ਸਰਕਾਰ ਦੇ ਦਾਅਵਿਆਂ ਦੀ ਨਿਕਲੀ ਹਵਾ, ਰਜਿਸਟਰੀਆਂ ਨਾ ਹੋਣ ਕਾਰਨ ਪ੍ਰਾਪਰਟੀ ਕਾਰੋਬਾਰ ਤਬਾਹੀ ਦੇ ਕੰਢੇ ਪੁੱਜਾ
Sunday, Feb 22, 2026 - 10:44 AM (IST)
ਲੁਧਿਆਣਾ (ਅਨਿਲ) : ਆਮ ਆਦਮੀ ਪਾਰਟੀ ਵੱਲੋਂ ਸੱਤਾ ’ਚ ਆਉਣ ਤੋਂ ਪਹਿਲਾਂ ਪ੍ਰਾਪਰਟੀ ਕਾਰੋਬਾਰ ਨੂੰ ਪ੍ਰਫੁੱਲਿਤ ਕਰਨ ਲਈ ਕੀਤੇ ਵੱਡੇ-ਵੱਡੇ ਦਾਅਵੇ ਹੁਣ ਹਵਾਈ ਸਾਬਤ ਹੋ ਰਹੇ ਹਨ। ਪੰਜਾਬ ’ਚ ‘ਆਪ’ ਸਰਕਾਰ ਦੇ ਗਠਨ ਤੋਂ ਬਾਅਦ ਪ੍ਰਾਪਰਟੀ ਕਾਰੋਬਾਰੀਆਂ ਨੂੰ ਆਏ ਦਿਨ ਨਵੀਆਂ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ, ਜਿਸ ਕਾਰਨ ਅੱਜ ਸੂਬੇ ’ਚ ਕਾਲੋਨੀਆਂ ਦੇ ਪਲਾਟਾਂ ਦੀਆਂ ਰਜਿਸਟਰੀਆਂ ਨਾ ਹੋਣ ਕਰ ਕੇ ਇਹ ਵਪਾਰ ਪੂਰੀ ਤਰ੍ਹਾਂ ਬੰਦ ਹੋਣ ਦੇ ਕੰਢੇ ਪੁੱਜ ਗਿਆ ਹੈ। ਇਹ ਪ੍ਰਗਟਾਵਾ ਪ੍ਰਾਪਰਟੀ ਕਾਰੋਬਾਰ ਨਾਲ ਜੁੜੇ ਸਰਵਨ ਸਿੰਘ ਲਾਦੀਆਂ, ਦਲਜੀਤ ਸਿੰਘ ਪ੍ਰਿੰਸ ਚੱਠਾ, ਸੋਮਨਾਥ ਮਿਗਲਾਨੀ, ਰਾਜੇਸ਼ ਸਹਿਗਲ ਅਤੇ ਰਣਜੋਧ ਸਿੰਘ ਜੱਗਾ ਨੇ ਪ੍ਰੈੱਸ ਨਾਲ ਗੱਲਬਾਤ ਕਰਦਿਆਂ ਕੀਤਾ। ਉਨ੍ਹਾਂ ਦੱਸਿਆ ਕਿ ਜਿਸ ਦਿਨ ਤੋਂ ਸੂਬਾ ਸਰਕਾਰ ਵੱਲੋਂ ਬਿਨਾਂ ਐੱਨ. ਓ. ਸੀ. ਤੋਂ ਕਾਲੋਨੀਆਂ ਦੇ ਪਲਾਟਾਂ ਦੀਆਂ ਰਜਿਸਟਰੀਆਂ ’ਤੇ ਰੋਕ ਲਾਈ ਗਈ ਹੈ, ਉਦੋਂ ਤੋਂ ਪ੍ਰਾਪਰਟੀ ਵਪਾਰੀ ਭਾਰੀ ਘਾਟੇ ’ਚ ਚੱਲ ਰਹੇ ਹਨ। ਕਾਰੋਬਾਰ ਪੂਰੀ ਤਰ੍ਹਾਂ ਠੱਪ ਹੋਣ ਕਾਰਨ ਹਜ਼ਾਰਾਂ ਪਰਿਵਾਰਾਂ ਦੀ ਰੋਜ਼ੀ-ਰੋਟੀ ’ਤੇ ਸੰਕਟ ਆ ਗਿਆ ਹੈ। ਜੇਕਰ ਸਰਕਾਰ ਨੇ ਜਲਦ ਰਜਿਸਟਰੀਆਂ ਖੋਲ੍ਹਣ ਦਾ ਫੈਸਲਾ ਨਾ ਲਿਆ ਤਾਂ ਇਹ ਕਾਰੋਬਾਰੀ ਪੂਰੀ ਤਰ੍ਹਾਂ ਤਬਾਹ ਹੋ ਜਾਣਗੇ।
ਇਹ ਵੀ ਪੜ੍ਹੋ : ਲੁਧਿਆਣਾ 'ਚ ਲੁਟੇਰਿਆਂ ਦੀ ਛਿੱਤਰ-ਪਰੇਡ! ਪੁਲਸ ਦੇ ਸਾਹਮਣੇ ਹੋਈ ਕੁੱਟਮਾਰ
ਕਾਰੋਬਾਰੀਆਂ ਨੇ ਕਿਹਾ ਕਿ ਆਮ ਲੋਕ ਆਪਣੀ ਜ਼ਿੰਦਗੀ ਦੀ ਜਮ੍ਹਾ-ਪੂੰਜੀ ਜੋੜ ਕੇ ਛੋਟੇ ਪਲਾਟ ਖਰੀਦਦੇ ਹਨ ਤਾਂ ਜੋ ਆਪਣੇ ਘਰ ਦਾ ਸੁਪਨਾ ਪੂਰਾ ਕਰ ਸਕਣ। ਰਜਿਸਟਰੀਆਂ ਬੰਦ ਹੋਣ ਕਾਰਨ ਲੋਕਾਂ ਨੂੰ ਬੈਂਕਾਂ ਤੋਂ ਕਰਜ਼ੇ ਨਹੀਂ ਮਿਲ ਰਹੇ, ਜਿਸ ਕਾਰਨ ਉਨ੍ਹਾਂ ਦੇ ਮਕਾਨ ਬਣਾਉਣ ਦੇ ਸੁਪਨੇ ਟੁੱਟ ਰਹੇ ਹਨ। ਰਜਿਸਟਰੀ ਨਾ ਹੋਣ ਕਾਰਨ ਪੈਸਾ ਫਸ ਗਿਆ ਹੈ ਅਤੇ ਆਮ ਵਿਅਕਤੀ ਮਾਨਸਿਕ ਤੌਰ ’ਤੇ ਪ੍ਰੇਸ਼ਾਨ ਹੈ। ਪ੍ਰਾਪਰਟੀ ਕਾਰੋਬਾਰੀਆਂ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਹੈ ਕਿ ਕਾਲੋਨੀਆਂ ਦੇ ਪਲਾਟਾਂ ਦੀਆਂ ਰਜਿਸਟਰੀਆਂ ਤੁਰੰਤ ਪ੍ਰਭਾਵ ਨਾਲ ਸ਼ੁਰੂ ਕੀਤੀਆਂ ਜਾਣ ਤਾਂ ਜੋ ਵਪਾਰੀਆਂ ਅਤੇ ਆਮ ਜਨਤਾ ਨੂੰ ਵੱਡੀ ਰਾਹਤ ਮਿਲ ਸਕੇ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
