ਪੰਜਾਬ 'ਚ ਇਨ੍ਹਾਂ ਤਾਰੀਖ਼ਾਂ ਨੂੰ ਨਹੀਂ ਚੱਲਣਗੀਆਂ ਸਰਕਾਰੀ ਬੱਸਾਂ! PRTC ਮੁਲਾਜ਼ਮਾਂ ਨੇ ਕਰ 'ਤਾ ਵੱਡਾ ਐਲਾਨ
Monday, Jun 08, 2026 - 11:32 AM (IST)
ਜਲੰਧਰ/ਚੰਡੀਗੜ੍ਹ (ਪੁਨੀਤ) : ਪੰਜਾਬ 'ਚ ਸਰਕਾਰੀ ਬੱਸਾਂ ਦਾ ਸਫ਼ਰ ਕਰਨ ਵਾਲਿਆਂ ਲਈ ਅਹਿਮ ਖ਼ਬਰ ਸਾਹਮਣੇ ਆਈ ਹੈ। ਦਰਅਸਲ ਸੂਬੇ 'ਚ 22, 23 ਅਤੇ 24 ਜੂਨ ਨੂੰ ਸਰਕਾਰੀ ਬੱਸਾਂ ਬੰਦ ਰਹਿਣਗੀਆਂ। ਦਰਅਸਲ ਪਨਬੱਸ-ਪੀ. ਆਰ. ਟੀ. ਸੀ. ਠੇਕਾ ਕਰਮਚਾਰੀ ਯੂਨੀਅਨ ਨੇ ਚਿਤਾਵਨੀ ਦਿੱਤੀ ਹੈ ਕਿ ਜੇਕਰ ਜੇਲ੍ਹਾਂ 'ਚ ਬੰਦ ਕਰਮਚਾਰੀਆਂ ਨੂੰ ਰਿਹਾਅ ਨਾ ਕੀਤਾ ਗਿਆ ਅਤੇ ਕਰਮਚਾਰੀਆਂ ਦੀਆਂ ਮੰਗਾਂ ਦਾ ਹੱਲ ਨਾ ਹੋਇਆ ਤਾਂ 22, 23 ਅਤੇ 24 ਜੂਨ ਨੂੰ ਹੜਤਾਲ ਕਰਦੇ ਹੋਏ ਸਰਕਾਰੀ ਬੱਸਾਂ ਦਾ ਚੱਕਾ ਜਾਮ ਕੀਤਾ ਜਾਵੇਗਾ ਅਤੇ ਮੁੱਖ ਮੰਤਰੀ ਦੀ ਰਿਹਾਇਸ਼ ਦੇ ਬਾਹਰ ਧਰਨਾ-ਪ੍ਰਦਰਸ਼ਨ ਕੀਤੇ ਜਾਣਗੇ। ਯੂਨੀਅਨ ਆਗੂਆਂ ਨੇ ਕਿਹਾ ਕਿ ਇਸ ਸੰਘਰਸ਼ ਦੀ ਸ਼ੁਰੂਆਤ 10 ਜੂਨ ਤੋਂ ਪੰਜਾਬ ਭਰ ਦੇ ਡਿਪੂਆਂ 'ਚ ਰੈਲੀਆਂ ਅਤੇ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨਾਂ ਨਾਲ ਹੋਵੇਗੀ।
ਸੂਬਾ ਪ੍ਰਧਾਨ ਰੇਸ਼ਮ ਸਿੰਘ ਗਿੱਲ ਨੇ ਕਿਹਾ ਕਿ ਕਿਲੋਮੀਟਰ ਸਕੀਮ ਤਹਿਤ ਨਿੱਜੀ ਬੱਸਾਂ ਨੂੰ ਹੁਲਾਰਾ ਦੇ ਕੇ ਵਿਭਾਗ ਨੂੰ ਨਿੱਜੀਕਰਨ ਵੱਲ ਧੱਕਿਆ ਜਾ ਰਿਹਾ ਹੈ। ਉਨ੍ਹਾਂ ਦੋਸ਼ ਲਾਇਆ ਕਿ ਯੂਨੀਅਨ ਆਗੂਆਂ ਅਤੇ ਕਰਮਚਾਰੀਆਂ ’ਤੇ ਮਾਮਲੇ ਦਰਜ ਕਰ ਕੇ ਉਨ੍ਹਾਂ ਨੂੰ ਜੇਲ੍ਹਾਂ 'ਚ ਬੰਦ ਕੀਤਾ ਜਾ ਰਿਹਾ ਹੈ ਤਾਂ ਜੋ ਨਿੱਜੀਕਰਨ ਖ਼ਿਲਾਫ਼ ਉੱਠ ਰਹੀਆਂ ਆਵਾਜ਼ਾਂ ਨੂੰ ਦਬਾਇਆ ਜਾ ਸਕੇ। ਸੂਬਾਈ ਜਨਰਲ ਸਕੱਤਰ ਸ਼ਮਸ਼ੇਰ ਸਿੰਘ ਢਿੱਲੋਂ ਨੇ ਕਿਹਾ ਕਿ ਸਰਕਾਰ ਇਕ ਪਾਸੇ ਕੱਚੇ ਕਰਮਚਾਰੀਆਂ ਨੂੰ ਪੱਕਾ ਕਰਨ ਦੇ ਦਾਅਵੇ ਕਰ ਰਹੀ ਹੈ, ਜਦੋਂ ਕਿ ਦੂਜੇ ਪਾਸੇ ਕਰਮਚਾਰੀਆਂ ਦੀਆਂ ਮੁੱਢਲੀਆਂ ਮੰਗਾਂ ਨੂੰ ਲਾਗੂ ਨਹੀਂ ਕੀਤਾ ਜਾ ਰਿਹਾ। ਜਦੋਂ ਤੱਕ ਸਰਕਾਰ ਆਪਣੇ ਫ਼ੈਸਲਿਆਂ ਨੂੰ ਧਰਾਤਲ ’ਤੇ ਲਾਗੂ ਨਹੀਂ ਕਰਦੀ, ਉਦੋਂ ਤੱਕ ਕਰਮਚਾਰੀ ਸੰਤੁਸ਼ਟ ਨਹੀਂ ਹੋਣਗੇ।
ਇਹ ਵੀ ਪੜ੍ਹੋ : ਪੰਜਾਬੀਓ ਸਾਵਧਾਨ! ਦੁਪਿਹਰ 12 ਤੋਂ ਸ਼ਾਮ 4 ਵਜੇ ਤੱਕ ਨਾ ਨਿਕਲੋ ਘਰੋਂ ਬਾਹਰ, ਜਾਰੀ ਹੋਈ ਵੱਡੀ ਚਿਤਾਵਨੀ
ਉਨ੍ਹਾਂ ਕਿਹਾ ਕਿ ਜੇਕਰ ਨਵੀਆਂ ਕਿਲੋਮੀਟਰ ਸਕੀਮ ਦੀਆਂ ਬੱਸਾਂ ਨੂੰ ਸ਼ੁਰੂ ਕੀਤਾ ਗਿਆ ਤਾਂ ਯੂਨੀਅਨ ਕਾਲੇ ਝੰਡਿਆਂ ਨਾਲ ਵਿਰੋਧ ਪ੍ਰਦਰਸ਼ਨ ਕਰੇਗੀ। ਡਿਪੂ-2 ਦੇ ਪ੍ਰਧਾਨ ਸਤਪਾਲ ਸਿੰਘ ਸੱਤਾ, ਦਲਜੀਤ ਸਿੰਘ ਜੱਲੇਵਾਲ, ਚਾਨਣ ਸਿੰਘ, ਬਿਕਰਮਜੀਤ ਸਿੰਘ ਅਤੇ ਬਲਵਿੰਦਰ ਸਿੰਘ ਨੇ ਬਿਜਲੀ ਵਿਭਾਗ ਦੇ ਬੇਰੋਜ਼ਗਾਰ ਲਾਈਨਮੈਨਾਂ ’ਤੇ ਹੋਏ ਲਾਠੀਚਾਰਜ ਦੀ ਸਖ਼ਤ ਸ਼ਬਦਾਂ 'ਚ ਨਿੰਦਾ ਕੀਤੀ। ਆਗੂਆਂ ਨੇ ਕਿਹਾ ਕਿ ਬੀਤੇ ਦਿਨੀਂ ਹੋਈ ਮੀਟਿੰਗ ਵਿਚ ਜਿਹੜੇ ਮੁੱਦਿਆਂ ’ਤੇ ਸਹਿਮਤੀ ਬਣੀ ਸੀ, ਜੇਕਰ ਉਨ੍ਹਾਂ ਦਾ ਠੋਸ ਹੱਲ ਨਾ ਕੀਤਾ ਗਿਆ ਅਤੇ ਜੇਲ੍ਹ 'ਚ ਬੰਦ ਕਰਮਚਾਰੀਆਂ ਨੂੰ ਰਿਹਾਅ ਨਾ ਕੀਤਾ ਗਿਆ ਤਾਂ 22 ਤੋਂ 24 ਜੂਨ ਤੱਕ ਹੜਤਾਲ ਕਰ ਕੇ ਮੁੱਖ ਮੰਤਰੀ ਦੀ ਰਿਹਾਇਸ਼ ਦੇ ਬਾਹਰ ਧਰਨਾ ਦਿੱਤਾ ਜਾਵੇਗਾ, ਜਿਸ ਦੀ ਜ਼ਿੰਮੇਵਾਰੀ ਸਰਕਾਰ ਅਤੇ ਮੈਨੇਜਮੈਂਟ ਦੀ ਹੋਵੇਗੀ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
