ਡੇਰਾ ਬਿਆਸ ਜਾਣ ਵਾਲੀ ਸੰਗਤ ਲਈ ਖ਼ੁਸ਼ਖ਼ਬਰੀ, ਪੰਜਾਬ ਸਰਕਾਰ ਨੇ ਲਿਆ ਅਹਿਮ ਫ਼ੈਸਲਾ
Wednesday, Mar 12, 2025 - 10:26 AM (IST)

ਫਿਰੋਜ਼ਪੁਰ (ਕੁਮਾਰ, ਪਰਮਜੀਤ, ਖੁੱਲਰ, ਰਾਜੇਸ਼ ਢੰਡ) : ਡੇਰਾ ਬਿਆਸ ਜਾਣ ਵਾਲੀ ਸੰਗਤ ਲਈ ਖ਼ੁਸ਼ਖ਼ਬਰੀ ਹੈ। ਦਰਅਸਲ ਪੰਜਾਬ ਸਰਕਾਰ ਨੇ ਅਹਿਮ ਫ਼ੈਸਲਾ ਲੈਂਦੇ ਹੋਏ ਫਿਰੋਜ਼ਪੁਰ ਤੋਂ ਡੇਰਾ ਬਿਆਸ ਲਈ ਨਵੀਂ ਬੱਸ ਸੇਵਾ ਸ਼ੁਰੂ ਕਰ ਦਿੱਤੀ ਹੈ। ਪੰਜਾਬ ਦੇ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਵੱਲੋਂ ਫਿਰੋਜ਼ਪੁਰ ਤੋਂ ਡੇਰਾ ਬਿਆਸ ਲਈ ਨਵੀਂ ਬੱਸ ਸੇਵਾ ਚਾਲੂ ਕਰਦਿਆਂ ਸਥਾਨਕ ਬੱਸ ਸਟੈਂਡ ਫਿਰੋਜ਼ਪੁਰ ਸ਼ਹਿਰ ਤੋਂ ਪੰਜਾਬ ਰੋਡਵੇਜ਼ ਦੀ ਬੱਸ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਗਿਆ। ਇਸ ਮੌਕੇ ਵਿਧਾਇਕ ਫਿਰੋਜ਼ਪੁਰ ਸ਼ਹਿਰੀ ਰਣਬੀਰ ਸਿੰਘ ਭੁੱਲਰ ਵੀ ਵਿਸ਼ੇਸ਼ ਤੌਰ ’ਤੇ ਹਾਜ਼ਰ ਸਨ। ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਕਿਹਾ ਕਿ ਫਿਰੋਜ਼ਪੁਰ ਤੋਂ ਵੱਡੀ ਗਿਣਤੀ ’ਚ ਲੋਕ ਡੇਰਾ ਬਿਆਸ ਜਾਂਦੇ ਹਨ ਅਤੇ ਇਲਾਕੇ ਦੇ ਲੋਕਾਂ ਵੱਲੋਂ ਇਹ ਮੰਗ ਸੀ ਕਿ ਇਸ ਰੂਟ ’ਤੇ ਸਿੱਧੀ ਬੱਸ ਸੇਵਾ ਸ਼ੁਰੂ ਕੀਤੀ ਜਾਵੇ।
ਇਹ ਵੀ ਪੜ੍ਹੋ : ਅੱਜ ਘਰੋਂ ਨਿਕਲਣ ਤੋਂ ਪਹਿਲਾਂ ਪੜ੍ਹ ਲਓ ਇਹ ਖ਼ਬਰ, ਰਾਸ਼ਟਰਪਤੀ ਦੌਰੇ ਕਾਰਨ ਟ੍ਰੈਫਿਕ ਪਲਾਨ ਜਾਰੀ
ਉਨ੍ਹਾਂ ਕਿਹਾ ਕਿ ਇਹ ਬੱਸ ਫਿਰੋਜ਼ਪੁਰ ਤੋਂ ਵਾਇਆ ਜ਼ੀਰਾ, ਤਰਨਤਰਨ, ਜੰਡਿਆਲਾ ਗੁਰੂ ਰਾਹੀਂ ਡੇਰਾ ਬਿਆਸ ਜਾਵੇਗੀ ਅਤੇ ਫਿਰੋਜ਼ਪੁਰ ਤੋਂ ਪੱਟੀ ਰੂਟ ਲਈ ਵੀ ਜਲਦੀ ਹੀ ਪਰਮਿਟ ਜਾਰੀ ਕੀਤੇ ਜਾਣਗੇ। ਇਸ ਤੋਂ ਬਾਅਦ ਫਾਜ਼ਿਲਕਾ ਜ਼ਿਲ੍ਹੇ ਤੋਂ ਵੀ ਡੇਰਾ ਬਿਆਸ ਪਹੁੰਚਣ ਲਈ ਬੱਸ ਰਵਾਨਾ ਕੀਤੀ ਜਾਵੇਗੀ। ਇਸ ਮੌਕੇ ਕੈਬਨਿਟ ਮੰਤਰੀ ਨੇ ਬੱਸ ’ਚ ਬੈਠੀਆਂ ਸਵਾਰੀਆਂ ਨਾਲ ਗੱਲਬਾਤ ਕੀਤੀ ਅਤੇ ਉਨ੍ਹਾਂ ਨੇ ਇਸ ਰੂਟ ’ਤੇ ਬੱਸ ਚਲਾਉਣ ਲਈ ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਸਾਡੇ ਸਮਾਜ ਨੂੰ ਨਸ਼ਿਆਂ ਦੀ ਦਲਦਲ ਵਿਚੋਂ ਕੱਢਣ ਲਈ ਪੰਜਾਬ ਸਰਕਾਰ ਵੱਲੋਂ 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਸ਼ੁਰੂ ਕੀਤੀ ਗਈ ਹੈ, ਜਿਸ ਰਾਹੀਂ ਪਿਛਲੇ 10 ਦਿਨਾਂ ਤੋਂ ਬਹੁਤ ਸਾਰਾ ਨਸ਼ਾ ਬਰਾਮਦ ਕੀਤਾ ਗਿਆ ਹੈ ਅਤੇ ਸਮੱਗਲਰ ਗ੍ਰਿਫ਼ਤਾਰ ਕੀਤੇ ਗਏ ਹਨ।
ਇਹ ਵੀ ਪੜ੍ਹੋ : ਪੰਜਾਬ ਦੇ ਲੱਖਾਂ ਵਾਹਨ ਚਾਲਕ ਹੁਣ ਹੋ ਜਾਣ ਸਾਵਧਾਨ! ਨਵਾਂ ਸਿਸਟਮ ਲਾਗੂ, ਸਿਰਫ 4 ਦਿਨਾਂ 'ਚ ਹੀ...
ਉਨ੍ਹਾਂ ਆਮ ਲੋਕਾਂ ਨੂੰ ਵੀ ਅਪੀਲ ਕੀਤੀ ਕਿ ਉਨ੍ਹਾਂ ਦੇ ਆਸ-ਪਾਸ ਜਾਂ ਕਿਸੇ ਵੀ ਨਸ਼ਾ ਸਮੱਗਲਰ ਬਾਰੇ ਕੋਈ ਪਤਾ ਲੱਗਦਾ ਹੈ ਤਾਂ ਇਸ ਸਬੰਧੀ ਜਾਣਕਾਰੀ ਪੁਲਸ ਨੂੰ ਦੇਣ, ਤਾਂ ਜੋ ਸਾਡੀ ਨੌਜਵਾਨੀ ਨੂੰ ਨਸ਼ੇ ਤੋਂ ਦੂਰ ਕੀਤਾ ਜਾ ਸਕੇ। ਇਸ ਮੌਕੇ ਵਿਧਾਇਕ ਰਣਬੀਰ ਸਿੰਘ ਭੁੱਲਰ ਨੇ ਕੈਬਨਿਟ ਮੰਤਰੀ ਦਾ ਫਿਰੋਜ਼ਪੁਰ ਦੇ ਲੋਕਾਂ ਲਈ ਇਹ ਉਪਰਾਲਾ ਕਰਨ ਲਈ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਇਹ ਬੱਸ ਰੋਜ਼ਾਨਾ ਸਵੇਰੇ 4:30 ਵਜੇ ਫਿਰੋਜ਼ਪੁਰ ਬੱਸ ਸਟੈਂਡ ਤੋਂ ਚੱਲੇਗੀ ਅਤੇ ਵਾਪਸੀ 1 ਵਜੇ ਬਿਆਸ ਤੋਂ ਹੋਵੇਗੀ। ਇਸ ਮੌਕੇ ਡਿਪਟੀ ਕਮਿਸ਼ਨਰ ਦੀਪ ਸ਼ਿਖਾ ਸ਼ਰਮਾ, ਐੱਸ. ਐੱਸ. ਪੀ. ਭੁਪਿੰਦਰ ਸਿੰਘ ਸਿੱਧੂ ਤੋਂ ਇਲਾਵਾ ਹੋਰ ਪਤਵੰਤੇ ਸੱਜਣ ਹਾਜ਼ਰ ਸਨ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8