ਪੰਜਾਬ ਸਰਕਾਰ ਵੱਲੋਂ ਮੈਡੀਕਲ ਕਾਲਜਾਂ ਦੇ ਸਾਰੇ ਬੈੱਡ ਕੋਵਿਡ ਮਰੀਜ਼ਾਂ ਲਈ ਰਾਖਵੇਂ ਰੱਖੇ ਜਾਣਗੇ : ਸੋਨੀ
Thursday, Apr 29, 2021 - 01:32 PM (IST)
ਚੰਡੀਗੜ੍ਹ/ਜਲੰਧਰ (ਸ਼ਰਮਾ, ਧਵਨ)- ਪੰਜਾਬ ਸਰਕਾਰ ਵੱਲੋਂ ਅਗਲੇ ਹੁਕਮਾਂ ਤੱਕ ਮੈਡੀਕਲ ਕਾਲਜਾਂ ਅਤੇ ਹਸਪਤਾਲਾਂ ਵਿਚ ਓ. ਪੀ. ਡੀ. ਸੇਵਾਵਾਂ ਮੁਅੱਤਲ ਕਰਨ ਦਾ ਫ਼ੈਸਲਾ ਲਿਆ ਗਿਆ ਹੈ ਅਤੇ ਇਨ੍ਹਾਂ ਸਿਹਤ ਸੰਸਥਾਵਾਂ ਵਿਚ ਸਾਰੇ ਬੈੱਡ ਕੋਵਿਡ ਮਰੀਜ਼ਾਂ ਲਈ ਰਾਖਵੇਂ ਰੱਖੇ ਗਏ ਹਨ ਪਰ ਐਮਰਜੈਂਸੀ ਸੇਵਾਵਾਂ ਜਾਰੀ ਰੱਖੀਆਂ ਜਾਣਗੀਆਂ।
ਬੁੱਧਵਾਰ ਇਥੇ ਮੈਡੀਕਲ ਆਕਸੀਜਨ ਦੀ ਉਪਲਬੱਧਤਾ ਅਤੇ ਹੋਰ ਜ਼ਰੂਰਤਾਂ ਦੀ ਸਥਿਤੀ ਦਾ ਜਾਇਜ਼ਾ ਲੈਣ ਲਈ ਕੀਤੀ ਇਕ ਮੀਟਿੰਗ ਦੌਰਾਨ ਪੰਜਾਬ ਦੇ ਮੈਡੀਕਲ ਸਿੱਖਿਆ ਅਤੇ ਖੋਜ ਮੰਤਰੀ ਓ. ਪੀ. ਸੋਨੀ ਨੇ ਅਧਿਕਾਰੀਆਂ ਨੂੰ ਆਕਸੀਜਨ ਅਤੇ ਕਿਸੇ ਹੋਰ ਡਾਕਟਰੀ ਸਪਲਾਈ ਵਿਚ ਕੋਈ ਰੁਕਾਵਟ ਆਉਣ ਦੀ ਸੂਰਤ ਵਿਚ ਤੁਰੰਤ ਕਾਰਵਾਈ ਕਰਨ ਦੀ ਹਦਾਇਤ ਕੀਤੀ। ਉਨ੍ਹਾਂ ਕਿਹਾ ਕਿ ਜੇਕਰ ਆਕਸੀਜਨ ਦੀ ਕਮੀ ਬਾਰੇ ਕੋਈ ਰਿਪੋਰਟ ਉਨ੍ਹਾਂ ਦੇ ਧਿਆਨ ਵਿਚ ਆਉਂਦੀ ਹੈ ਤਾਂ ਉਹ ਤੁਰੰਤ ਇਸ ਦੀ ਸੂਚਨਾ ਉੱਚ ਅਧਿਕਾਰੀਆਂ ਨੂੰ ਦੇਣ ਤਾਂ ਜੋ ਇਸ ਨਿਪਟਣ ਸਬੰਧੀ ਕਦਮ ਚੁੱਕੇ ਜਾ ਸਕਣ।
ਇਹ ਵੀ ਪੜ੍ਹੋ : ਬੇਅਦਬੀ ਮਾਮਲੇ ’ਤੇ ਕੈਪਟਨ ਖ਼ਿਲਾਫ਼ ਵਿਧਾਇਕ ਪਰਗਟ ਸਿੰਘ ਦਾ ਵੱਡਾ ਬਿਆਨ ਆਇਆ ਸਾਹਮਣੇ, ਜਾਣੋ ਕੀ ਬੋਲੇ
ਬਿਹਤਰ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਵਿਚ ਕੋਈ ਕਸਰ ਬਾਕੀ ਨਾ ਛੱਡਣ ਸਬੰਧੀ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਸੂਬਾ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਕੈਬਨਿਟ ਮੰਤਰੀ ਨੇ ਮੈਡੀਕਲ ਸਿੱਖਿਆ ਅਤੇ ਖੋਜ ਦੇ ਪ੍ਰਮੁੱਖ ਸਕੱਤਰ ਨੂੰ ਕੋਵਿਡ ਮਰੀਜਾਂ ਲਈ ਐਡਵਾਂਸਡ ਕੈਂਸਰ ਸੈਂਟਰ, ਬਠਿੰਡਾ ਵਿਚ 75 ਬੈੱਡ ਰਾਖਵੇਂ ਰੱਖਣ ਦੇ ਨਿਰਦੇਸ਼ ਦਿੱਤੇ।
ਇਹ ਵੀ ਪੜ੍ਹੋ : ਵੱਡੀ ਖ਼ਬਰ : ਕੋਰੋਨਾ ਦੇ ਵੱਧਦੇ ਮਾਮਲਿਆਂ ਨੂੰ ਲੈ ਕੇ ਚੰਡੀਗੜ੍ਹ 'ਚ ਵਧਿਆ 'ਨਾਈਟ ਕਰਫ਼ਿਊ' ਦਾ ਸਮਾਂ
ਉਨ੍ਹਾਂ ਇਹ ਵੀ ਦੱਸਿਆ ਕਿ ਮੈਡੀਕਲ ਕਾਲਜਾਂ ਅਤੇ ਹਸਪਤਾਲਾਂ ਵਿਚ ਬੈੱਡਾਂ ਦੀ ਮੌਜੂਦਾ ਗਿਣਤੀ ਨਾਲੋਂ ਹੋਰ 900 ਬੈੱਡਾਂ ਦਾ ਵਾਧਾ ਕਰਨ ਲਈ ਕਿਹਾ ਗਿਆ ਹੈ। ਸੂਬੇ ਭਰ ਵਿਚ ਆਕਸੀਜਨ ਟੈਂਕਰ ਅਤੇ ਉਤਪਾਦਨ ਪਲਾਂਟ ਲਾਉਣ ਦੇ ਕੰਮ ਵਿਚ ਤੇਜੀ ਲਿਆਂਦੀ ਗਈ ਹੈ। ਉਨ੍ਹਾਂ ਨੇ ਲੀਕੇਜ ਜਾਂ ਦਬਾਅ ’ਤੇ ਕੰਟਰੋਲ ਰੱਖਣ ਲਈ ਆਕਸੀਜਨ ਦੀ ਸਪਲਾਈ, ਉਪਲਬਧਤਾ ਅਤੇ ਵਰਤੋਂ ਦਾ ਬਾਕਾਇਦਾ ਆਡਿਟ ਕਰਨ ਦੇ ਹੁਕਮ ਵੀ ਦਿੱਤੇ। ਮੀਟਿੰਗ ਵਿਚ ਸਰਕਾਰੀ ਮੈਡੀਕਲ ਕਾਲਜ ਅੰਮ੍ਰਿਤਸਰ, ਪਟਿਆਲਾ ਅਤੇ ਫਰੀਦਕੋਟ ਦੇ ਪ੍ਰਿੰਸੀਪਲ ਅਤੇ ਮੈਡੀਕਲ ਸੁਪਰਡੈਂਟ ਵੀ ਸ਼ਾਮਲ ਸਨ।
ਇਹ ਵੀ ਪੜ੍ਹੋ : ਪੰਜਾਬ 'ਚ ਫਿਲਹਾਲ 18 ਸਾਲ ਤੋਂ ਵੱਧ ਉਮਰ ਦੇ ਲੋਕਾਂ ਨੂੰ ਨਹੀਂ ਲੱਗੇਗੀ ਕੋਰੋਨਾ ਵੈਕਸੀਨ, ਜਾਣੋ ਵਜ੍ਹਾ
ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ?