ਪੰਜਾਬ ਦੇ ਹਜ਼ਾਰਾਂ ਨੌਜਵਾਨਾਂ ਲਈ ਖ਼ੁਸ਼ਖ਼ਬਰੀ, ਮੁੱਖ ਮੰਤਰੀ ਨੇ ਕੀਤਾ ਵੱਡਾ ਐਲਾਨ

Wednesday, Mar 05, 2025 - 06:37 PM (IST)

ਪੰਜਾਬ ਦੇ ਹਜ਼ਾਰਾਂ ਨੌਜਵਾਨਾਂ ਲਈ ਖ਼ੁਸ਼ਖ਼ਬਰੀ, ਮੁੱਖ ਮੰਤਰੀ ਨੇ ਕੀਤਾ ਵੱਡਾ ਐਲਾਨ

ਚੰਡੀਗੜ੍ਹ : ਪੰਜਾਬ ਵਿਚ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦੇਣ ਦਾ ਅੰਕੜਾ 51,000 ਨੂੰ ਪਾਰ ਕਰ ਜਾਣ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਵੱਡਾ ਐਲਾਨ ਕੀਤਾ ਕਿ 50,000 ਹੋਰ ਸਰਕਾਰੀ ਨੌਕਰੀਆਂ ਦਿੱਤੀਆਂ ਜਾਣਗੀਆਂ ਜਿਸ ਨਾਲ ਨੌਜਵਾਨਾਂ ਨੂੰ ਇਕ ਲੱਖ ਸਰਕਾਰੀ ਨੌਕਰੀਆਂ ਮਿਲ ਜਾਣਗੀਆਂ। ਮੁੱਖ ਮੰਤਰੀ ਨੇ ਆਪਣੀ ਸਰਕਾਰ ਦੇ ‘ਮਿਸ਼ਨ ਰੁਜ਼ਗਾਰ’ ਨੂੰ ਜਾਰੀ ਰੱਖਦੇ ਹੋਏ 763 ਨੌਜਵਾਨਾਂ ਨੂੰ ਨਿਯੁਕਤੀ ਪੱਤਰ ਸੌਂਪੇ। ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਤਿੰਨ ਸਾਲਾਂ ਵਿਚ ਨੌਜਵਾਨਾਂ ਨੂੰ 51,655 ਸਰਕਾਰੀ ਨੌਕਰੀਆਂ ਦਿੱਤੀਆਂ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਨ੍ਹਾਂ ਨੌਜਵਾਨਾਂ ਲਈ ਅੱਜ ਇਤਿਹਾਸਕ ਦਿਨ ਹੈ ਜੋ ਸਹਿਕਾਰਤਾ, ਸਿਹਤ ਤੇ ਪਰਿਵਾਰ ਭਲਾਈ ਅਤੇ ਉਚੇਰੀ ਸਿੱਖਿਆ ਤੇ ਭਾਸ਼ਾਵਾਂ ਵਿਭਾਗ ਵਿਚ ਚੁਣੇ ਗਏ ਹਨ। ਉਨ੍ਹਾਂ ਕਿਹਾ ਕਿ ਨੌਜਵਾਨਾਂ ਨੂੰ ਪਾਰਦਰਸ਼ੀ ਢੰਗ ਨਾਲ 51000 ਤੋਂ ਵੱਧ ਸਰਕਾਰੀ ਨੌਕਰੀਆਂ ਦਿੱਤੀਆਂ ਜਾ ਚੁੱਕੀਆਂ ਹਨ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦੇਣ ਦਾ ਇਕ ਲੱਖ ਦਾ ਅੰਕੜ ਪਾਰ ਕਰੇਗੀ। 

ਇਹ ਵੀ ਪੜ੍ਹੋ : ਪੰਜਾਬ ਦੇ ਇਸ ਮਹਿੰਗੇ ਟੋਲ ਪਲਾਜ਼ਾ 'ਤੇ ਕਿਸਾਨਾਂ ਨੇ ਲਗਾ ਦਿੱਤਾ ਧਰਨਾ

ਮੁੱਖ ਮੰਤਰੀ ਨੇ ਕਿਹਾ ਕਿ ਮੈਂ ਨੌਜਵਾਨਾਂ ਨੂੰ ਰੁਜ਼ਗਾਰ ਦੇ ਕੇ ਉਨ੍ਹਾਂ ਦੇ ਹੱਥਾਂ ਵਿਚ ਟਿਫਿਨ ਸੌਂਪਣਾ ਚਾਹੁੰਦਾ ਹਾਂ ਤਾਂ ਜੋ ਉਹ ਨਸ਼ੇ ਵਾਲੀਆਂ ਸਰਿੰਜਾਂ ਅਤੇ ਹੋਰ ਅਲਾਮਤਾਂ ਤੋਂ ਦੂਰ ਰਹਿ ਸਕਣ। ਵਿਹਲਾ ਮਨ ਸ਼ੈਤਾਨ ਦਾ ਘਰ ਹੁੰਦਾ ਹੈ, ਇਸ ਕਰਕੇ ਸੂਬਾ ਸਰਕਾਰ ਇਸ ਗੱਲ ਲਈ ਪੂਰੀ ਵਾਹ ਲਾ ਰਹੀ ਹੈ ਕਿ ਸਾਡੇ ਵੱਧ ਤੋਂ ਵੱਧ ਨੌਜਵਾਨਾਂ ਨੂੰ ਨੌਕਰੀਆਂ ਮਿਲਣ ਤਾਂ ਜੋ ਉਹ ਸਮਾਜਿਕ ਬੁਰਾਈਆਂ ਦਾ ਸ਼ਿਕਾਰ ਨਾ ਹੋਣ। ਬੇਰੁਜ਼ਗਾਰੀ ਬਹੁਤ ਸਾਰੀਆਂ ਸਮੱਸਿਆਵਾਂ ਦੀ ਜੜ੍ਹ ਹੈ ਜਿਸ ਕਾਰਨ ਸੂਬਾ ਸਰਕਾਰ ਇਸ ਰੋਗ ਨੂੰ ਖ਼ਤਮ ਕਰਨ 'ਤੇ ਸਭ ਤੋਂ ਵੱਧ ਧਿਆਨ ਕੇਂਦਰਿਤ ਕਰ ਰਹੀ ਹੈ। ਮੁੱਖ ਮੰਤਰੀ ਨੇ ਦੁਹਰਾਇਆ ਕਿ ਸੂਬਾ ਸਰਕਾਰ ਹਰੇਕ ਵਿਭਾਗ ਵਿਚ ਖਾਲੀ ਹੁੰਦੇ ਸਾਰ ਹੀ ਸਾਰੀਆਂ ਅਸਾਮੀਆਂ ਭਰ ਦਿੰਦੀ ਹੈ। ਉਨ੍ਹਾਂ ਕਿਹਾ ਕਿ ਪੂਰੀ ਭਰਤੀ ਪ੍ਰਕਿਰਿਆ ਲਈ ਪਾਰਦਰਸ਼ੀ ਵਿਧੀ ਅਪਣਾਈ ਗਈ ਹੈ ਜਿਸ ਕਾਰਨ ਇਨ੍ਹਾਂ 51,000 ਸਰਕਾਰੀ ਨੌਕਰੀਆਂ ਵਿਚੋਂ ਇਕ ਵੀ ਨਿਯੁਕਤੀ ਨੂੰ ਹੁਣ ਤੱਕ ਕਿਸੇ ਵੀ ਅਦਾਲਤ ਵਿਚ ਚੁਣੌਤੀ ਨਹੀਂ ਦਿੱਤੀ ਗਈ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਪੰਜਾਬ ਸਰਕਾਰ ਲਈ ਮਾਣ ਵਾਲੀ ਗੱਲ ਹੈ ਕਿ ਇਨ੍ਹਾਂ ਨੌਜਵਾਨਾਂ ਨੂੰ ਪੂਰੀ ਤਰ੍ਹਾਂ ਯੋਗਤਾ ਦੇ ਆਧਾਰ 'ਤੇ ਸਰਕਾਰੀ ਨੌਕਰੀਆਂ ਦਿੱਤੀਆਂ ਗਈਆਂ ਹਨ।

ਇਹ ਵੀ ਪੜ੍ਹੋ : ਐਕਸ਼ਨ ਮੋਡ ਵਿਚ ਬਿਜਲੀ ਵਿਭਾਗ, ਪੰਜਾਬ ਭਰ ਵਿਚ ਵੱਡੇ ਪੱਧਰ 'ਤੇ ਸ਼ੁਰੂ ਹੋਈ ਕਾਰਵਾਈ

ਮੁੱਖ ਮੰਤਰੀ ਨੇ ਕਿਹਾ ਕਿ ਇਹ ਮਹੱਤਵਪੂਰਨ ਮੌਕਾ ਹੈ ਜਦੋਂ ਇਹ ਨੌਜਵਾਨ ਪੰਜਾਬ ਸਰਕਾਰ ਦੇ ਪਰਿਵਾਰ ਦਾ ਹਿੱਸਾ ਬਣ ਰਹੇ ਹਨ। ਉਨ੍ਹਾਂ ਨੇ ਉਮੀਦ ਪ੍ਰਗਟ ਕੀਤੀ ਕਿ ਇਹ ਨੌਜਵਾਨ ਵੱਖ-ਵੱਖ ਵਿਭਾਗਾਂ ਵਿਚ ਭਰਤੀ ਹੋ ਕੇ ਸੂਬੇ ਦੇ ਸਮਾਜਿਕ-ਆਰਥਿਕ ਵਿਕਾਸ ਵਿਚ ਸਰਗਰਮ ਭਾਈਵਾਲ ਬਣਨਗੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬੇ ਦੇ ਇਤਿਹਾਸ ਵਿਚ ਪਹਿਲੀ ਵਾਰ ਕਿਸੇ ਵੀ ਸਰਕਾਰ ਨੇ ਸੱਤਾ ਵਿਚ ਆਉਣ ਦੇ 36 ਮਹੀਨਿਆਂ ਵਿਚ ਨੌਜਵਾਨਾਂ ਨੂੰ ਰਿਕਾਰਡ 51,000 ਤੋਂ ਵੱਧ ਨੌਕਰੀਆਂ ਦਿੱਤੀਆਂ ਹਨ। ਮੁੱਖ ਮੰਤਰੀ ਨੇ ਕਿਹਾ ਕਿ ਇਹ ਉਨ੍ਹਾਂ ਲਈ ਬਹੁਤ ਮਾਣ ਅਤੇ ਤਸੱਲੀ ਵਾਲੀ ਗੱਲ ਹੈ ਕਿ ਸਾਰੀਆਂ ਨੌਕਰੀਆਂ ਬਿਨਾਂ ਕਿਸੇ ਭ੍ਰਿਸ਼ਟਾਚਾਰ ਜਾਂ ਭਾਈ-ਭਤੀਜਾਵਾਦ ਦੇ ਪੂਰੀ ਤਰ੍ਹਾਂ ਯੋਗਤਾ ਦੇ ਆਧਾਰ 'ਤੇ ਦਿੱਤੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਇਹ ਯਕੀਨੀ ਬਣਾ ਰਹੀ ਹੈ ਕਿ ਸੂਬੇ ਦਾ ਕੋਈ ਵੀ ਵਿਅਕਤੀ ਵਿਦੇਸ਼ ਨਾ ਜਾਵੇ ਤਾਂ ਜੋ ਸਾਡੇ ਵਤਨ ਦੇ ਪਰਵਾਨਿਆਂ ਦੇ ਦੇਸ਼ ਸੇਵਾ ਦੇ ਸੁਪਨੇ ਸਾਕਾਰ ਹੋ ਸਕਣ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਦੇ ਸਿਰਤੋੜ ਯਤਨਾਂ ਸਦਕਾ ਸੂਬੇ ਵਿਚ ਪਹਿਲਾਂ ਹੀ ਵਤਨ ਵਾਪਸੀ ਦਾ ਰੁਝਾਨ ਦੇਖਣ ਨੂੰ ਮਿਲ ਰਿਹਾ ਹੈ ਅਤੇ ਨੌਜਵਾਨ ਆਪਣੀ ਮਾਤ ਭੂਮੀ ਦੀ ਸੇਵਾ ਕਰਨ ਲਈ ਵਿਦੇਸ਼ਾਂ ਤੋਂ ਵਾਪਸ ਆ ਰਹੇ ਹਨ।

ਇਹ ਵੀ ਪੜ੍ਹੋ : ਡੇਰਾ ਰਾਧਾ ਸੁਆਮੀ ਬਿਆਸ ਦੀ ਸੰਗਤ ਲਈ ਅਹਿਮ ਖ਼ਬਰ, ਡੇਰੇ ਵੱਲੋਂ ਹੋਇਆ ਵੱਡਾ ਐਲਾਨ

ਮੁੱਖ ਮੰਤਰੀ ਨੇ ਕਿਹਾ ਕਿ ਅਮਰੀਕਾ ਤੋਂ ਨੌਜਵਾਨਾਂ ਨੂੰ ਡਿਪੋਰਟ ਕਰਨ ਦੀ ਘਟਨਾ ਸਾਡੇ ਸਾਰਿਆਂ ਲਈ ਅੱਖਾਂ ਖੋਲ੍ਹਣ ਵਾਲੀ ਹੈ ਕਿ ਸੂਬੇ ਦੇ ਨੌਜਵਾਨਾਂ ਨੂੰ ਇੱਥੇ ਰਹਿ ਕੇ ਹੀ ਸਖ਼ਤ ਮਿਹਨਤ ਕਰਕੇ ਵੱਖ-ਵੱਖ ਖੇਤਰਾਂ ਵਿਚ ਸਫਲਤਾ ਪ੍ਰਾਪਤ ਕਰਨੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਪਹਿਲਾਂ ਹੀ ਇਹ ਯਕੀਨੀ ਬਣਾਉਣ ਲਈ ਠੋਸ ਯਤਨ ਕਰ ਰਹੀ ਹੈ ਕਿ ਨੌਜਵਾਨਾਂ ਨੂੰ ਰੁਜ਼ਗਾਰ ਦੇ ਵੱਧ ਤੋਂ ਵੱਧ ਮੌਕੇ ਪ੍ਰਦਾਨ ਕੀਤੇ ਜਾਣ ਤਾਂ ਜੋ ਉਹ ਜ਼ਿੰਦਗੀ ਦੇ ਹਰ ਖੇਤਰ ਵਿਚ ਬੁਲੰਦੀਆਂ ਛੂਹ ਸਕਣ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਨੌਜਵਾਨਾਂ ਦੀ ਸਖ਼ਤ ਮਿਹਨਤ ਅਤੇ ਉਨ੍ਹਾਂ ਦੀ ਸਮਰਪਣ ਭਾਵਨਾ ਨਾਲ ਆਉਣ ਵਾਲੇ ਦਿਨਾਂ ਵਿਚ ਉਨ੍ਹਾਂ ਨੂੰ ਸਫਲਤਾ ਮਿਲੇਗੀ। ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਦੇਸ਼ ਵਿਚ ਆਪਣੀ ਕਿਸਮ ਦੀ ਨਿਵੇਕਲੀ ਪਹਿਲਕਦਮੀ ਸ਼ੁਰੂ ਕੀਤੀ ਹੈ ਅਤੇ ਪੰਜਾਬ ਵਿਚ ਸੂਬਾਈ ਅਤੇ ਕੌਮੀ ਮਾਰਗਾਂ 'ਤੇ ਸੁਰੱਖਿਆ ਨੂੰ ਯਕੀਨੀ ਬਣਾਉਣ ਅਤੇ ਕੀਮਤੀ ਜਾਨਾਂ ਬਚਾਉਣ ਲਈ ਸਮਰਪਿਤ ਸੜਕ ਸੁਰਖਿਆ ਫੋਰਸ ਹੈ। ਉਨ੍ਹਾਂ ਕਿਹਾ ਕਿ ਵਿਸ਼ੇਸ਼ ਤੌਰ 'ਤੇ ਸਿਖਲਾਈ ਪ੍ਰਾਪਤ ਨਵੇਂ ਭਰਤੀ ਕੀਤੇ ਗਏ 1597 ਮੁਲਾਜ਼ਮ ਜਿਨ੍ਹਾਂ ਵਿਚ ਲੜਕੀਆਂ ਵੀ ਸ਼ਾਮਲ ਹਨ, ਇਸ ਫੋਰਸ ਦੀ ਰੀੜ੍ਹ ਦੀ ਹੱਡੀ ਹਨ। ਇਨ੍ਹਾਂ ਜਵਾਨਾਂ ਨੂੰ ਪੂਰੀਆਂ ਸਹੂਲਤਾਂ ਨਾਲ ਲੈਸ 144 ਵਾਹਨ ਪ੍ਰਦਾਨ ਕੀਤੇ ਗਏ ਹਨ। ਇਸ ਫੋਰਸ ਦੀ ਕਾਰਗੁਜ਼ਾਰੀ ਦਾ ਜ਼ਿਕਰ ਕਰਦਿਆਂ ਮੁੱਖ ਮੰਤਰੀ ਨੇ ਦੱਸਿਆ ਕਿ ਪਿਛਲੇ ਸਾਲ ਫਰਵਰੀ ਵਿਚ ਇਸ ਦੀ ਸ਼ੁਰੂਆਤ ਤੋਂ ਬਾਅਦ ਸੂਬੇ ਵਿਚ ਹਾਦਸਿਆਂ ਕਾਰਨ ਹੋਣ ਵਾਲੀਆਂ ਮੌਤਾਂ ਵਿਚ 48.10 ਫੀਸਦੀ ਦੀ ਕਮੀ ਆਈ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਕਈ ਹੋਰ ਸੂਬਿਆਂ ਅਤੇ ਇਥੋਂ ਤੱਕ ਕਿ ਭਾਰਤ ਸਰਕਾਰ ਨੇ ਵੀ ਸੂਬਾ ਸਰਕਾਰ ਦੇ ਇਸ ਵਿਲੱਖਣ ਉਪਰਾਲੇ ਦੀ ਸ਼ਲਾਘਾ ਕੀਤੀ ਹੈ।

ਇਹ ਵੀ ਪੜ੍ਹੋ : ਪੰਜਾਬ ਸਰਕਾਰ ਦੀ ਸਖ਼ਤ ਚੇਤਾਵਨੀ, ਕਿਹਾ ਪੰਜਾਬ ਛੱਡ ਜਾਓ ਨਹੀਂ ਤਾਂ...

ਮੁੱਖ ਮੰਤਰੀ ਨੇ ਕਿਹਾ ਕਿ ਸਿਹਤ, ਸਿੱਖਿਆ, ਬਿਜਲੀ, ਪਾਣੀ ਅਤੇ ਬੁਨਿਆਦੀ ਢਾਂਚੇ ਦੇ ਨਾਲ-ਨਾਲ ਕਾਨੂੰਨ ਵਿਵਸਥਾ ਉਨ੍ਹਾਂ ਦੀ ਸਰਕਾਰ ਦੀਆਂ ਪ੍ਰਮੁੱਖ ਤਰਜੀਹਾਂ ਹਨ। ਉਨ੍ਹਾਂ ਕਿਹਾ ਕਿ ਸੂਬੇ ਦੇ ਸਰਬਪੱਖੀ ਵਿਕਾਸ ਅਤੇ ਲੋਕਾਂ ਦੀ ਤਰੱਕੀ ਨੂੰ ਯਕੀਨੀ ਬਣਾਉਣ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾ ਰਹੀ ਹੈ। ਭਗਵੰਤ ਸਿੰਘ ਮਾਨ ਨੇ ਨੌਜਵਾਨਾਂ ਨੂੰ ਆਪਣੀ ਡਿਊਟੀ ਪੂਰੀ ਪੇਸ਼ੇਵਰ ਵਚਨਬੱਧਤਾ ਨਾਲ ਨਿਭਾਉਣ ਅਤੇ ਲੋਕਾਂ ਦੀ ਸੇਵਾ ਲਈ ਆਪਣੀ ਕਲਮ ਦੀ ਸੂਝ-ਬੂਝ ਨਾਲ ਵਰਤੋਂ ਕਰਨ ਲਈ ਪ੍ਰੇਰਿਤ ਕੀਤਾ। ਇਸ ਮੌਕੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਅਤੇ ਡਾ. ਬਲਬੀਰ ਸਿੰਘ ਤੋਂ ਇਲਾਵਾ ਹੋਰ ਸ਼ਖਸੀਅਤਾਂ ਵੀ ਹਾਜ਼ਰ ਸਨ।

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e


author

Gurminder Singh

Content Editor

Related News