾਲ-ਨਾਲ ਸ਼ਰਧਾਲੂਆਂ, ਸੈਲਾਨੀਆਂ ਅਤੇ ਸਥਾਨਕ ਲੋਕਾਂ ਲਈ ਮੁੱਖ ਰਸਤਾ ਵੀ ਹੈ। ਇਸ ਤੋਂ ਇਲਾਵਾ, ਇਹ ਪ੍ਰਾਜੈਕਟ ਰੋਜ਼ਾਨਾ ਆਉਣ-ਜਾਣ ਵਾਲੇ ਯਾਤਰੀਆਂ ਨੂੰ ਅਤਿ ਲੋੜੀਂਦੀ ਰਾਹਤ ਪ੍ਰਦਾਨ ਕਰੇਗਾ ਜਿਨ੍ਹਾਂ ਨੂੰ ਪੁਲ ਦੀ ਖ਼ਸਤਾ ਹਾਲਤ ਕਾਰਨ ਲੰਬੇ ਸਮੇਂ ਤੋਂ ਅਸੁਵਿਧਾ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਸ ਪੁਲ ਦੀ ਮੁਰੰਮਤ ਨਾਲ ਉਨ੍ਹਾਂ ਬਦਲਵੇਂ ਰੂਟਾਂ 'ਤੇ ਬੋਝ ਵੀ ਘਟੇਗਾ, ਜਿਨ੍ਹਾਂ ਦੀ ਵਰਤੋਂ ਇਸ ਪੁਲ ਦੀ ਖ਼ਸਤਾ ਹਾਲਤ ਕਾਰਨ ਵਧ ਗਈ ਸੀ, ਜਿਸ ਨਾਲ ਖੇਤਰ ਦੇ ਸਮੁੱਚੇ ਸੰਪਰਕ ਅਤੇ ਸੁਰੱਖਿਆ ਵਿਚ ਸੁਧਾਰ ਹੋਵੇਗਾ। ਕੈਬਨਿਟ ਮੰਤਰੀ ਨੇ ਕਿਹਾ ਕਿ ਟੈਂਡਰ ਜਾਰੀ ਹੋਣ ਨਾਲ ਇਸ ਪੁਲ ਦੀ ਮੁਰੰਮਤ ਦਾ ਕੰਮ ਜਲਦੀ ਸ਼ੁਰੂ ਹੋਣ ਦੀ ਉਮੀਦ ਹੈ, ਜਿਸ ਨਾਲ ਖੇਤਰ ਦੇ ਲੋਕਾਂ ਵਿਚ ਬਿਹਤਰ ਸੜਕੀ ਬੁਨਿਆਦੀ ਢਾਂਚੇ ਅਤੇ ਇਲਾਕੇ ਦੇ ਸਮਾਜਿਕ-ਆਰਥਿਕ ਵਿਕਾਸ ਦੀ ਉਮੀਦ ਜਾਗੀ ਹੈ।

ਇਹ ਵੀ ਪੜ੍ਹੋ : ਪੰਜਾਬ 'ਚ ਬੱਚਿਆਂ ਦੀਆਂ ਲੱਗੀਆਂ ਮੌਜਾਂ, ਸਰਕਾਰੀ ਛੁੱਟੀ ਦਾ ਐਲਾਨ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e


author

Gurminder Singh

Content Editor

Related News