ਸਰਕਾਰੀ ਦਫ਼ਤਰਾਂ ਦਾ ਸਮਾਂ ਫਿਰ ਤੋਂ ਬਦਲਣ ’ਤੇ ਸਰਕਾਰ ਕਰ ਰਹੀ ਹੈ ਵਿਚਾਰ

Wednesday, May 10, 2023 - 09:09 PM (IST)

ਸਰਕਾਰੀ ਦਫ਼ਤਰਾਂ ਦਾ ਸਮਾਂ ਫਿਰ ਤੋਂ ਬਦਲਣ ’ਤੇ ਸਰਕਾਰ ਕਰ ਰਹੀ ਹੈ ਵਿਚਾਰ

ਜਲੰਧਰ (ਨਰਿੰਦਰ ਮੋਹਨ) : ਪੰਜਾਬ ਸਰਕਾਰ ਇਕ ਵਾਰ ਫਿਰ ਦਫ਼ਤਰਾਂ ਦਾ ਸਮਾਂ ਬਦਲਣ ਦੀ ਤਿਆਰੀ ’ਚ ਹੈ। ਫਿਲਹਾਲ ਸਰਕਾਰੀ ਦਫਤਰਾਂ ਦਾ ਸਮਾਂ ਸਵੇਰੇ 7.30 ਵਜੇ ਤੋਂ ਦੁਪਹਿਰ 2 ਵਜੇ ਤੱਕ ਹੈ। ਹੁਣ ਨਵੇਂ ਪ੍ਰਸਤਾਵ ਅਨੁਸਾਰ ਦਫ਼ਤਰ ਸਵੇਰੇ 8 ਵਜੇ ਤੋਂ ਦੁਪਹਿਰ 3 ਵਜੇ ਕਰਨ ਅਤੇ ਸ਼ਨੀਵਾਰ ਨੂੰ ਵੀ ਦਫ਼ਤਰ ਖੁੱਲ੍ਹੇ ਰੱਖਣ ਦੀ ਗੱਲ ਹੈ। ਇਸ ਪ੍ਰਸਤਾਵ ਨੂੰ ਵੱਖ-ਵੱਖ ਉੱਚ ਅਧਿਕਾਰੀਆਂ ਕੋਲ ਭੇਜਿਆ ਜਾ ਰਿਹਾ ਹੈ ਅਤੇ ਜਲੰਧਰ ਲੋਕ ਸਭਾ ਉਪ ਚੋਣ ਦੇ ਨਤੀਜੇ ਆਉਣ ਤੋਂ ਬਾਅਦ ਇਸ ’ਤੇ ਕੋਈ ਫ਼ੈਸਲਾ ਲਿਆ ਜਾ ਸਕਦਾ ਹੈ।

ਇਹ ਖ਼ਬਰ ਵੀ ਪੜ੍ਹੋ : ਜਲੰਧਰ ਲੋਕ ਸਭਾ ਜ਼ਿਮਨੀ ਚੋਣ : ਮੁੱਖ ਚੋਣ ਅਧਿਕਾਰੀ ਸਿਬਿਨ ਸੀ. ਨੇ ਵੋਟਰਾਂ ਦਾ ਕੀਤਾ ਧੰਨਵਾਦ

ਪੰਜਾਬ ਸਰਕਾਰ ਨੇ 2 ਮਈ ਤੋਂ ਸਰਕਾਰੀ ਦਫ਼ਤਰਾਂ ਦਾ ਸਮਾਂ ਬਦਲ ਦਿੱਤਾ ਸੀ, ਜੋ 15 ਜੁਲਾਈ ਤੱਕ ਦਾ ਪ੍ਰਸਤਾਵਿਤ ਹੈ ਤੇ ਇਸ ’ਚ ਵਾਧਾ ਵੀ ਕੀਤਾ ਜਾ ਸਕਦਾ ਹੈ। ਪੰਜਾਬ ਦੇਸ਼ ਦਾ ਪਹਿਲਾ ਸੂਬਾ ਹੈ, ਜਿਸ ਨੇ ਸਰਕਾਰੀ ਦਫ਼ਤਰਾਂ ਦਾ ਸਮਾਂ ਬਦਲਿਆ ਸੀ। ਸਰਕਾਰ ਨੇ ਦਾਅਵਾ ਕੀਤਾ ਸੀ ਕਿ ਇਸ ਸਿਸਟਮ ਨਾਲ ਸੂਬੇ ਵਿਚ ਕਰੋੜਾਂ ਰੁਪਏ ਦੀ ਬਿਜਲੀ ਦੀ ਬੱਚਤ ਹੋਵੇਗੀ। ਇਸ ਤੋਂ ਇਲਾਵਾ ਕੁਝ ਵਿਭਾਗ ਵੀ ਅਜਿਹੇ ਹਨ, ਜਦਕਿ ਕੁਝ ਮੁਲਾਜ਼ਮ ਅਜਿਹੇ ਵੀ ਹਨ ਜੋ ਆਸ-ਪਾਸ ਦੇ ਇਲਾਕਿਆਂ ਤੋਂ ਆਉਂਦੇ ਹਨ ਪਰ ਉਨ੍ਹਾਂ ਕੋਲ ਇੰਨੀ ਤੜਕੇ ਟਰਾਂਸਪੋਰਟ ਦੀ ਸਹੂਲਤ ਨਹੀਂ ਹੈ, ਜਦਕਿ ਉਨ੍ਹਾਂ ਪਰਿਵਾਰਾਂ ਨੂੰ ਵਧੇਰੇ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ, ਜਿਹੜੇ ਜੋੜੇ ਨੌਕਰੀ ਕਰਦੇ ਹਨ, ਜਿਨ੍ਹਾਂ ਦੇ ਛੋਟੇ ਪਰਿਵਾਰ ਵਿਚ ਬੱਚੇ ਛੋਟੇ ਹਨ ਅਤੇ ਉਨ੍ਹਾਂ ਨੂੰ ਸਕੂਲ ਆਦਿ ਵਿਚ ਭੇਜਣਾ ਹੁੰਦਾ ਹੈ।

ਸੂਤਰਾਂ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਕੁਝ ਮੁਸ਼ਕਿਲਾਂ ਨੂੰ ਧਿਆਨ ਵਿਚ ਰੱਖਦਿਆਂ ਸਰਕਾਰ ਨੇ ਸਮਾਂ ਬਦਲਣ ਬਾਰੇ ਮੁੜ ਵਿਚਾਰ ਕੀਤਾ ਹੈ ਅਤੇ ਇਸ ਸਬੰਧੀ ਉੱਚ ਅਧਿਕਾਰੀਆਂ ਨੂੰ ਪੱਤਰ ਵੀ ਭੇਜਿਆ ਗਿਆ ਹੈ। ਸੰਭਾਵਿਤ ਤੌਰ ’ਤੇ ਇਸ ਬਾਰੇ ਕੋਈ ਫ਼ੈਸਲਾ 13 ਮਈ ਨੂੰ ਜਲੰਧਰ ਲੋਕ ਸਭਾ ਉਪ ਚੋਣ ਦੇ ਨਤੀਜਿਆਂ ਤੋਂ ਬਾਅਦ ਲਿਆ ਜਾਵੇਗਾ।


author

Manoj

Content Editor

Related News