ਜਲੰਧਰ ਵਾਸੀਆਂ ਲਈ ਚੰਗੀ ਖ਼ਬਰ, ਪੰਜਾਬ ਸਰਕਾਰ ਨੇ ਜਾਰੀ ਕੀਤੇ ਹੁਕਮ

02/05/2024 6:34:22 PM

ਜਲੰਧਰ (ਬਿਊਰੋ) : ਪੰਜਾਬ ਦੇ ਸਥਾਨਕ ਸਰਕਾਰਾਂ ਬਾਰੇ ਮੰਤਰੀ ਬਲਕਾਰ ਸਿੰਘ ਨੇ ਅੱਜ ਕਿਹਾ ਕਿ ਸੂਬਾ ਸਰਕਾਰ ਵੱਲੋਂ ਜਲੰਧਰ ਸ਼ਹਿਰ ’ਚ ਸੜਕਾਂ ਦੇ ਨਿਰਮਾਣ ਲਈ 10 ਕਰੋੜ ਰੁਪਏ ਦੇ ਫੰਡ ਜਾਰੀ ਕੀਤੇ ਗਏ ਹਨ ਤਾਂ ਜੋ ਸ਼ਹਿਰ ’ਚ ਸੜਕੀ ਬੁਨਿਆਦੀ ਢਾਂਚੇ ਨੂੰ ਉੱਚ ਦਰਜੇ ਦਾ ਬਣਾਇਆ ਜਾ ਸਕੇ। ਸ਼ਹਿਰ ਦੇ ਵਿਕਾਸ ਪ੍ਰਾਜੈਕਟਾਂ ਸਬੰਧੀ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਕੈਬਨਿਟ ਮੰਤਰੀ ਨੇ ਨਗਰ ਨਿਗਮ ਜਲੰਧਰ ਅਤੇ ਜ਼ਿਲ੍ਹਾ ਪ੍ਰਸ਼ਾਸਨ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸਾਰੀਆਂ ਸੜਕਾਂ ਦੀ ਸਮੇਂ ਸਿਰ ਉਸਾਰੀ ਨੂੰ ਯਕੀਨੀ ਬਣਾਇਆ ਜਾਵੇ ਕਿਉਂਜੋ ਸਰਕਾਰ ਵੱਲੋਂ ਇਸ ਦੇ ਲਈ ਫੰਡ ਪਹਿਲਾਂ ਹੀ ਜਾਰੀ ਕਰ ਦਿੱਤੇ ਗਏ ਹਨ। ਕੈਬਨਿਟ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਸੂਬੇ ਦੇ ਸਰਬਪੱਖੀ ਵਿਕਾਸ ਨੂੰ ਯਕੀਨੀ ਬਣਾਉਣ ਲਈ ਵਚਨਬੱਧ ਹੈ ਅਤੇ ਇਸ ਵਿਸ਼ਾਲ ਕਾਰਜ ਨੂੰ ਨੇਪਰੇ ਚਾੜ੍ਹਨ ਲਈ ਫੰਡਾਂ ਦੀ ਕੋਈ ਘਾਟ ਨਹੀਂ ਹੈ। ਉਨ੍ਹਾਂ ਅਧਿਕਾਰੀਆਂ ਨੂੰ ਸਾਰੇ ਕੰਮਾਂ ਦੀ ਸਹੀ ਢੰਗ ਨਾਲ ਨਿਗਰਾਨੀ ਯਕੀਨੀ ਬਣਾਉਣ ਦੀਆਂ ਹਦਾਇਤਾਂ ਵੀ ਦਿੱਤੀਆਂ। ਉਨ੍ਹਾਂ ਕਿਹਾ ਕਿ ਸੜਕਾਂ ਅਤੇ ਹੋਰ ਪ੍ਰਾਜੈਕਟਾਂ ਦੀ ਗੁਣਵੱਤਾ ਨਾਲ ਕਿਸੇ ਵੀ ਤਰ੍ਹਾਂ ਦਾ ਸਮਝੌਤਾ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਅਧਿਕਾਰੀਆਂ ਨੂੰ ਡਾ. ਬੀ.ਆਰ. ਅੰਬੇਡਕਰ ਪਾਰਕ ਦੇ ਕਾਇਆ-ਕਲਪ ਸਬੰਧੀ ਨਿਰਮਾਣ ਕਾਰਜ ਸ਼ੁਰੂ ਕਰਨ ਦੇ ਨਿਰਦੇਸ਼ ਵੀ ਦਿੱਤੇ ਤਾਂ ਜੋ ਇਸ ਇਲਾਕੇ ਦੇ ਲੋਕ ਇੱਥੇ ਆਧੁਨਿਕ ਸਹੂਲਤਾਂ ਦਾ ਲਾਭ ਲੈ ਸਕਣ।

ਇਹ ਵੀ ਪੜ੍ਹੋ : ਮੁੱਖ ਮੰਤਰੀ ਵਲੋਂ ਚਮਰੋੜ ਪੱਤਣ ਵਿਖੇ ਅਹਿਮ ਐਲਾਨ, ਸੈਲਾਨੀਆਂ ਨੂੰ ਮਿਲੇਗਾ ਇਹ ਖ਼ਾਸ ਤੋਹਫ਼ਾ

ਉਨ੍ਹਾਂ ਦੱਸਿਆ ਕਿ ਇਸ ਸਬੰਧੀ ਟੈਂਡਰ ਪਹਿਲਾਂ ਹੀ ਜਾਰੀ ਕੀਤੇ ਜਾ ਚੁੱਕੇ ਹਨ ਅਤੇ ਇੱਕ ਕਰੋੜ ਦੀ ਲਾਗਤ ਨਾਲ ਪਾਰਕ ਦੀ ਕਾਇਆ-ਕਲਪ ਕੀਤੀ ਜਾਵੇਗੀ। ਕੈਬਨਿਟ ਮੰਤਰੀ ਨੇ ਕਿਹਾ ਕਿ ਸਥਾਨਕ ਸਰਕਾਰਾਂ ਵਿਭਾਗ ਵੱਲੋਂ ਨਾਗਰਿਕਾਂ ਨੂੰ ਬਿਹਤਰ ਸੇਵਾਵਾਂ ਪ੍ਰਦਾਨ ਕਰਨ ਲਈ ਕਈ ਪਹਿਲਕਦਮੀਆਂ ਕੀਤੀਆਂ ਜਾ ਰਹੀਆਂ ਹਨ, ਜਿਸ ਅਧੀਨ ਮਿਊਂਸੀਪਲ ਅਥਾਰਟੀਆਂ ’ਚ ਖ਼ਾਲੀ ਪਈਆਂ ਅਸਾਮੀਆਂ ਨੂੰ ਭਰਨ ਵੱਲ ਵਿਸ਼ੇਸ਼ ਤਵਜੋਂ ਦਿੱਤੀ ਜਾ ਰਹੀ ਹੈ। ਉਨ੍ਹਾਂ ਇਹ ਵੀ ਦੱਸਿਆ ਕਿ ਵਿਭਾਗ ’ਚ 375 ਖਾਲੀ ਅਸਾਮੀਆਂ ਨੂੰ ਭਰਿਆ ਜਾ ਰਿਹਾ ਹੈ, ਜਿਸ ਨਾਲ ਵਿਕਾਸ ਕਾਰਜਾਂ ਦੀ ਰਫ਼ਤਾਰ ’ਚ ਹੋਰ ਤੇਜ਼ੀ ਆਵੇਗੀ। ਇਸੇ ਤਰ੍ਹਾਂ ਸ਼ਹਿਰਾਂ ’ਚ ਅੱਗ ਬੁਝਾਊ ਸੇਵਾਵਾਂ ਨੂੰ ਹੋਰ ਬਿਹਤਰ ਕਰਨ ਲਈ 400 ਦੇ ਕਰੀਬ ਫਾਇਰਮੈਨਾਂ ਦੀ ਭਰਤੀ ਪ੍ਰਕਿਰਿਆ ਵੀ ਚੱਲ ਰਹੀ ਹੈ।

ਇਹ ਵੀ ਪੜ੍ਹੋ : ਪੰਜਾਬ ’ਚ ਮੁਫ਼ਤ ਰਾਸ਼ਨ ਸਕੀਮ ਨੂੰ ਲੈ ਕੇ ਅਹਿਮ ਖ਼ਬਰ, ਇਹ ਵੱਡਾ ਕਦਮ ਚੁੱਕਣ ਦੀ ਤਿਆਰੀ ’ਚ ਪੰਜਾਬ ਸਰਕਾਰ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇*Join us on Whatsapp channel*👇

https://whatsapp.com/channel/0029Va94hsaHAdNVur4L170e


Anuradha

Content Editor

Related News