ਮਾਨ ਸਰਕਾਰ ਚੁੱਕਣ ਜਾ ਰਹੀ ਇਕ ਹੋਰ ਅਹਿਮ ਕਦਮ, ਸਰਕਾਰੀ ਹਸਪਤਾਲਾਂ ਨੂੰ ਲੈ ਕੇ ਸਿਹਤ ਮੰਤਰੀ ਨੇ ਕਹੀ ਇਹ ਗੱਲ

Wednesday, Aug 09, 2023 - 07:42 PM (IST)

ਚੰਡੀਗੜ੍ਹ (ਬਿਊਰੋ) : ਮੁੱਖ ਮੰਤਰੀ ਭਗਵੰਤ ਮਾਨ ਦੀ ਵਚਨਬੱਧਤਾ ਅਨੁਸਾਰ ਸੂਬੇ ਦੇ ਲੋਕਾਂ ਨੂੰ ਵਿਸ਼ਵ ਪੱਧਰੀ ਸਿਹਤ ਸਹੂਲਤਾਂ ਪ੍ਰਦਾਨ ਕਰਨ ਲਈ ਪੰਜਾਬ ਸਰਕਾਰ ਸੂਬੇ ਦੇ 40 ਹਸਪਤਾਲਾਂ ਜਾਂ ਸੈਕੰਡਰੀ ਸਿਹਤ ਸਹੂਲਤਾਂ ਨੂੰ ਅਪਗ੍ਰੇਡ ਕਰਨ ਲਈ ਪੂਰੀ ਤਰ੍ਹਾਂ ਤਿਆਰ ਹੈ। ਇਹ ਜਾਣਕਾਰੀ ਅੱਜ ਇੱਥੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਦਿੱਤੀ। ਉਨ੍ਹਾਂ ਕਿਹਾ ਕਿ ਇਨ੍ਹਾਂ 40 ਹਸਪਤਾਲਾਂ 'ਚ 19 ਜ਼ਿਲ੍ਹਾ ਹਸਪਤਾਲ, 6 ਸਬ-ਡਵੀਜ਼ਨ ਹਸਪਤਾਲ ਤੇ 15 ਕਮਿਊਨਿਟੀ ਹੈਲਥ ਸੈਂਟਰ (ਸੀਐੱਚਸੀ) ਸ਼ਾਮਲ ਹਨ। ਉਨ੍ਹਾਂ ਕਿਹਾ ਕਿ ਇਸ ਕੰਮ ਨੂੰ ਨੇਪਰੇ ਚਾੜ੍ਹਨ ਲਈ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ ਅਤੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਇਸ ਕੰਮ ਨੂੰ ਇਸੇ ਸਾਲ ਹੀ ਮੁਕੰਮਲ ਕਰੇਗੀ।

ਇਹ ਵੀ ਪੜ੍ਹੋ : ਕੈਨੇਡਾ 'ਚ ਇਕ ਹੋਰ ਪੰਜਾਬੀ ਨੌਜਵਾਨ ਦੀ ਮੌਤ, 2 ਭੈਣਾਂ ਦਾ ਸੀ ਇਕਲੌਤਾ ਭਰਾ

ਸਿਹਤ ਮੰਤਰੀ ਪੰਜਾਬ ਭਵਨ ਵਿਖੇ ਪੰਜਾਬ ਹੈਲਥ ਸਿਸਟਮ ਕਾਰਪੋਰੇਸ਼ਨ (ਪੀਐੱਚਐੱਸਸੀ), ਆਰਕੀਟੈਕਚਰ ਵਿਭਾਗ, ਲੋਕ ਨਿਰਮਾਣ ਵਿਭਾਗ, ਪੰਜਾਬ ਮੰਡੀ ਬੋਰਡ ਤੇ ਪੁੱਡਾ ਸਮੇਤ ਸਾਰੀਆਂ ਕਾਰਜਕਾਰੀ ਏਜੰਸੀਆਂ ਦੇ ਇੰਜੀਨੀਅਰਾਂ ਅਤੇ ਅਧਿਕਾਰੀਆਂ ਨਾਲ ਮੀਟਿੰਗ ਦੀ ਪ੍ਰਧਾਨਗੀ ਕਰ ਰਹੇ ਸਨ।

ਡਾ. ਬਲਬੀਰ ਸਿੰਘ ਨੇ ਦੱਸਿਆ ਕਿ ਹਸਪਤਾਲਾਂ ਨੂੰ ਅਪਗ੍ਰੇਡ ਕਰਨ ਤੋਂ ਇਲਾਵਾ ਸੂਬੇ ਦੇ ਸਾਰੇ ਸਰਕਾਰੀ ਹਸਪਤਾਲਾਂ ਵਿੱਚ ਜ਼ਰੂਰਤ ਅਨੁਸਾਰ ਨਵੀਆਂ ਇਮਾਰਤਾਂ ਦਾ ਨਿਰਮਾਣ ਅਤੇ ਡਾਕਟਰਾਂ ਤੇ ਸਟਾਫ ਦੀ ਲੋੜੀਂਦੀ ਗਿਣਤੀ ਵੀ ਯਕੀਨੀ ਬਣਾਈ ਜਾਵੇਗੀ। ਉਨ੍ਹਾਂ ਕਿਹਾ ਕਿ ਸਾਰੇ ਹਸਪਤਾਲਾਂ ਦੀਆਂ ਅਪਗ੍ਰੇਡ ਕੀਤੀਆਂ ਇਮਾਰਤਾਂ ਨੂੰ ਅਤਿ-ਆਧੁਨਿਕ ਸਹੂਲਤਾਂ ਅਤੇ ਉਪਕਰਨਾਂ ਨਾਲ ਲੈਸ ਕੀਤਾ ਜਾਵੇਗਾ ਤਾਂ ਜੋ ਲੋਕ ਸਰਕਾਰੀ ਹਸਪਤਾਲਾਂ ਵਿੱਚ ਵਿਸ਼ਵ ਪੱਧਰੀ ਸਿਹਤ ਸਹੂਲਤਾਂ ਦਾ ਲਾਭ ਉਠਾ ਸਕਣ।

ਇਹ ਵੀ ਪੜ੍ਹੋ : ਸਰਕਾਰ ਦਾ ਅਹਿਮ ਫ਼ੈਸਲਾ: ਕੁੜੀਆਂ ਤੇ ਔਰਤਾਂ ਨਾਲ ਛੇੜਛਾੜ ਕਰਨ ਵਾਲਿਆਂ ਨੂੰ ਨਹੀਂ ਮਿਲੇਗੀ ਸਰਕਾਰੀ ਨੌਕਰੀ!

ਜ਼ਿਕਰਯੋਗ ਹੈ ਕਿ ਇਸ ਕੰਮ ਨੂੰ ਜਲਦ ਨੇਪਰੇ ਚਾੜ੍ਹਨ ਲਈ ਰਣਨੀਤੀ ਉਲੀਕਣ ਵਾਸਤੇ ਸਿਹਤ ਮੰਤਰੀ ਸਾਰੀਆਂ ਕਾਰਜਕਾਰੀ ਏਜੰਸੀਆਂ ਦੇ ਨੁਮਾਇੰਦਿਆਂ ਨਾਲ 16 ਅਗਸਤ ਨੂੰ ਸੰਗਰੂਰ ਅਤੇ ਪਟਿਆਲਾ ਦਾ ਦੌਰਾ ਕਰਨਗੇ। ਇਸ ਮੌਕੇ ਪ੍ਰਮੁੱਖ ਸਕੱਤਰ ਸਿਹਤ ਵਿਵੇਕ ਪ੍ਰਤਾਪ ਸਿੰਘ, ਮੈਨੇਜਿੰਗ ਡਾਇਰੈਕਟਰ ਪੀਐੱਸਐੱਚਸੀ ਪ੍ਰਦੀਪ ਕੁਮਾਰ ਅਗਰਵਾਲ, ਲੋਕ ਨਿਰਮਾਣ ਵਿਭਾਗ ਦੇ ਵਿਸ਼ੇਸ਼ ਸਕੱਤਰ ਹਰੀਸ਼ ਨਈਅਰ ਅਤੇ ਚੀਫ ਆਰਕੀਟੈਕਟ ਮਿਸ ਸਪਨਾ ਵੀ ਮੌਜੂਦ ਸਨ।

ਨੋਟ:- ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿੱਚ ਜ਼ਰੂਰ ਸਾਂਝੇ ਕਰੋ।

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇਸ ਲਿੰਕ 'ਤੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

 For IOS:- https://itunes.apple.com/in/app/id538323711?mt=8


Mukesh

Content Editor

Related News