ਜੀਓਜੀ ਭੰਗ ਕਰਨਾ ਤੇ ਸਾਬਕਾ ਫੌਜੀਆਂ ਨੂੰ ਨੌਕਰੀ ਤੋਂ ਕੱਢਣਾ ਸਰਕਾਰ ਦਾ ਨਿੰਦਣਯੋਗ ਫੈਸਲਾ : ਬਾਜਵਾ
Saturday, Sep 10, 2022 - 10:06 PM (IST)
ਗੁਰਦਾਸਪੁਰ (ਜੀਤ ਮਠਾਰੂ) : ਸੀਨੀਅਰ ਕਾਂਗਰਸੀ ਆਗੂ ਅਤੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਪੰਜਾਬ ਸਰਕਾਰ ਵੱਲੋਂ ਜੀਓਜੀ ਭੰਗ ਕਰਨ ਦੇ ਮਨਮਾਨੇ ਫੈਸਲੇ ਲਈ ਮੁੱਖ ਮੰਤਰੀ ਭਗਵੰਤ ਮਾਨ ਦੀ ਤਿੱਖੀ ਅਲੋਚਨਾ ਕੀਤੀ ਹੈ। ਬਾਜਵਾ ਨੇ ਕਿਹਾ ਕਿ ਸੂਬੇ ਵਿੱਚ 4300 ਸਾਬਕਾ ਸੈਨਿਕਾਂ ਨੂੰ ਬੇਰੁਜ਼ਗਾਰ ਕਰਕੇ ਭਗਵੰਤ ਮਾਨ ਨੇ ਇਸ ਤੱਥ ਨੂੰ ਪੂਰੀ ਤਰ੍ਹਾਂ ਅੱਖੋਂ ਪਰੋਖੇ ਕਰ ਦਿੱਤਾ ਹੈ ਕਿ ਇਸ ਦਾ ਸਿੱਧਾ ਅਸਰ ਉਨ੍ਹਾਂ ਦੇ ਪਰਿਵਾਰਾਂ ਦੀ ਆਰਥਿਕ ਹਾਲਤ 'ਤੇ ਪਵੇਗਾ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਉਨ੍ਹਾਂ ਨੂੰ ਨੌਕਰੀ ਤੋਂ ਕੱਢਣ ਤੋਂ ਪਹਿਲਾਂ ਉਨ੍ਹਾਂ ਦੇ ਕੰਮ ਦਾ ਕੋਈ ਨਿਰਪੱਖ ਮੁਲਾਂਕਣ ਕਿਉਂ ਨਹੀਂ ਕੀਤਾ ਗਿਆ। 'ਆਪ' ਨੇ ਚੋਣਾਂ ਦੌਰਾਨ ਸੂਬੇ ਦੀ ਸੱਤਾ 'ਚ ਆਉਣ ਉਪਰੰਤ ਨੌਕਰੀਆਂ ਪੈਦਾ ਕਰਨ ਦਾ ਵਾਅਦਾ ਕੀਤਾ ਸੀ ਪਰ ਅਸਲ 'ਚ ਇਹ ਸਰਕਾਰ ਆਪਣੇ ਵਾਅਦੇ ਦੇ ਉਲਟ ਕੰਮ ਕਰਦੀ ਨਜ਼ਰ ਆ ਰਹੀ ਹੈ, ਜੋ ਕਿ ਪੰਜਾਬ ਲਈ ਮੰਦਭਾਗਾ ਹੈ।
ਇਹ ਵੀ ਪੜ੍ਹੋ : ਬਹੁਤ ਲਾਟਰੀਆਂ ਪਾਈਆਂ ਪਰ ਜਦੋਂ ਘਰਵਾਲੀ ਦੇ ਨਾਂ 'ਤੇ ਪਾਈ ਤਾਂ ਹੋ ਗਿਆ ਮਾਲਾ-ਮਾਲ
ਬਾਜਵਾ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਦੌਰਾਨ ਗਾਰਡੀਅਨਜ਼ ਆਫ਼ ਗਵਰਨੈਂਸ (ਜੀਓਜੀ) ਸਕੀਮ ਤਹਿਤ ਸਾਬਕਾ ਸੈਨਿਕਾਂ ਨੂੰ ਰਾਜ ਵਿੱਚ ਵੱਖ-ਵੱਖ ਪੱਧਰਾਂ 'ਤੇ ਨਿਯੁਕਤ ਕੀਤਾ ਗਿਆ ਸੀ ਤਾਂ ਜੋ ਇਸ ਦੀਆਂ ਵੱਖ-ਵੱਖ ਫਲੈਗਸ਼ਿਪ ਸਕੀਮਾਂ ਨੂੰ ਪ੍ਰਭਾਵਸ਼ਾਲੀ ਅਤੇ ਕੁਸ਼ਲਤਾ ਨਾਲ ਲਾਗੂ ਕਰਨ ਨੂੰ ਯਕੀਨੀ ਬਣਾਇਆ ਜਾ ਸਕੇ। ਅਜੇ 2 ਦਿਨ ਪਹਿਲਾਂ ਹੀ ਭਗਵੰਤ ਮਾਨ ਸਰਕਾਰ ਨੇ ਇਨ੍ਹਾਂ ਸਾਬਕਾ ਸੈਨਿਕਾਂ ਨੂੰ ਸ਼ੱਕੀ ਨੀਲੇ ਰਾਸ਼ਨ ਕਾਰਡਾਂ ਦੀ ਤਸਦੀਕ ਕਰਨ ਦਾ ਕੰਮ ਸੌਂਪਣ ਦਾ ਐਲਾਨ ਕੀਤਾ ਸੀ, ਜਿਸ ਨਾਲ ਕਾਰਡਧਾਰਕਾਂ ਨੂੰ ਰਾਸ਼ਟਰੀ ਖੁਰਾਕ ਸੁਰੱਖਿਆ ਐਕਟ ਤਹਿਤ ਮੁਫ਼ਤ ਕਣਕ ਮਿਲਦੀ ਸੀ, ਫਿਰ ਅਚਾਨਕ ਪੰਜਾਬ ਸਰਕਾਰ ਨੇ ਯੂ-ਟਰਨ ਲੈਂਦਿਆਂ ਇਹੀ ਕੰਮ ਸਥਾਨਕ ਪ੍ਰਸ਼ਾਸਨ ਨੂੰ ਦੇਣ ਦਾ ਫੈਸਲਾ ਕੀਤਾ। ਬਾਜਵਾ ਨੇ ਕਿਹਾ ਕਿ ਭਾਵੇਂ ਮਾਨ ਸਰਕਾਰ ਨੇ ਕਰੋੜਾਂ ਰੁਪਏ ਬਚਾਉਣ ਦਾ ਦਾਅਵਾ ਕੀਤਾ ਹੈ ਪਰ 72 ਕਰੋੜ ਰੁਪਏ ਖਾਤਰ ਸਾਬਕਾ ਸੈਨਿਕਾਂ ਦੀਆਂ ਸੇਵਾਵਾਂ ਖ਼ਤਮ ਕਰਕੇ ਫੌਜੀਆਂ ਅਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਜ਼ਲੀਲ ਕਰਨਾ ਸਹੀ ਨਹੀਂ ਹੈ। ਇਸ ਦੇ ਨਾਲ ਹੀ ਪ੍ਰਤਾਪ ਬਾਜਵਾ ਨੇ ਕਿਹਾ ਕਿ 'ਆਪ' ਦੇ ਕਈ ਵਿਧਾਇਕ ਲੋਕਾਂ ਦੀ ਸੇਵਾ ਕਰਨ ਦੀ ਬਜਾਏ ਵੱਖ-ਵੱਖ ਲੋਕ ਵਿਰੋਧੀ ਗਤੀਵਿਧੀਆਂ ਅਤੇ ਵਿਵਾਦਾਂ 'ਚ ਘਿਰ ਗਏ ਹਨ।
ਇਹ ਵੀ ਪੜ੍ਹੋ : ਸਰਹੱਦ ਪਾਰ: ਹਿੰਦੂ ਨੌਜਵਾਨ ਨੇ ਪੁਲਸ ਦੀ ਕੁੱਟਮਾਰ ਤੋਂ ਬਚਣ ਲਈ ਖੂਹ 'ਚ ਮਾਰੀ ਛਾਲ, ਹੋਈ ਮੌਤ
ਨੋਟ - ਇਸ ਖ਼ਬਰ ਬਾਰੇ ਆਪਣੇ ਵਿੱਚਾਰ ਕੁਮੈਂਟ ਬਾਕਸ ਵਿੱਚ ਜ਼ਰੂਰ ਸਾਂਝੇ ਕਰੋ।