'ਭਾਰਤ ਸਰਕਾਰ ਅਫ਼ਗਾਨਿਸਤਾਨ ਵਿਚ ਵੱਸਦੇ ਸਿੱਖਾਂ ਅਤੇ ਉਨ੍ਹਾਂ ਦੇ ਪਾਵਨ ਅਸਥਾਨਾਂ ਦੀ ਸੁਰੱਖਿਆ ਯਕੀਨੀ ਬਣਾਵੇ'

Friday, Aug 06, 2021 - 05:28 PM (IST)

ਅੰਮ੍ਰਿਤਸਰ (ਬਿਊਰੋ) : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਅਫ਼ਗਾਨਿਸਤਾਨ ਅੰਦਰ ਤਾਲਿਬਾਨ ਵੱਲੋਂ ਇਕ ਗੁਰਦੁਆਰਾ ਸਾਹਿਬ ਵਿੱਚੋਂ ਨਿਸ਼ਾਨ ਸਾਹਿਬ ਉਤਾਰਨ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕੀਤੀ। ਉਨ੍ਹਾਂ ਭਾਰਤ ਸਰਕਾਰ ਨੂੰ ਅਪੀਲ ਕੀਤੀ ਕਿ ਅਫ਼ਗਾਨਿਸਤਾਨ ਵਿਚ ਸਿੱਖਾਂ ਦੇ ਪਾਵਨ ਅਸਥਾਨ ਅਤੇ ਉਥੇ ਵੱਸਦੇ ਸਿੱਖਾਂ ਦੀ ਸੁਰੱਖਿਆ ਯਕੀਨੀ ਬਣਾਈ ਜਾਵੇ। ਉਨ੍ਹਾਂ ਆਖਿਆ ਕਿ ਵਾਰ-ਵਾਰ ਅਫ਼ਗਾਨਿਸਤਾਨ ਵਿਚ ਸਿੱਖਾਂ ਨੂੰ ਤੰਗ-ਪ੍ਰੇਸ਼ਾਨ ਕਰਨਾ ਘੱਟਗਿਣਤੀਆਂ ਨਾਲ ਧੱਕਾ ਹੈ। ਜ਼ਿਕਰਯੋਗ ਹੈ ਕਿ ਤਾਲਿਬਾਨੀ ਲੜਾਕਿਆਂ ਨੇ ਪਕਤੀਆ ਸੂਬੇ ਵਿਚ ਪਵਿੱਤਰ ਗੁਰਦੁਆਰਾ ਥਾਲਾ ਸਾਹਿਬ ਦੀ ਛੱਤ 'ਤੇ ਲਗਾਇਆ ਨਿਸ਼ਾਨ ਸਾਹਿਬ ਹਟਾ ਦਿੱਤਾ ਜਿਸ ਕਾਰਨ ਸਿੱਖ ਸੰਗਤਾਂ ਵਿੱਚ ਰੋਸ ਪਾਇਆ ਜਾ ਰਿਹਾ ਹੈ। ਹਾਲਾਂਕਿ ਤਾਲਿਬਾਨ ਨੇ ਨਿਸ਼ਾਨ ਸਾਹਿਬ ਹਟਾਉਣ ਦੇ ਇਲਜ਼ਾਮ ਦਾ ਖੰਡਨ ਕੀਤਾ ਹੈ।

ਇਹ ਵੀ ਪੜ੍ਹੋ : ਮਰਯਾਦਾ ਦੀ ਉਲੰਘਣਾ ਦਾ ਮਾਮਲਾ: ਗੁਰਦੁਆਰਾ ਨਾਨਕਮਤਾ ਸਾਹਿਬ ਦੀ ਮੌਜੂਦਾ ਪ੍ਰਬੰਧਕ ਕਮੇਟੀ ਨੇ ਦਿੱਤੇ ਅਸਤੀਫ਼ੇ

ਇਸ ਤੋਂ ਇਲਾਵਾ ਗੱਲਬਾਤ ਕਰਦਿਆਂ ਬੀਬੀ ਜਗੀਰ ਕੌਰ ਨੇ ਆਖਿਆ ਕਿ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦਾ ਲਾਂਘਾ ਮੁੜ ਖੋਲ੍ਹਣ ਦੇ ਨਾਲ-ਨਾਲ ਭਾਰਤ ਅਤੇ ਪਾਕਿਸਤਾਨ ਦੀਆਂ ਸਰਕਾਰਾਂ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਅਸਥਾਨ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਦੇ ਖੁੱਲ੍ਹੇ ਦਰਸ਼ਨ ਦੀਦਾਰ ਕਰਨ ਦੀ ਵੀ ਸੰਗਤ ਨੂੰ ਇਜਾਜ਼ਤ ਦੇਣ ਬਾਰੇ ਵਿਚਾਰ ਕਰਨਾ ਚਾਹੀਦਾ ਹੈ। ਸ਼੍ਰੋਮਣੀ ਕਮੇਟੀ ਦਫ਼ਤਰ ਵਿਖੇ ਗੱਲਬਾਤ ਕਰਦਿਆਂ ਬੀਬੀ ਜਗੀਰ ਕੌਰ ਨੇ ਕਿਹਾ ਕਿ ਕੋਰੋਨਾ ਕਾਰਨ ਬੰਦ ਹੋਇਆ ਸ੍ਰੀ ਕਰਤਾਰਪੁਰ ਸਾਹਿਬ ਦਾ ਲਾਂਘਾ ਖੋਲ੍ਹਣ ਲਈ ਦੋਹਾਂ ਦੇਸ਼ਾਂ ਨੂੰ ਸਿਰ ਜੋੜ ਕੇ ਫ਼ੈਸਲਾ ਲੈਣਾ ਚਾਹੀਦਾ ਹੈ, ਕਿਉਂਕਿ ਹੁਣ ਕੋਰੋਨਾ ਦੀਆਂ ਪਾਬੰਦੀਆਂ ਲਗਭਗ ਖ਼ਤਮ ਹੋਣ ਕਿਨਾਰੇ ਹਨ। ਜੇਕਰ ਵਿੱਦਿਅਕ ਅਦਾਰੇ ਤੇ ਬਜ਼ਾਰ ਖੋਲ੍ਹਣ ਦੇ ਨਾਲ-ਨਾਲ ਜਨਤਕ ਅਸਥਾਨਾਂ ’ਤੇ ਵੀ ਪਾਬੰਦੀਆਂ ਘਟਾਈਆਂ ਜਾ ਚੁੱਕੀਆਂ ਹਨ, ਤਾਂ ਅਜਿਹੇ ਵਿਚ ਸ੍ਰੀ ਕਰਤਾਰਪੁਰ ਸਾਹਿਬ ਦਾ ਲਾਂਘਾ ਵੀ ਖੁੱਲ੍ਹਣਾ ਚਾਹੀਦਾ ਹੈ। 

ਇਹ ਵੀ ਪੜ੍ਹੋ : ਨਵਜੋਤ ਸਿੱਧੂ ਪ੍ਰਧਾਨਗੀ ਦੇ ਨਸ਼ੇ ਵਿੱਚ ਗੁਰ-ਅਸਥਾਨਾਂ ਦੀ ਮਰਿਯਾਦਾ ਨਾ ਭੁੱਲਣ: ਬੀਬੀ ਜਗੀਰ ਕੌਰ

ਬੀਬੀ ਜਗੀਰ ਕੌਰ ਨੇ ਆਖਿਆ ਕਿ ਸ੍ਰੀ ਕਰਤਾਰਪੁਰ ਸਾਹਿਬ ਵਿਖੇ ਤਾਂ ਸੀਮਤ ਗਿਣਤੀ ਵਿਚ ਹੀ ਸੰਗਤ ਦਰਸ਼ਨਾਂ ਲਈ ਜਾਂਦੀ ਸੀ, ਇਸ ਲਈ ਰੋਕ ਦਾ ਜਾਰੀ ਰੱਖਣਾ ਤਰਕਸੰਗਤ ਨਹੀਂ ਹੈ। ਬੀਬੀ ਜਗੀਰ ਕੌਰ ਨੇ ਭਾਰਤ ਅਤੇ ਪਾਕਿਸਤਾਨ ਸਰਕਾਰ ਤੋਂ ਇਹ ਮੰਗ ਵੀ ਕੀਤੀ ਕਿ ਸ੍ਰੀ ਕਰਤਾਰਪੁਰ ਸਾਹਿਬ ਵਾਂਗ ਹੀ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਪਾਕਿਸਤਾਨ ਦੇ ਖੁੱਲ੍ਹੇ ਦਰਸ਼ਨ ਦੀਦਾਰ ਦੀ ਇਜਾਜ਼ਤ ਦਿੱਤੀ ਜਾਵੇ। ਉਨ੍ਹਾਂ ਕਿਹਾ ਕਿ ਸੰਗਤਾਂ ਸ੍ਰੀ ਕਰਤਾਰਪੁਰ ਸਾਹਿਬ ਦੀ ਤਰਜ਼ ’ਤੇ ਸ੍ਰੀ ਨਨਕਾਣਾ ਸਾਹਿਬ ਵਿਖੇ ਵੀ ਸਵੇਰੇ ਜਾ ਕੇ ਸ਼ਾਮ ਨੂੰ ਵਾਪਸ ਪਰਤ ਸਕਦੀਆਂ ਹਨ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਭਾਵੇਂ ਸਰਕਾਰਾਂ ਨੇ ਹਾਲਾਤ ਦੇ ਮੱਦੇਨਜ਼ਰ ਇਹ ਫ਼ੈਸਲਾ ਲੈਣਾ ਹੈ, ਪਰ ਫਿਰ ਵੀ ਇਸ ’ਤੇ ਗੌਰ ਕੀਤਾ ਜਾਣਾ ਚਾਹੀਦਾ ਹੈ। 

ਨੋਟ:  ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ 


Harnek Seechewal

Content Editor

Related News