ਪੰਜਾਬੀਆਂ ਲਈ Good News! ਮੋਦੀ ਸਰਕਾਰ ਨੇ ਦਿੱਤਾ ਵੱਡਾ ਤੋਹਫ਼ਾ
Friday, Mar 27, 2026 - 05:26 PM (IST)
ਲੁਧਿਆਣਾ (ਹਿਤੇਸ਼): ਕੇਂਦਰ ਸਰਕਾਰ ਨੇ ਪੰਜਾਬ ਵਿਚ ਵੱਡੇ ਰੇਲਵੇ ਪ੍ਰਾਜੈਕਟਾਂ ਨੂੰ ਮਨਜ਼ੂਰੀ ਦਿੱਤੀ ਹੈ। ਕੇਂਦਰੀ ਰੇਲ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਪੰਜਾਬੀਆਂ ਲਈ ਇਹ ਖ਼ੁਸ਼ਖ਼ਬਰੀ ਸਾਂਝੀ ਕਰਦਿਆਂ ਦੱਸਿਆ ਕਿ ਪੰਜਾਬ ਦੇ ਰੇਲਵੇ ਸਟੇਸ਼ਨਾਂ ਦੀ ਨੁਹਾਰ ਬਦਲਣ ਲਈ ਕਰੋੜਾਂ ਰੁਪਏ ਦੇ ਨਵੇਂ ਪ੍ਰਾਜੈਕਟਾਂ ਨੂੰ ਮਨਜ਼ੂਰੀ ਦੇ ਦਿੱਤੀ ਗਈ ਹੈ। ਬਿੱਟੂ ਨੇ ਕਿਹਾ ਕਿ ਇਹ ਸਿਰਫ਼ ਨਿਰਮਾਣ ਨਹੀਂ, ਸਗੋਂ ਪੰਜਾਬੀਆਂ ਲਈ ਵਿਸ਼ਵ ਪੱਧਰੀ ਸਹੂਲਤਾਂ ਦਾ ਆਗਾਜ਼ ਹੈ।
ਰਵਨੀਤ ਸਿੰਘ ਬਿੱਟੂ ਵੱਲੋਂ ਸਾਂਝੀ ਕੀਤੀ ਜਾਣਕਾਰੀ ਮੁਤਾਬਕ ਜਲੰਧਰ ਸਿਟੀ ਤੇ ਬਿਆਸ ਰੇਲਵੇ ਸਟੇਸ਼ਨਾਂ ਦੇ ਵਿਕਾਸ ਕਾਰਜਾਂ ਲਈ ਕਰੋੜਾਂ ਰੁਪਏ ਦੇ ਪ੍ਰਾਜੈਕਟਾਂ ਨੂੰ ਮਨਜ਼ੂਰੀ ਦੇ ਦਿੱਤੀ ਗਈ ਹੈ। ਉਨ੍ਹਾਂ ਦੱਸਿਆ ਕਿ ਜਲੰਧਰ ਸਿਟੀ ਰੇਲਵੇ ਸਟੇਸ਼ਨ ਲਈ 90 ਕਰੋੜ ਰੁਪਏ ਦੀ ਰਾਸ਼ੀ ਰੱਖੀ ਗਈ ਹੈ। ਇਸ ਵਿਚ ਸਟੇਸ਼ਨ ਦੀ ਨਵੀਂ ਇਮਾਰਤ, ਪਲੇਟਫ਼ਾਰਮਾਂ ਦਾ ਵਿਸਥਾਰ ਤੇ ਆਧੁਨਿਕ ਫੁੱਟ-ਓਵਰ ਬ੍ਰਿਜ ਯੋਜਨਾ ਸ਼ਾਮਲ ਹੈ। ਇਸੇ ਤਰ੍ਹਾਂ ਰਾਧਾ ਸੁਆਮੀ ਸਤਿਸੰਗ ਘਰ (ਡੇਰਾ ਬਿਆਸ) ਦੀ ਸੰਗਤ ਲਈ ਮਹੱਤਵਪੂਰਨ ਬਿਆਸ ਰੇਲਵੇ ਸਟੇਸ਼ਨ ਲਈ 62 ਕਰੋੜ ਰੁਪਏ ਦਾ ਬਜਟ ਅਲਾਟ ਕੀਤਾ ਗਿਆ ਹੈ। ਉਸ ਨਾਲ ਇਸ ਸਟੇਸ਼ਨ ਦਾ ਪੁਨਰ ਵਿਕਾਸ ਕੀਤਾ ਜਾਵੇਗਾ।
