ਸਰਕਾਰ ਕਣਕ ਦੀ ਖਰੀਦ ਲਈ ਉਚੇਚੇ ਪ੍ਰਬੰਧ ਕਰਨ ’ਚ ਹੋਈ ਫੇਲ : ਸੰਧਵਾਂ
Monday, Apr 19, 2021 - 01:19 AM (IST)
ਚੰਡੀਗੜ੍ਹ,(ਰਮਨਜੀਤ)- ਪੰਜਾਬ ਸਰਕਾਰ ਦੇ ਢਿੱਲੇ ਪ੍ਰਬੰਧਾਂ ਅਤੇ ਬਾਰਦਾਨੇ ਦੀ ਕਮੀ ਕਾਰਨ ਪੰਜਾਬ ਦੀਆਂ ਮੰਡੀਆਂ ਵਿਚ ਰੁਲ ਰਹੇ ਕਿਸਾਨਾਂ ਦੀ ਸਮੱਸਿਆ ਦਾ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਕੋਟਕਪੂਰਾ ਤੋਂ ਵਿਧਾਇਕ ਕੁਲਤਾਰ ਸਿੰਘ ਸੰਧਵਾਂ ਨੇ ਸਰਕਾਰ ਪਾਸੋਂ ਜਲਦ ਹੱਲ ਕੀਤੇ ਜਾਣ ਦੀ ਮੰਗ ਕੀਤੀ। ਇਸ ਸਬੰਧ ਵਿਚ ਉਨ੍ਹਾਂ ਨੇ ਪੰਜਾਬ ਸਰਕਾਰ ਦੇ ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ ਨੂੰ ਇਕ ਪੱਤਰ ਲਿਖ ਕੇ ਕਿਸਾਨਾਂ ਦੀਆਂ ਮੁਸ਼ਕਿਲਾਂ ਵੱਲ ਧਿਆਨ ਦੇਣ ਦੀ ਵੀ ਮੰਗ ਕੀਤੀ।
ਪੰਜਾਬ ਸਰਕਾਰ ਦੇ ਢਿੱਲੇ ਪ੍ਰਬੰਧਾਂ ਕਾਰਨ ਕਿਸਾਨਾਂ ਨੂੰ ਅਨੇਕਾਂ ਮੁਸ਼ਕਿਲਾਂ ਦਰਪੇਸ਼ ਆ ਰਹੀਆਂ ਹਨ ਅਤੇ ਬਾਰਦਾਨੇ ਦੀ ਕਮੀ ਕਾਰਨ ਪੰਜਾਬ ਦੇ ਕਿਸਾਨਾਂ ਦੀ ਫਸਲ ਦੀ ਖਰੀਦ ਅਤੇ ਚੁਕਾਈ ਵਿਚ ਲੰਬੇ ਸਮੇਂ ਤੋਂ ਭਾਰੀ ਪ੍ਰੇਸ਼ਾਨੀ ਆ ਰਹੀ ਹੈ। ਇਸ ਤੋਂ ਬਿਨਾਂ ਮੌਸਮ ਖਰਾਬ ਹੋਣ ਅਤੇ ਸਮੁੱਚੇ ਪੰਜਾਬ ਵਿਚ ਮੀਂਹ ਆਉਣ ਕਾਰਨ ਕਿਸਾਨਾਂ ਦੀ ਫਸਲ ਮੰਡੀਆਂ ਵਿਚ ਰੁਲ ਰਹੀ ਹੈ, ਜੋ ਕਿ ਅਤਿ ਮੰਦਭਾਗਾ ਅਤੇ ਚਿੰਤਾਜਨਕ ਹੈ। ਸੰਧਵਾਂ ਨੇ ਕਿਹਾ ਕਿ ਪੰਜਾਬ ਦਾ ਕਿਸਾਨ ਪਹਿਲਾਂ ਤੋਂ ਹੀ ਤਿੰਨ ਕਾਲੇ ਕਾਨੂੰਨਾਂ ਖ਼ਿਲਾਫ਼ ਸੰਘਰਸ਼ ਕਰ ਰਿਹਾ ਹੈ ਅਤੇ ਬੇਹੱਦ ਗੰਭੀਰ ਮਾਨਸਿਕ ਤਣਾਅ ਵਿਚੋਂ ਗੁਜ਼ਰ ਰਿਹਾ ਹੈ ਅਤੇ ਅਜਿਹੇ ਸਮੇਂ ਵਿਚ ਸਰਕਾਰ ਵਲੋਂ ਕਿਸਾਨਾਂ ਪ੍ਰਤੀ ਅਪਣਾਇਆ ਇਹ ਵਰਤਾਰਾ ਨਿੰਦਣਯੋਗ ਹੈ। ਪੰਜਾਬ ਸਰਕਾਰ ਵਲੋਂ ਕਣਕ ਦੀ ਖਰੀਦ ਸਬੰਧੀ ਪਹਿਲਾਂ ਤੋਂ ਉਚੇਚੇ ਪ੍ਰਬੰਧ ਨਾ ਕਰਨ ਕਾਰਨ ਦਰਪੇਸ਼ ਆ ਰਹੀਆਂ ਮੁਸ਼ਕਿਲਾਂ ਲਈ ਕੈਪਟਨ ਸਰਕਾਰ ਜ਼ਿੰਮੇਵਾਰ ਹੈ। ਉਨ੍ਹਾਂ ਇਸ ਸਬੰਧੀ ਕਾਰਵਾਈ ਕਰ ਕੇ ਅਧਿਕਾਰੀਆਂ ਨੂੰ ਸਖ਼ਤ ਨਿਰਦੇਸ਼ ਦੇਣ ਦੀ ਮੰਗ ਕੀਤੀ ਤਾਂ ਜੋ ਕਿਸਾਨ ਮੰਡੀਆਂ ਵਿਚ ਰੁਲਣ ਤੋਂ ਬਚ ਸਕੇ ਅਤੇ ਉਨ੍ਹਾਂ ਦੀ ਕਣਕ ਦੀ ਫਸਲ ਸੁਚੱਜੇ ਢੰਗ ਨਾਲ ਖਰੀਦੀ ਜਾ ਸਕੇ।