‘ਸ਼ਹੀਦਾਂ ਦੇ ਨਾਂ ਨਾਲ ਜਾਣੇ ਜਾਣਗੇ ਸੂਬੇ ਦੇ 7 ਸਰਕਾਰੀ ਸਕੂਲ’

Tuesday, Dec 29, 2020 - 06:59 PM (IST)

ਲੁਧਿਆਣਾ,(ਵਿੱਕੀ)-ਸਿੱਖਿਆ ਸੰਸਥਾਵਾਂ ਦਾ ਨਾਂ ਅਹਿਮ ਸ਼ਖਸੀਅਤਾਂ ਦੇ ਨਾਂ ’ਤੇ ਰੱਖਣ ਦੀ ਨੀਤੀ ਤਹਿਤ ਪੰਜਾਬ ਸਰਕਾਰ ਨੇ 7 ਸਰਕਾਰੀ ਸਕੂਲਾਂ ਦਾ ਨਾਂ ਆਜ਼ਾਦੀ ਘੁਲਾਟੀਆਂ ਅਤੇ ਸ਼ਹੀਦਾਂ ਦੇ ਨਾਂ ’ਤੇ ਰੱਖਣ ਦਾ ਫੈਸਲਾ ਕੀਤਾ ਹੈ। ਜਾਣਕਾਰੀ ਦਿੰਦੇ ਹੋਏ ਸਕੂਲ ਸਿੱਖਿਆ ਮੰਤਰੀ ਵਿਜੇ ਇੰਦਰ ਸਿੰਗਲਾ ਨੇ ਦੱਸਿਆ ਕਿ ਸੂਬੇ ਦੇ ਆਜ਼ਾਦੀ ਗੁਲਾਟੀਆਂ, ਸ਼ਹੀਦਾਂ ਅਤੇ ਨਾਮਵਰ ਸ਼ਖਸੀਅਤਾਂ ਵੱਲੋਂ ਕੀਤੇ ਗਏ ਵਿਲੱਖਣ ਕਾਰਜਾਂ, ਉਨ੍ਹਾਂ ਦੀ ਦੇਣ ਨੂੰ ਬਰਕਰਾਰ ਰੱਖਣ ਅਤੇ ਸਮਾਜ ਵਿਚ ਬਣਦਾ ਸਤਿਕਾਰ ਦੇਣਾ ਯਕੀਨੀ ਬਣਾਉਣ ਲਈ ਸਰਕਾਰ ਵੱਲੋਂ ਇਹ ਯਤਨ ਕੀਤਾ ਗਿਆ ਹੈ। ਸਿੱਖਿਆ ਮੰਤਰੀ ਨੇ ਦੱਸਿਆ ਕਿ ਇਸ ਸਬੰਧੀ ਨੋਟੀਫਿਕੇਸ਼ਨ ਜਲਦ ਹੀ ਜਾਰੀ ਕਰ ਦਿੱਤਾ ਜਾਵੇਗਾ।

ਇਨ੍ਹਾਂ ਸਕੂਲਾਂ ਦਾ ਬਦਲਿਆ ਗਿਆ ਨਾਂ
ਸਿੱਖਿਆ ਮੰਤਰੀ ਨੇ ਦੱਸਿਆ ਕਿ ਜ਼ਿਲਾ ਬਠਿੰਡਾ ਦੇ 2 ਸਕੂਲਾਂ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੀਆਂ) ਕੋਰੋਆਣਾ ਦਾ ਨਾਂ ਸ਼ਹੀਦ ਲਾਂਸ ਨਾਇਕ ਕੁਲਦੀਪ ਸਿੰਘ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਅਤੇ ਸਰਕਾਰੀ ਪ੍ਰਾਇਮਰੀ ਸਕੂਲ ਪੱਤੀ ਪਿੱਥਾਂ ਦਾ ਨਾਂ ਸ਼ਹੀਦ ਫੌਜੀ ਕੁਲਦੀਪ ਸਿੰਘ ਸਰਕਾਰੀ ਪ੍ਰਾਇਮਰੀ ਸਕੂਲ ਰੱਖਿਆ ਗਿਆ ਹੈ। ਇਸੇ ਤਰ੍ਹਾਂ ਜ਼ਿਲ੍ਹਾ ਮਾਨਸਾ ਦੇ ਦੋ ਸਕੂਲਾਂ ਦਾ ਨਾਂ ਮਹਾਨ ਸ਼ਖਸੀਅਤਾਂ ਦੇ ਨਾਂ ’ਤੇ ਰੱਖਿਆ ਗਿਆ ਹੈ, ਜਿਨ੍ਹਾਂ ਵਿਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਖਿਆਲਾਂ ਕਲਾਂ ਦਾ ਨਾਂ ਸ਼ਹੀਦ ਉਦੇ ਸਿੰਘ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਜੋਗਾ ਦਾ ਨਾਂ ਕਾ. ਜੰਗੀਰ ਸਿੰਘ ਜੋਗਾ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਰੱਖਿਆ ਗਿਆ ਹੈ, ਜਦਕਿ ਜ਼ਿਲ੍ਹਾ ਅੰਮ੍ਰਿਤਸਰ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ), ਸਠਿਆਲਾ ਦਾ ਨਾਂ ਸ਼ਹੀਦ ਇੰਸ. ਰਘਬੀਰ ਸਿੰਘ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਜ਼ਿਲ੍ਹਾ ਗੁਰਦਾਸਪੁਰ ਦੇ ਸਰਕਾਰੀ ਮਿਡਲ ਸਕੂਲ ਵਿੰਝਵਾਂ ਦਾ ਨਾਂ ਸ਼ਹੀਦ ਹੌਲਦਾਰ ਰਜਿੰਦਰ ਸਿੰਘ ਸਰਕਾਰੀ ਮਿਡਲ ਸਕੂਲ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਘੁੰਨਸ (ਬਰਨਾਲਾ) ਦਾ ਨਾਂ ਸ਼ਹੀਦ ਸਿਪਾਹੀ ਦਲੀਪ ਸਿੰਘ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਰੱਖਿਆ ਗਿਆ ਹੈ।


Deepak Kumar

Content Editor

Related News