ਪੰਜਾਬ ’ਚ ਸਾਰੀਆਂ ਸਰਕਾਰੀ ਤੇ ਪ੍ਰਾਈਵੇਟ ਤਕਨੀਕੀ ਸੰਸਥਾਵਾਂ 31 ਮਾਰਚ ਤੱਕ ਬੰਦ

03/14/2020 10:38:47 PM

ਚੰਡੀਗਡ਼੍ਹ,(ਸ਼ਰਮਾ)- ਪੰਜਾਬ ਸਰਕਾਰ ਵਲੋਂ ਆਈ.ਕੇ. ਗੁਜਰਾਲ ਪੰਜਾਬ ਤਕਨੀਕੀ ਯੂਨੀਵਰਸਿਟੀ ਜਲੰਧਰ, ਮਹਾਰਾਜਾ ਰਣਜੀਤ ਸਿੰਘ ਪੰਜਾਬ ਤਕਨੀਕੀ ਯੂਨੀਵਰਸਿਟੀ ਬਠਿੰਡਾ, ਪੰਜਾਬ ਰਾਜ ਦੇ ਸਮੂਹ ਸਰਕਾਰੀ/ਗੈਰ ਸਰਕਾਰੀ ਇੰਜੀਨੀਅਰਿੰਗ ਕਾਲਜ, ਪੰਜਾਬ ਰਾਜ ਦੇ ਸਮੂਹ ਸਰਕਾਰੀ/ਗੈਰ ਸਰਕਾਰੀ ਬਹੁ-ਤਕਨੀਕੀ ਕਾਲਜ ਅਤੇ ਸਮੂਹ ਸਰਕਾਰੀ/ਗੈਰ ਸਰਕਾਰੀ ਉਦਯੋਗਿਕ ਸਿਖਲਾਈ ਸੰਸਥਾਵਾਂ ਨੂੰ 31 ਮਾਰਚ ਤੱਕ ਬੰਦ ਰੱਖਣ ਦਾ ਫੈਸਲਾ ਲਿਆ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਤਕਨੀਕੀ ਸਿੱਖਿਆ ਅਤੇ ਉਦਯੋਗਿਕ ਸਿਖਲਾਈ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਦੱਸਿਆ ਕਿ ਇਹ ਫੈਸਲਾ ਕੋਰੋਨਾ ਵਾਇਰਸ (ਕੋਵਿਡ-19) ਦੇ ਖ਼ਤਰੇ ਦੇ ਮੱਦੇਨਜ਼ਰ ਮੁੱਖ ਮੰਤਰੀ ਵੱਲੋਂ ਜਾਰੀ ਨਿਰਦੇਸ਼ਾਂ ਤਹਿਤ ਲਿਆ ਗਿਆ ਹੈ।

ਉਨ੍ਹਾਂ ਕਿਹਾ ਕਿ ਇਹ ਵਾਇਰਸ ਵਿਸ਼ਵ ਭਰ ’ਚ ਫੈਲ ਰਿਹਾ ਹੈ। ਪੰਜਾਬ ਦੇ ਮੁੱਖ ਮੰਤਰੀ ਕੈ. ਅਮਰਿੰਦਰ ਸਿੰਘ ਵਲੋਂ ਕੋਰੋਨਾ ਵਾਇਰਸ ਦੇ ਫੈਲਾਅ ਨੂੰ ਰੋਕਣ ਲਈ ਤਕਨੀਕੀ ਸਿੱਖਿਆ ਅਤੇ ਉਦਯੋਗਿਕ ਸਿਖਲਾਈ ਵਿਭਾਗ ਨੂੰ ਅਹਿਤਿਆਤੀ ਕਦਮ ਚੁੱਕਣ ਦੇ ਨਿਰਦੇਸ਼ ਜਾਰੀ ਕੀਤੇ ਗਏ ਹਨ। ਤਕਨੀਕੀ ਸਿੱਖਿਆ ਅਤੇ ਉਦਯੋਗਿਕ ਸਿਖਲਾਈ ਵਿਭਾਗ ਵਲੋਂ ਜਾਰੀ ਕੀਤੇ ਗਏ ਹੁਕਮਾਂ ਅਨੁਸਾਰ ਕਿਸੇ ਵੀ ਤਰ੍ਹਾਂ ਦੇ ਪ੍ਰੋਗਰਾਮ/ਸੈਮੀਨਾਰ/ਮੀਟਿੰਗਾਂ/ਖੇਡਾਂ ਸਮਾਗਮ ਆਦਿ ਵੀ ਮੁਲਤਵੀ ਕੀਤੇ ਗਏ ਹਨ ਅਤੇ ਇਸ ਦੇ ਨਾਲ ਹੀ ਉਨ੍ਹਾਂ ਦੱਸਿਆ ਕਿ ਕੋਈ ਵੀ ਟੀਚਿੰਗ ਅਤੇ ਨਾਨ ਟੀਚਿੰਗ ਸਟਾਫ਼ ਸੰਸਥਾਵਾਂ ’ਚ ਹਾਜ਼ਰ ਨਹੀਂ ਹੋਵੇਗਾ, ਪ੍ਰੰਤੂ ਆਪਣੇ ਪੋਸਟਿੰਗ ਵਾਲੇ ਸਟੇਸ਼ਨ ’ਤੇ ਉਪਲੱਬਧ ਰਹੇਗਾ ਤਾਂ ਜੋ ਲੋਡ਼ ਪੈਣ ਤੇ ਉਨ੍ਹਾਂ ਨੂੰ ਬੁਲਾਇਆ ਜਾ ਸਕੇ।


Related News