ਪੰਜਾਬ ਦੀਆਂ ਗਰਭਵਤੀ ਔਰਤਾਂ ਲਈ ਚੰਗੀ ਖ਼ਬਰ, ਜਾਰੀ ਕੀਤੇ ਗਏ ਖ਼ਾਸ ਹੁਕਮ
Wednesday, Dec 18, 2024 - 03:07 PM (IST)
ਚੰਡੀਗੜ੍ਹ (ਅੰਕੁਰ) : ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਵੱਲੋਂ ਗਰਭਵਤੀ ਔਰਤਾਂ ਅਤੇ ਦੁੱਧ ਚੁੰਘਾਉਣ ਵਾਲੀਆਂ ਮਾਵਾਂ ਦੇ ਪੋਸ਼ਣ ਅਤੇ ਚੰਗੀ ਸਿਹਤ ਨੂੰ ਯਕੀਨੀ ਬਣਾਉਣ ਲਈ ਕਰੀਬ 70 ਹਜ਼ਾਰ ਲਾਭਪਾਤਰੀਆਂ ਨੂੰ 28 ਕਰੋੜ ਰੁਪਏ ਤੁਰੰਤ ਜਾਰੀ ਕਰਨ ਦੇ ਹੁਕਮ ਦਿੱਤੇ ਹਨ। ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਕੈਬਨਿਟ ਮੰਤਰੀ ਨੇ ਦੱਸਿਆ ਕਿ ਸਰਕਾਰ ਗਰਭਵਤੀ ਔਰਤਾਂ ਅਤੇ ਦੁੱਧ ਚੁੰਘਾਉਣ ਵਾਲੀਆਂ ਮਾਵਾਂ ਦੇ ਪੋਸ਼ਣ ਅਤੇ ਸਿਹਤ ਸਥਿਤੀ ਨੂੰ ਉੱਚਾ ਚੁੱਕਣ ਲਈ ਲਗਾਤਾਰ ਕਾਰਜਸ਼ੀਲ ਹੈ। ਉਨ੍ਹਾਂ ਦੱਸਿਆ ਕਿ ਮਾਤਰੂ ਵੰਦਨਾ ਯੋਜਨਾ ਸਕੀਮ ਤਹਿਤ ਚਾਲੂ ਵਿੱਤੀ ਸਾਲ ਦੇ ਮਹੀਨਾ ਅਕਤੂਬਰ 2024 ਵਿੱਚ 22 ਕਰੋੜ ਰੁਪਏ ਦੀ ਵਿੱਤੀ ਸਹਾਇਤਾ ਪਹਿਲੇ ਬੱਚੇ ਦੇ ਜਨਮ ਅਤੇ ਦੂਜੇ ਬੱਚੇ ਕੁੜੀ ਦੇ ਜਨਮ ਤੇ ਕੁੱਲ 65478 ਔਰਤ ਲਾਭਪਾਤਰੀਆਂ ਨੂੰ ਸਿੱਧੀ ਉਨ੍ਹਾਂ ਦੇ ਖ਼ਾਤਿਆਂ ਵਿੱਚ ਭੇਜੀ ਜਾ ਚੁੱਕੀ ਹੈ।
ਇਹ ਵੀ ਪੜ੍ਹੋ : ਪੰਜਾਬ 'ਚ 2 ਦਿਨ ਛੁੱਟੀ ਦਾ ਐਲਾਨ, ਬੰਦ ਰਹਿਣਗੇ ਸਕੂਲ
ਕੈਬਨਿਟ ਮੰਤਰੀ ਨੇ ਦੱਸਿਆ ਕਿ ਸਰਕਾਰ ਵੱਲੋਂ 19 ਸਾਲ ਅਤੇ ਇਸ ਤੋਂ ਵੱਧ ਉਮਰ ਦੀਆਂ ਔਰਤਾਂ ਨੂੰ ਪਹਿਲੇ ਜੀਵਤ ਬੱਚੇ ਦੇ ਜਨਮ 'ਤੇ 5000 ਰੁਪਏ ਦੋ ਕਿਸ਼ਤਾਂ ਵਿੱਚ (3000+2000) ਅਤੇ ਦੂਜਾ ਬੱਚਾ ਕੁੜੀ ਪੈਦਾ ਹੋਣ 'ਤੇ 6000 ਰੁਪਏ ਦਿੱਤੇ ਜਾਂਦੇ ਹਨ। ਇਹ ਰਾਸ਼ੀ ਪ੍ਰਧਾਨ ਮੰਤਰੀ ਮਾਤਰੂ ਵੰਦਨਾ ਯੋਜਨਾ ਤਹਿਤ ਗਰਭਵਤੀ ਔਰਤਾਂ ਅਤੇ ਦੁੱਧ ਚੁੰਘਾਉਣ ਵਾਲੀਆਂ ਮਾਵਾਂ ਦੇ ਪੋਸ਼ਣ ਅਤੇ ਸਿਹਤ ਸਥਿਤੀ ਨੂੰ ਉੱਚਾ ਚੁੱਕਣ ਲਈ ਵਿਸ਼ੇਸ਼ ਸ਼ਰਤਾਂ ਦੀ ਪੂਰਤੀ ਦੇ ਅਧੀਨ ਦਿੱਤੀ ਜਾਂਦੀ ਹੈ। ਇਸ ਯੋਜਨਾ ਦਾ ਮੁੱਖ ਮਕਸਦ ਔਰਤਾਂ ਨੂੰ ਅੰਸ਼ਕ ਮੁਆਵਜ਼ਾ ਪ੍ਰਦਾਨ ਕਰਕੇ ਉਨ੍ਹਾਂ ਦੀ ਸਿਹਤ ਵਿੱਚ ਬੱਚੇ ਦੇ ਜਣੇਪੇ ਤੋਂ ਪਹਿਲਾਂ ਅਤੇ ਬਾਅਦ ਵਿੱਚ ਸੁਧਾਰ ਕਰਨਾ ਹੈ। ਕੈਬਨਿਟ ਮੰਤਰੀ ਨੇ ਕਿਹਾ ਕਿ ਇਸ ਸਕੀਮ ਦਾ ਮਕਸਦ ਸੂਬੇ ਵਿੱਚ ਜਨਮ ਸਮੇਂ ਕੁੜੀਆਂ ਦੇ ਘੱਟ ਰਹੇ ਲਿੰਗ ਅਨੁਪਾਤ ਵਿੱਚ ਸੁਧਾਰ ਕਰਨਾ ਹੈ। ਉਨ੍ਹਾਂ ਇਹ ਵੀ ਕਿਹਾ ਕਿ ਸੂਬੇ ਦੇ ਸਾਰੇ ਆਂਗਣਵਾੜੀ ਸੈਂਟਰਾਂ ਵਿੱਚ ਆਂਗਣਵਾੜੀ ਵਰਕਰਾਂ ਵੱਲੋਂ ਇਸ ਵਿੱਤੀ ਸਹਾਇਤਾ ਲਈ ਫਾਰਮ ਭਰੇ ਜਾਂਦੇ ਹਨ।
ਇਹ ਵੀ ਪੜ੍ਹੋ : ਪੰਜਾਬ 'ਚ LPG ਗੈਸ ਸਿਲੰਡਰ ਵਰਤਣ ਵਾਲਿਆਂ ਲਈ ਵੱਡੀ ਖ਼ਬਰ, ਨਾ ਕੀਤਾ ਇਹ ਕੰਮ ਤਾਂ...
ਉਨ੍ਹਾਂ ਦੱਸਿਆ ਕਿ ਵਿੱਤੀ ਸਹਾਇਤਾ ਦੀ ਅਦਾਇਗੀ ਸਿੱਧੀ ਲਾਭਪਾਤਰੀਆਂ ਦੇ ਬੈਂਕ ਖ਼ਾਤਿਆਂ, ਡਾਕਖਾਨੇ ਖ਼ਾਤਿਆਂ ਵਿੱਚ ਕੀਤੀ ਜਾਂਦੀ ਹੈ। ਉਨ੍ਹਾਂ ਕਿਹਾ ਕਿ ਇਹ ਲਾਭ ਪ੍ਰਾਪਤ ਕਰਨ ਲਈ ਹਰ ਲਾਭਪਾਤਰੀ ਕੋਲ ਆਧਾਰ ਕਾਰਡ ਹੋਣਾ ਲਾਜ਼ਮੀ ਹੈ, ਜੋ ਬੈਂਕ ਖ਼ਾਤੇ ਨਾਲ ਲਿੰਕ ਹੋਣਾ ਜ਼ਰੂਰੀ ਹੈ। ਮੰਤਰੀ ਡਾ. ਬਲਜੀਤ ਕੌਰ ਨੇ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸੂਬੇ ਦੇ ਯੋਗ ਲਾਭਪਾਤਰੀਆਂ ਦੇ ਫਾਰਮ ਭਰੇ ਜਾਣ ਤਾਂ ਜੋ ਲਾਭਪਾਤਰੀਆਂ ਨੂੰ ਵੱਧ ਤੋਂ ਵੱਧ ਲਾਭ ਪਹੁੰਚਾਇਆ ਜਾ ਸਕੇ। ਉਨ੍ਹਾਂ ਇਹ ਵੀ ਕਿਹਾ ਕਿ ਵਧੇਰੇ ਜਾਣਕਾਰੀ ਲਈ ਲਾਭਪਾਤਰੀ ਆਪਣੇ ਜ਼ਿਲ੍ਹੇ ਦੇ ਆਂਗਣਵਾੜੀ ਸੈਂਟਰ, ਦਫ਼ਤਰ ਬਾਲ ਵਿਕਾਸ ਪ੍ਰਾਜੈਕਟ ਅਫ਼ਸਰ ਅਤੇ ਦਫ਼ਤਰ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਨਾਲ ਸੰਪਰਕ ਕਰ ਸਕਦੇ ਹਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਔਰਤਾਂ ਅਤੇ ਬੱਚਿਆਂ ਦੀ ਚੰਗੀ ਸਿਹਤ ਨੂੰ ਯਕੀਨੀ ਬਣਾਉਣ ਲਈ ਲਗਾਤਾਰ ਯਤਨਸ਼ੀਲ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8