ਪੰਜਾਬ ਦੇ ਵਿਦਿਆਰਥੀਆਂ ਲਈ ਖ਼ੁਸ਼ਖ਼ਬਰੀ, ਜਾਰੀ ਹੋਈ ਕਰੋੜਾਂ ਦੀ ਰਾਸ਼ੀ

Saturday, Dec 07, 2024 - 03:35 PM (IST)

ਚੰਡੀਗੜ੍ਹ (ਅੰਕੁਰ) : ਅਨੁਸੂਚਿਤ ਜਾਤੀ ਦੇ ਵਿਦਿਆਰਥੀਆਂ ਦੀ ਪੜ੍ਹਾਈ ਲਈ ਵਿੱਤੀ ਸਹਾਇਤਾ ਮੁਹੱਈਆ ਕਰਵਾਉਣ ਲਈ ਪੰਜਾਬ ਸਰਕਾਰ ਨੇ ਪੋਸਟ ਮੈਟ੍ਰਿਕ ਸਕਾਲਰਸ਼ਿਪ ਫਾਰ ਐੱਸ. ਸੀ. ਸਟੂਡੈਂਟਸ ਸਕੀਮ ਅਧੀਨ ਸਾਲ 2024-25 ਦੇ ਬਜਟ ਉਪਬੰਧ ਵਿੱਚੋਂ 92 ਕਰੋੜ ਰੁਪਏ ਜਾਰੀ ਕੀਤੇ ਗਏ ਹਨ ਅਤੇ ਸਾਲ 2024-25 ਲਈ ਵਿਦਿਆਰਥੀਆਂ ਦੇ ਵਜ਼ੀਫੇ ਲਈ 245.00 ਕਰੋੜ ਰੁਪਏ ਦੀ ਰਾਸ਼ੀ ਰਾਖਵੀਂ ਰੱਖੀ ਗਈ ਹੈ। ਇਹ ਪ੍ਰਗਟਾਵਾ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਬਾਰੇ ਮੰਤਰੀ ਡਾ. ਬਲਜੀਤ ਕੌਰ ਨੇ ਪੰਜਾਬ ਭਵਨ, ਚੰਡੀਗੜ੍ਹ ਵਿਖੇ ਅੱਜ ਇੱਕ ਪ੍ਰੈਸ ਕਾਨਫਰੰਸ ਦੌਰਾਨ ਕੀਤਾ। ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਪੋਸਟ ਮੈਟ੍ਰਿਕ ਸਕਾਲਰਸ਼ਿਪ ਫਾਰ ਐੱਸ. ਸੀ. ਸਟੂਡੈਂਟਸ ਸਕੀਮ ਤਹਿਤ ਸਾਲ 2017-18 ਤੋਂ 2019-20 ਤੱਕ ਦੀ ਬਕਾਇਆ ਰਹਿੰਦੀ ਅਦਾਇਗੀ ਲਈ ਸਾਲ 2023-24 ਦੌਰਾਨ 366.00 ਕਰੋੜ ਰੁਪਏ ਜਾਰੀ ਕੀਤੇ ਗਏ ਸਨ, ਜਿਸ ਵਿੱਚੋਂ 1008 ਸੰਸਥਾਵਾਂ ਨੂੰ 283.62 ਕਰੋੜ ਰੁਪਏ ਦੀ ਰਾਸ਼ੀ ਅਦਾਇਗੀ ਕੀਤੀ ਜਾ ਚੁੱਕੀ ਹੈ।

ਇਹ ਵੀ ਪੜ੍ਹੋ : ਅੱਜ ਇਨ੍ਹਾਂ ਰੂਟਾਂ 'ਤੇ ਐਂਟਰੀ Ban, ਘਰੋਂ ਨਿਕਲ ਰਹੇ ਹੋ ਤਾਂ ਪਹਿਲਾਂ ਪੜ੍ਹ ਲਓ ਇਹ ਖ਼ਬਰ

ਮੰਤਰੀ ਨੇ ਇਹ ਵੀ ਕਿਹਾ ਕਿ ਬਕਾਇਆ ਰਹਿੰਦੀਆਂ ਸੰਸਥਾਵਾਂ ਨੂੰ ਵੀ ਜਲਦ ਹੀ ਅਦਾਇਗੀ ਕੀਤੀ ਜਾਵੇਗੀ। ਕੈਬਨਿਟ ਮੰਤਰੀ ਨੇ ਦੱਸਿਆ ਕਿ ਸਰਕਾਰੀ ਸੰਸਥਾਵਾਂ ਅਤੇ ਪੰਜਾਬ ਰਾਜ ਦੇ ਵਿਦਿਆਰਥੀ ਜੋ ਕਿ ਹੋਰ ਸੂਬਿਆਂ ਦੀਆਂ ਸੰਸਥਾਵਾਂ 'ਚ ਪੜ੍ਹਾਈ ਕਰ ਰਹੇ ਹਨ, ਨੂੰ ਵੀ ਇਸ ਸਮੇਂ ਦੀ ਬਕਾਇਆ ਅਦਾਇਗੀ ਲਈ 92.00 ਕਰੋੜ ਰੁਪਏ ਦੀ ਰਾਸ਼ੀ ਜਾਰੀ ਕੀਤੀ ਗਈ ਹੈ। ਇਸ ਰਾਸ਼ੀ ਵਿੱਚੋਂ 256 ਸੰਸਥਾਵਾਂ ਨੂੰ 59.34 ਕਰੋੜ ਰੁਪਏ ਦੀ ਰਾਸ਼ੀ ਵੰਡੀ ਜਾ ਚੁੱਕੀ ਹੈ ਅਤੇ ਬਕਾਇਆ ਰਹਿੰਦੀਆਂ ਸੰਸਥਾਵਾਂ ਨੂੰ ਵੀ ਰਾਸ਼ੀ ਵੰਡਣ ਲਈ ਤੇਜ਼ੀ ਨਾਲ ਕਾਰਵਾਈ ਕੀਤੀ ਜਾ ਰਹੀ ਹੈ। ਇਸ ਤੋਂ ਇਲਾਵਾ ਕੈਬਨਿਟ ਮੰਤਰੀ ਨੇ ਇਹ ਵੀ ਦੱਸਿਆ ਕਿ ਸਾਲ 2023-24 ਦੇ ਵਿਦਿਆਰਥੀਆਂ ਲਈ 229.23 ਕਰੋੜ ਰੁਪਏ ਦੀ ਰਾਸ਼ੀ ਜਾਰੀ ਕੀਤੀ ਗਈ ਸੀ ਅਤੇ ਚਾਲੂ ਵਿੱਤੀ ਸਾਲ 2024-25 ਲਈ ਵਿਦਿਆਰਥੀਆਂ ਦੇ ਵਜ਼ੀਫੇ ਲਈ 245.00 ਕਰੋੜ ਰੁਪਏ ਦੀ ਰਾਸ਼ੀ ਰਾਖਵੀਂ ਰੱਖੀ ਗਈ ਹੈ।

ਇਹ ਵੀ ਪੜ੍ਹੋ : ਸਾਗ ਖਾਣ ਦੇ ਸ਼ੌਕੀਨ ਹੋ ਜਾਣ ਸਾਵਧਾਨ! ਖ਼ਬਰ ਪੜ੍ਹ ਰਹਿ ਜਾਵੋਗੇ ਹੈਰਾਨ

ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ 2017 ਤੋਂ 2020 ਦੇ ਸਮੇਂ ਦੌਰਾਨ ਅਨੁਸੂਚਿਤ ਜਾਤੀ ਦੇ ਵਿਦਿਆਰਥੀਆਂ ਲਈ ਜੋ ਸਕਾਲਰਸ਼ਿਪ ਸਕੀਮ ਅਧੀਨ ਰਾਸ਼ੀ ਜਾਰੀ ਕੀਤੀ ਜਾਣੀ ਸੀ, ਨਾ ਤਾਂ ਉਹ ਕੇਂਦਰ ਸਰਕਾਰ ਵੱਲੋਂ ਦਿੱਤੀ ਗਈ ਅਤੇ ਨਾ ਹੀ ਉਸ ਸਮੇਂ ਦੀ ਪੰਜਾਬ ਦੀ ਕਾਂਗਰਸ ਸਰਕਾਰ ਵੱਲੋਂ ਅਦਾ ਕੀਤੀ ਗਈ। ਪਿਛਲੀਆਂ ਸਰਕਾਰਾਂ ਦੇ ਅਜਿਹੇ ਰੱਵਈਏ ਕਾਰਨ ਅਨੂਸੂਚਿਤ ਜਾਤੀਆਂ ਦੇ ਵਿਦਿਆਰਥੀਆਂ ਦੇ ਸਬੰਧਿਤ ਕਾਲਜਾਂ ਵੱਲੋਂ ਡਿਗਰੀਆਂ ਰੋਕ ਦਿੱਤੀਆਂ ਗਈਆਂ।

ਜਿਸ ਕਾਰਨ ਇਨ੍ਹਾਂ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ ਵਿੱਚ ਪੈ ਗਿਆ ਹੈ। ਕੈਬਨਿਟ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਜਦੋਂ ਤੋਂ ਆਪਣਾ ਕਾਰਜ ਭਾਰ ਸੰਭਾਲਿਆ ਹੈ, ਉਹ ਇਸ ਦਿਸ਼ਾ ਵਿੱਚ ਹਰ ਸੰਭਵ ਉਪਰਾਲੇ ਕਰ ਰਹੀ ਹੈ ਤਾਂ ਜੋ ਅਨੁਸੂਚਿਤ ਜਾਤੀ ਦੇ ਵਿਦਿਆਰਥੀਆਂ ਦੀ ਪੜ੍ਹਾਈ ਵਿੱਚ ਕੋਈ ਵਿਘਨ ਨਾ ਪਵੇ। ਕੈਬਨਿਟ ਮੰਤਰੀ ਨੇ ਅੱਗੇ ਕੇਂਦਰ ਸਰਕਾਰ ਨੂੰ ਵੀ ਅਪੀਲ ਕੀਤੀ ਹੈ ਕਿ ਸਕਾਲਰਸ਼ਿਪ ਸਕੀਮ ਅਧੀਨ ਆਪਣਾ ਬਣਦਾ ਬਕਾਇਆ ਹਿੱਸਾ ਜਲਦ ਤੋਂ ਜਲਦ ਜਾਰੀ ਕਰਨ ਤਾਂ ਜੋ ਪੰਜਾਬ ਦੇ ਅਨੁਸੂਚਿਤ ਜਾਤੀਆਂ ਦੇ ਵਿਦਿਆਰਥੀਆਂ ਦੀ ਪੜ੍ਹਾਈ ਵਿਚ ਕੋਈ ਵਿਘਨ ਨਾ ਪਵੇ। 

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 
For Android:-  https://play.google.com/store/apps/details?id=com.jagbani&hl=en 
For IOS:-  https://itunes.apple.com/in/app/id538323711?mt=8

 

 


Babita

Content Editor

Related News