ਪਿੰਡ ਰੌਲੀ ਤੇ ਵਜੀਦਪੁਰ ਦੀ ਘਟਨਾ ਤੋਂ ਬਾਅਦ ਪੰਜਾਬ ਸਰਕਾਰ ਸਖ਼ਤ, ਰੰਧਾਵਾ ਵਲੋਂ ਕਾਰਵਾਈ ਦੇ ਹੁਕਮ

Monday, Nov 08, 2021 - 06:29 PM (IST)

ਚੰਡੀਗੜ੍ਹ : ਪੰਜਾਬ ਸਰਕਾਰ ਵੱਲੋਂ ਨਸ਼ਿਆਂ ਖ਼ਿਲਾਫ਼ ਸਖ਼ਤ ਸਟੈਂਡ ਨੂੰ ਦੁਹਰਾਉਂਦਿਆ ਉੱਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਮੋਗਾ ਤੇ ਫਿਰੋਜ਼ਪੁਰ ਜ਼ਿਲ੍ਹਿਆਂ ਦੇ ਦੋ ਪਿੰਡਾਂ ਕ੍ਰਮਵਾਰ ਰੌਲੀ ਤੇ ਵਜੀਦਪੁਰ ਵਿਚ ਨਸ਼ਿਆਂ ਦੀਆਂ ਵਿਕਰੀ ਦੀਆਂ ਰਿਪੋਰਟਾਂ ਦਾ ਸਖ਼ਤ ਨੋਟਿਸ ਲਿਆ ਹੈ। ਉਪ ਮੁੱਖ ਮੰਤਰੀ ਵੱਲੋਂ ਦੋਵੇਂ ਜ਼ਿਲ੍ਹਿਆਂ ਦੇ ਐੱਸ.ਐੱਸ.ਪੀਜ਼ ਨੂੰ ਇਸ ਮਾਮਲੇ ਵਿਚ ਨਿੱਜੀ ਦਖ਼ਲ ਦੇ ਕੇ ਸਖ਼ਤ ਕਾਰਵਾਈ ਕਰਨ ਦੇ ਹੁਕਮ ਦਿੱਤੇ ਹਨ। ਨਸ਼ਾ ਵੇਚਣ ਵਾਲਿਆਂ ਦੀ ਜਾਇਦਾਦ ਅਟੈਚ ਕਰਨ ਲਈ ਕਾਨੂੰਨ ਅਨੁਸਾਰ ਕਾਰਵਾਈ ਆਰੰਭੀ ਜਾਵੇ। ਇਸ ਦੇ ਨਾਲ ਹੀ ਨਸ਼ਿਆਂ ਦੇ ਮਾਮਲੇ ਵਿਚ ਠੋਸ ਕਾਰਵਾਈ ਨਾ ਕਰਨ ਵਾਲੇ ਪੁਲਸ ਅਧਿਕਾਰੀਆਂ ਖ਼ਿਲਾਫ਼ ਅਨੁਸ਼ਾਸਨੀ ਕਾਰਵਾਈ ਆਰੰਭਣ ਲਈ ਵੀ ਕਿਹਾ ਹੈ। ਇਹ ਸਾਰੀ ਕਾਰਵਾਈ ਕਰਕੇ ਤਿੰਨ ਦਿਨਾਂ ਦੇ ਅੰਦਰ ਰਿਪੋਰਟ ਦੇਣ ਲਈ ਆਖਿਆ ਗਿਆ ਹੈ।

ਇਹ ਵੀ ਪੜ੍ਹੋ : ਨਵਜੋਤ ਸਿੱਧੂ ਨੇ ਮੁੜ ਆਪਣੀ ਹੀ ਸਰਕਾਰ ’ਤੇ ਚੁੱਕੇ ਸਵਾਲ, ਕਿਹਾ ਬੇਅਦਬੀ ਮਾਮਲੇ ’ਤੇ ਡੰਗ ਟਪਾਇਆ ਜਾ ਰਿਹੈ

ਰੰਧਾਵਾ ਜਿਨ੍ਹਾਂ ਕੋਲ ਗ੍ਰਹਿ ਵਿਭਾਗ ਵੀ ਹੈ, ਨੇ ਆਖਿਆ ਕਿ ਨਸ਼ਿਆਂ ਦੇ ਮਾਮਲੇ ਵਿਚ ਕਾਰਵਾਈ ਕਰਨ ਵਿਚ ਕੋਈ ਢਿੱਲ ਬਰਦਾਸ਼ਤ ਨਹੀਂ ਕੀਤੀ ਜਾਵੇਗੀ ਅਤੇ ਕੋਤਾਹੀ ਕਰਨ ਵਾਲੇ ਪੁਲਸ ਅਧਿਕਾਰੀ ਨੂੰ ਵੀ ਨਹੀਂ ਬਖ਼ਸ਼ਿਆ ਜਾਵੇਗਾ। ਨਸ਼ਾ ਵੇਚਣ ਵਾਲਿਆਂ ਦੀਆਂ ਪ੍ਰਾਪਰਟੀਆਂ ਅਟੈਚ ਕੀਤੀਆਂ ਜਾਣ। ਉਨ੍ਹਾਂ ਕਿਹਾ ਕਿ ਇਸ ਸਬੰਧੀ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਵੀ ਜ਼ਿਲ੍ਹਾ ਪੁਲਸ ਮੁਖੀਆਂ ਦੀ ਮੀਟਿੰਗ ਵਿਚ ਸਖ਼ਤ ਹਦਾਇਤਾਂ ਜਾਰੀ ਕਰਦਿਆਂ ਨਸ਼ਿਆਂ ਦੇ ਮਾਮਲੇ ਵਿਚ ਜ਼ੀਰੋ ਟਾਲਰੈਂਸ ਅਪਣਾਉਣ ਲਈ ਕਿਹਾ ਗਿਆ ਸੀ।

ਇਹ ਵੀ ਪੜ੍ਹੋ : ਪੰਜਾਬ ਦੇ ਸਕੂਲਾਂ ਲਈ ਅਹਿਮ ਖ਼ਬਰ, ਮੰਤਰੀ ਮੰਡਲ ਵਲੋਂ ‘ਪੰਜਾਬ ਐਕਟ-2008’ ’ਚ ਸੋਧ ਨੂੰ ਪ੍ਰਵਾਨਗੀ

ਉਪ ਮੁੱਖ ਮੰਤਰੀ ਵੱਲੋਂ ਦਿੱਤੀਆਂ ਹਦਾਇਤਾਂ ਦੇ ਮੱਦੇਨਜ਼ਰ ਪ੍ਰਮੁੱਖ ਸਕੱਤਰ ਗ੍ਰਹਿ ਨੇ ਮੋਗਾ ਤੇ ਫਿਰੋਜ਼ਪੁਰ ਦੇ ਐੱਸ.ਐੱਸ.ਪੀਜ਼ ਨੂੰ ਬਾਕਾਇਦਾ ਪੱਤਰ ਜਾਰੀ ਕੀਤੇ ਗਏ ਹਨ। ਇਨ੍ਹਾਂ ਪੱਤਰਾਂ ਵਿਚ ਇਸ ਗੱਲ ਦਾ ਨੋਟਿਸ ਲਿਆ ਗਿਆ ਹੈ ਕਿ ਮੁੱਖ ਮੰਤਰੀ ਤੇ ਉਪ ਮੁੱਖ ਮੰਤਰੀ ਵੱਲੋਂ ਸਮੂਹ ਜ਼ਿਲ੍ਹਾ ਪੁਲਸ ਮੁਖੀਆਂ ਨੂੰ ਨਸ਼ਿਆਂ ਖ਼ਿਲਾਫ਼ ਸਖ਼ਤ ਕਾਰਵਾਈ ਦੇ ਆਦੇਸ਼ ਦਿੱਤੇ ਗਏ ਹਨ ਪਰ ਸੋਸ਼ਲ ਮੀਡੀਆ ਰਿਪੋਰਟਾਂ ਅਨੁਸਾਰ ਉਕਤ ਪਿੰਡਾਂ ਵਿਚ ਖੁੱਲ੍ਹੇਆਮ ਨਸ਼ਾ ਵਿਕ ਰਿਹਾ ਅਤੇ ਪੁਲਸ ਕੋਈ ਠੋਸ ਕਾਰਵਾਈ ਨਹੀਂ ਕਰ ਰਹੀ ਹੈ। ਪ੍ਰਮੁੱਖ ਸਕੱਤਰ ਗ੍ਰਹਿ ਨੇ ਦੋਵੇਂ ਐੱਸ.ਐੱਸ.ਪੀਜ਼ ਨੂੰ ਕਿਹਾ ਹੈ ਕਿ ਉਹ ਇਨ੍ਹਾਂ ਕੇਸਾਂ ਵਿਚ ਨਿੱਜੀ ਤੌਰ ’ਤੇ ਧਿਆਨ ਦੇਣ ਅਤੇ ਨਸ਼ਾ ਵੇਚਣ ਵਾਲਿਆਂ ਖ਼ਿਲਾਫ਼ ਸਖਤ ਕਾਰਵਾਈ ਕਰਨ। ਇਸ ਤੋਂ ਇਲਾਵਾ ਜਿਨ੍ਹਾਂ ਪੁਲਸ ਅਧਿਕਾਰੀਆਂ ਨੇ ਕੋਈ ਠੋਸ ਕਾਰਵਾਈ ਨਹੀਂ ਕੀਤੀ, ਉਨ੍ਹਾਂ ਵਿਰੁੱਧ ਅਨੁਸ਼ਾਸਨੀ ਕਾਰਵਾਈ ਦਾ ਕੇਸ ਤਿਆਰ ਕੇ ਭੇਜਿਆ ਜਾਵੇ। ਸਾਰੀ ਕਾਰਵਾਈ ਤਿੰਨ ਦਿਨਾਂ ਦੇ ਅੰਦਰ ਕੀਤੀ ਜਾਵੇ।

ਇਹ ਵੀ ਪੜ੍ਹੋ : ਬੇਅਦਬੀ ਮਾਮਲੇ ’ਚ ਰਾਮ ਰਹੀਮ ਤੋਂ ਕੀਤੀ ਜਾਣ ਵਾਲੀ ਪੁੱਛਗਿੱਛ ’ਤੇ ਆਈ. ਜੀ. ਪਰਮਾਰ ਦਾ ਵੱਡਾ ਬਿਆਨ

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ?


Gurminder Singh

Content Editor

Related News