ਭਾਰਤ ਸਰਕਾਰ ਡਰੋਨਾਂ ਦੀ ਰਜਿਸਟ੍ਰੇਸ਼ਨ ਸ਼ੁਰੂ ਕਰੇ : ਭਗਵੰਤ ਮਾਨ

Friday, Dec 23, 2022 - 12:47 PM (IST)

ਭਾਰਤ ਸਰਕਾਰ ਡਰੋਨਾਂ ਦੀ ਰਜਿਸਟ੍ਰੇਸ਼ਨ ਸ਼ੁਰੂ ਕਰੇ : ਭਗਵੰਤ ਮਾਨ

ਜਲੰਧਰ (ਧਵਨ) : ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਹੈ ਕਿ ਭਾਰਤ ਸਰਕਾਰ ਨੂੰ ਡਰੋਨਾਂ ਦੀ ਰਜਿਸਟ੍ਰੇਸ਼ਨ ਦਾ ਕੰਮ ਸ਼ੁਰੂ ਕਰਨਾ ਚਾਹੀਦਾ ਹੈ ਕਿਉਂਕਿ ਪੰਜਾਬ ’ਚ ਭਾਰਤ-ਪਾਕਿ ਸਰਹੱਦ ’ਤੇ ਫੜੇ ਜਾ ਰਹੇ ਡਰੋਨਾਂ ’ਤੇ ਕੋਈ ਨੰਬਰ ਨਹੀਂ ਹੁੰਦਾ। ਇਸ ਲਈ ਜਦੋਂ ਡਰੋਨਾਂ ’ਤੇ ਰਜਿਸਟ੍ਰੇਸ਼ਨ ਨੰਬਰ ਲਿਖੇ ਜਾਣਗੇ ਤਾਂ ਇਹ ਪਤਾ ਲਾਉਣਾ ਆਸਾਨ ਹੋ ਜਾਵੇਗਾ ਕਿ ਸਬੰਧਤ ਡਰੋਨ ਕਿੱਥੋਂ ਲਿਆ ਗਿਆ ਹੈ। ਮੁੱਖ ਮੰਤਰੀ ਨੇ ਕਿਹਾ ਕਿ ਪਿਛਲੇ ਦਿਨੀਂ ਪੰਜਾਬ ਸਰਹੱਦ ’ਤੇ ਫੜੇ ਗਏ ਡਰੋਨਾਂ ’ਚ ਨਸ਼ੇ ਵਾਲੇ ਪਦਾਰਥ ਅਤੇ ਹਥਿਆਰ ਮਿਲੇ ਹਨ। ਸਰਹੱਦ ਪਾਰੋਂ ਮਿਲ ਰਹੀ ਚੁਣੌਤੀ ਦਾ ਮੁਕਾਬਲਾ ਪੰਜਾਬ ਪੁਲਸ ਵੱਲੋਂ ਕੇਂਦਰੀ ਏਜੰਸੀਆਂ ਤੇ ਬੀ.ਐੱਸ.ਐੱਫ. ਦੇ ਨਾਲ ਮਿਲ ਕੇ ਕੀਤਾ ਜਾ ਰਿਹਾ ਹੈ। ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਵਿਚ ਕਾਨੂੰਨ ਵਿਵਸਥਾ ਦੀ ਸਥਿਤੀ ਪੂਰੀ ਤਰ੍ਹਾਂ ਕਾਬੂ ਹੇਠ ਹੈ ਅਤੇ ਕਾਨੂੰਨ ਵਿਵਸਥਾ ਦੇ ਮਾਮਲੇ ਵਿਚ ਪੰਜਾਬ ਦੇਸ਼ ’ਚ ਦੂਜੇ ਨੰਬਰ ’ਤੇ ਆਇਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਗੈਂਗਸਟਰ ਕਲਚਰ ਨੂੰ ਖਤਮ ਕਰਨ ਜਾ ਰਹੀ ਹੈ। ਇਹ ਗੈਂਗਸਟਰ ਪਿਛਲੇ 8 ਮਹੀਨਿਆਂ ਵਿਚ ਪੈਦਾ ਨਹੀਂ ਹੋਏ ਸਗੋਂ ਇਨ੍ਹਾਂ ਨੂੰ ਅਕਾਲੀਆਂ ਤੇ ਕਾਂਗਰਸੀਆਂ ਨੇ ਪੈਦਾ ਕੀਤਾ ਹੈ।

ਇਹ ਵੀ ਪੜ੍ਹੋ : ਡਿਪਟੀ ਕਮਿਸ਼ਨਰ ਨੇ ਸਾਰੇ ਵਿਭਾਗਾਂ ਦੇ ਮੁਖੀਆਂ ਨੂੰ ਦਿੱਤੇ ਨਿਰਦੇਸ਼, ਪੋਰਟਲ ’ਤੇ ਸ਼ਿਕਾਇਤਾਂ ਦਾ ਨਿਪਟਾਰਾ ਕੀਤਾ ਜਾਵੇ ਤੁਰੰਤ

ਅਸੀਂ ਗੈਂਗਸਟਰਾਂ ਨੂੰ ਗ੍ਰਿਫਤਾਰ ਕੀਤਾ ਹੈ, ਜਿਸ ਕਾਰਨ ਵਿਰੋਧੀ ਨੇਤਾਵਾਂ ’ਚ ਖਲਬਲੀ ਮਚੀ ਹੋਈ ਹੈ। ਉਨ੍ਹਾਂ ਕਿਹਾ ਕਿ ਫੜੇ ਗਏ ਕੁਝ ਗੈਂਗਸਟਰਾਂ ਨੇ ਤਾਂ ਸਿਆਸਤਦਾਨਾਂ ਦੇ ਨਾਂ ਵੀ ਲਏ ਹਨ। ਪੁਲਸ ਜਦੋਂ ਅਦਾਲਤ ਵਿਚ ਚਲਾਨ ਪੇਸ਼ ਕਰੇਗੀ ਤਾਂ ਸਾਰੀ ਸੱਚਾਈ ਸਾਹਮਣੇ ਆਵੇਗੀ। ਉਨ੍ਹਾਂ ਕਿਹਾ ਕਿ ਅਕਾਲੀਆਂ ਦੀ ਸਰਕਾਰ ਵੇਲੇ ਹੀ ਧਾਰਮਿਕ ਗ੍ਰੰਥਾਂ ਦੀ ਬੇਅਦਬੀ ਦੀਆਂ ਘਟਨਾਵਾਂ ਵਾਪਰੀਆਂ ਸਨ। ਅਕਾਲੀਆਂ ਦੇ ਰਾਜ ਦੌਰਾਨ ਹੀ ਮਜੀਠਾ ਹਲਕੇ ਵਿਚ ਇਕ ਥਾਣੇਦਾਰ ਆਪਣੀ ਧੀ ਦੀ ਇੱਜ਼ਤ ਬਚਾਉਂਦੇ ਹੋਏ ਸ਼ਹੀਦ ਹੋ ਗਿਆ ਸੀ ਅਤੇ ਗੈਂਗਸਟਰ ਉਸ ਨੂੰ ਮਾਰਨ ਪਿੱਛੋਂ ਉਸ ਦੀ ਛਾਤੀ ’ਤੇ ਪੈਰ ਰੱਖ ਕੇ ਫਰਾਰ ਹੋਏ ਸਨ। ਭ੍ਰਿਸ਼ਟਾਚਾਰ ਦਾ ਜ਼ਿਕਰ ਕਰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਅਸੀਂ ਭ੍ਰਿਸ਼ਟਾਚਾਰ ਨੂੰ ਖਤਮ ਕਰਨ ਲਈ ਹੈਲਪਲਾਈਨ ਬਣਾਈ ਹੈ, ਜਿਸ ’ਤੇ ਲਗਾਤਾਰ ਸ਼ਿਕਾਇਤਾਂ ਮਿਲ ਰਹੀਆਂ ਹਨ ਅਤੇ 250 ਅਧਿਕਾਰੀਆਂ ਨੂੰ ਗ੍ਰਿਫਤਾਰ ਕੀਤਾ ਜਾ ਚੁੱਕਾ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ’ਤੇ ਹਮਲਾ ਬੋਲਦਿਆਂ ਉਨ੍ਹਾਂ ਕਿਹਾ ਕਿ ਮੋਦੀ ਨੇ ਕਿਹਾ ਸੀ ਕਿ 15-15 ਲੱਖ ਰੁਪਏ ਲੋਕਾਂ ਦੇ ਬੈਂਕ ਖਾਤਿਆਂ ’ਚ ਜਮ੍ਹਾ ਹੋ ਜਾਣਗੇ ਪਰ ਇਹ ਗੱਲ ਪੂਰੀ ਤਰ੍ਹਾਂ ਝੂਠ ਨਿਕਲੀ।

ਇਹ ਵੀ ਪੜ੍ਹੋ : ਕੋਟਭਾਈ ਕਤਲ ਮਾਮਲੇ ''ਚ ਆਇਆ ਨਵਾਂ ਮੋੜ, ਪੁਲਸ ਨੇ ਪਿੰਡ ਦੇ ਸਰਪੰਚ ਨੂੰ ਕੀਤਾ ਗ੍ਰਿਫ਼ਤਾਰ

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ।


author

Anuradha

Content Editor

Related News