ਸਰਕਾਰ ਵੱਲੋਂ ਹੜ੍ਹਾਂ ਕਾਰਨ ਹੋਏ ਖ਼ਰਾਬੇ ਦੀ 9.75 ਕਰੋੜ ਦੀ ਮੁਆਵਜ਼ਾ ਰਾਸ਼ੀ ਜਾਰੀ : ਨਵਤੇਜ ਚੀਮਾ
Friday, Jun 19, 2020 - 06:20 PM (IST)
ਸੁਲਤਾਨਪੁਰ ਲੋਧੀ (ਸੋਢੀ) - ਪਿਛਲੇ ਸਾਲ ਮਾਨਸੂਨ ਰੁੱਤ ਦੌਰਾਨ ਭਾਰੀ ਬਾਰਿਸ਼ ਅਤੇ ਦਰਿਆਵਾਂ ਵਿਚ ਪਾਣੀ ਵਧਣ ਕਾਰਣ ਆਏ ਹੜ੍ਹਾਂ ਦੇ ਚੱਲਦੇ ਜ਼ਿਲ੍ਹੇ ਨਾਲ ਸਬੰਧਤ ਕਿਸਾਨਾਂ ਦੇ ਹੋਏ ਨੁਕਸਾਨ ਦੇ ਮੁਆਵਜ਼ੇ ਲਈ ਪੰਜਾਬ ਸਰਕਾਰ ਵੱਲੋਂ 9.75 ਕਰੋੜ ਰੁਪਏ ਦੀ ਰਾਹਤ ਵੰਡਣ ਦੀ ਮਨਜ਼ੂਰੀ ਦਿੰਦਿਆਂ ਫੰਡ ਜਾਰੀ ਕਰ ਦਿੱਤੇ ਹਨ। ਪੰਜਾਬ ਸਰਕਾਰ ਦੇ ਮਾਲ, ਪੁਨਰਵਾਸ ਤੇ ਡਿਜ਼ਾਸਟਰ ਮੈਨੇਜਮੈਂਟ ਵਿਭਾਗ ਵੱਲੋਂ ਇਸ ਸਬੰਧੀ ਜਾਰੀ ਪੱਤਰ ਦਾ ਹਵਾਲਾ ਦਿੰਦਿਆਂ ਵਿਧਾਇਕ ਸੁਲਤਾਨਪੁਰ ਲੋਧੀ ਨਵਤੇਜ ਸਿੰਘ ਚੀਮਾ ਨੇ ਦੱਸਿਆ ਕਿ ਜਲਦ ਹੀ ਸਬੰਧਤ ਕਿਸਾਨਾਂ ਨੂੰ ਮੁਆਵਜ਼ਾ ਰਾਸ਼ੀ ਦੀ ਵੰਡ ਪ੍ਰਕਿਰਿਆ ਸ਼ੁਰੂ ਕੀਤੀ ਜਾਵੇਗੀ।
ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਜ਼ਿਲ੍ਹੇ ਵਿਚ ਹੋਏ ਖ਼ਰਾਬੇ ਦੀ ਰਿਪੋਰਟ ਨੂੰ ਪ੍ਰਵਾਨ ਕਰਦਿਆਂ ਉਪਰੋਕਤ ਫੰਡ ਜਾਰੀ ਕੀਤੇ ਗਏ ਹਨ। ਚੀਮਾ ਨੇ ਦੱਸਿਆ ਕਿ ਬੀਤੇ ਦਿਨੀਂ ਉਨ੍ਹਾਂ ਵੱਲੋਂ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਨਾਲ ਵੀਡੀਓ ਕਾਨਫਰੰਸ ਰਾਹੀਂ ਹੋਈ ਗੱਲਬਾਤ ਦੌਰਾਨ ਇਹ ਮਾਮਲਾ ਉਠਾਇਆ ਗਿਆ ਸੀ, ਜਿਸ 'ਤੇ ਮੁੱਖ ਮੰਤਰੀ ਵੱਲੋਂ ਇਹ ਮੁਆਵਜ਼ਾ ਜਲਦ ਰਿਲੀਜ਼ ਕੀਤੇ ਜਾਣ ਦਾ ਭਰੋਸਾ ਦਿਵਾਇਆ ਸੀ। ਉਨ੍ਹਾਂ ਮੁਆਵਜ਼ਾ ਜਾਰੀ ਕਰਨ ਲਈ ਮੁੱਖ ਮੰਤਰੀ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਸ ਨਾਲ ਕੋਰੋਨਾ ਮਹਾਮਾਰੀ ਦੀ ਇਸ ਔਖੀ ਘੜੀ ਵਿਚ ਹਲਕੇ ਦੇ ਕਿਸਾਨਾਂ ਨੂੰ ਵੱਡੀ ਰਾਹਤ ਮਿਲੇਗੀ।