ਪੰਜਾਬ ਸਰਕਾਰ ਵਲੋਂ ਸੁਲਤਾਨਪੁਰ ਲੋਧੀ ਦੇ ਵਿਕਾਸ ਕਾਰਜਾਂ ਦੀ ਸਮੀਖਿਆ, ਸਖ਼ਤ ਹੁਕਮ ਜਾਰੀ

Thursday, Nov 07, 2024 - 04:40 PM (IST)

ਪੰਜਾਬ ਸਰਕਾਰ ਵਲੋਂ ਸੁਲਤਾਨਪੁਰ ਲੋਧੀ ਦੇ ਵਿਕਾਸ ਕਾਰਜਾਂ ਦੀ ਸਮੀਖਿਆ, ਸਖ਼ਤ ਹੁਕਮ ਜਾਰੀ

ਚੰਡੀਗੜ੍ਹ/ਸੁਲਤਾਨਪੁਰ ਲੋਧੀ : ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ.ਰਵਜੋਤ ਸਿੰਘ ਨੇ ਅੱਜ ਸੁਲਤਾਨਪੁਰ ਲੋਧੀ ਵਿਖੇ ਚੱਲ ਰਹੇ ਵਿਕਾਸ ਕਾਰਜਾਂ ਦਾ ਜਾਇਜ਼ਾ ਲੈਂਦਿਆਂ ਸਬੰਧਤ ਅਧਿਕਾਰੀਆਂ ਨੂੰ ਸਖ਼ਤ ਨਿਰਦੇਸ਼ ਦਿੱਤੇ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੇ ਮੱਦੇਨਜ਼ਰ ਚੱਲ ਰਹੇ ਕੰਮ 10 ਨਵੰਬਰ ਤੱਕ ਹਰ ਪੱਖੋਂ ਮੁਕੰਮਲ ਕੀਤੇ ਜਾਣ। ਸਥਾਨਕ ਰੈੱਸਟ ਹਾਊਸ ਵਿਖੇ ਰਾਜ ਸਭਾ ਮੈਂਬਰ ਸੰਤ ਬਾਬਾ ਬਲਬੀਰ ਸਿੰਘ ਸੀਚੇਵਾਲ, ਆਮ ਆਦਮੀ ਪਾਰਟੀ ਦੇ ਆਗੂ ਸੱਜਣ ਸਿੰਘ ਚੀਮਾ ਤੇ ਪ੍ਰਸ਼ਾਸਨਿਕ ਅਧਿਕਾਰੀਆਂ ਨਾਲ ਮੀਟਿੰਗ ਦੌਰਾਨ ਉਨ੍ਹਾਂ ਲੋਕ ਨਿਰਮਾਣ ਵਿਭਾਗ ਅਤੇ ਸੀਵਰੇਜ ਬੋਰਡ ਦੇ ਅਧਿਕਾਰੀਆਂ ਨੂੰ ਕਿਹਾ ਕਿ ਗੁਰੂ ਪੁਰਬ ਮੌਕੇ ਆਉਣ ਵਾਲੀ ਸੰਗਤ ਅਤੇ ਸਜਾਏ ਜਾਣ ਵਾਲੇ ਨਗਰ ਕੀਰਤਨਾਂ ਤੋਂ ਪਹਿਲਾਂ ਗੁਰਦੁਆਰਾ ਸ੍ਰੀ ਬੇਰ ਸਾਹਿਬ ਅਤੇ ਹੋਰਨਾਂ ਗੁਰੂ ਘਰਾਂ ਨੂੰ ਜਾਣ ਵਾਲੀਆਂ ਸੜਕਾਂ ਦਾ ਕੰਮ ਜੰਗੀ ਪੱਧਰ ’ਤੇ ਪੂਰਾ ਕੀਤਾ ਜਾਵੇ। 

ਇਹ ਵੀ ਪੜ੍ਹੋ : ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਜਾਣਗੇ ਨਵਜੋਤ ਸਿੱਧੂ

ਕੈਬਨਿਟ ਮੰਤਰੀ ਨੇ ਇਹ ਵੀ ਕਿਹਾ ਕਿ ਪਵਿੱਤਰ ਨਗਰੀ ਸੁਲਤਾਨਪੁਰ ਲੋਧੀ ਦੇ ਸਮਾਰਟ ਸਿਟੀ ਦੇ ਪ੍ਰਾਜੈੱਕਟ ਤਹਿਤ ਕੰਮਾਂ ਦੀ ਲਗਾਤਾਰ ਨਿਗਰਾਨੀ ਕੀਤੀ ਜਾ ਰਹੀ ਹੈ ਅਤੇ ਉਨ੍ਹਾਂ ਨੂੰ ਵੀ ਨਿਰਧਾਰਿਤ ਸਮੇਂ ਅੰਦਰ ਮੁਕੰਮਲ ਕਰਕੇ ਸੁਲਤਾਨਪੁਰ ਲੋਧੀ ਨੂੰ ਧਾਰਮਿਕ ਸੈਰ ਸਪਾਟੇ ਦੇ ਕੇਂਦਰ ਵਜੋਂ ਵਿਕਸਿਤ ਕਰਨ ਵਿਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ।

 

ਇਹ ਵੀ ਪੜ੍ਹੋ : ਪੰਜਾਬ ਨੂੰ ਇਕ ਹੋਰ ਵੱਡਾ ਝਟਕਾ, ਹੁਣ ਖੜ੍ਹੀ ਹੋਈ ਇਹ ਨਵੀਂ ਮੁਸੀਬਤ

ਕੈਬਨਿਟ ਮੰਤਰੀ ਨੇ ਜ਼ਿਲ੍ਹਾ ਪ੍ਰਸ਼ਾਸਨ ਦੇ ਅਧਿਕਾਰੀਆਂ ਨੂੰ ਕਿਹਾ ਕਿ ਉਹ ਸਬੰਧਤ ਵਿਭਾਗਾਂ, ਲੋਕ ਨਿਰਮਾਣ, ਸੀਵਰੇਜ ਬੋਰਡ, ਜਲ ਸਪਲਾਈ, ਨਗਰ ਕੌਂਸਲ ਦਰਮਿਆਨ ਬਿਹਤਰੀਨ ਤਾਲਮੇਲ ਰਾਹੀਂ ਕੰਮਾਂ ਨੂੰ ਜਲਦ ਮੁਕੰਮਲ ਕਰਨ ਅਤੇ ਗੁਣਵੱਤਾ ਯਕੀਨੀ ਬਣਾਉਣ ਲਈ ਵਿਸ਼ੇਸ਼ ਯਤਨ ਕੀਤੇ ਜਾਣ। ਇਸ ਤੋਂ ਪਹਿਲਾਂ ਕੈਬਨਿਟ ਮੰਤਰੀ ਵਲੋਂ ਸੁਲਤਾਨਪੁਰ ਲੋਧੀ ਸ਼ਹਿਰ ਦੀਆਂ ਮੁੱਖ ਸੜਕਾਂ ਉੱਪਰ ਇੰਟਰਲਾਕ ਟਾਇਲਾਂ ਲਗਾਏ ਜਾਣ ਦੇ ਕੰਮ ਦਾ ਵੀ ਜਾਇਜ਼ਾ ਲਿਆ ਗਿਆ। ਇਸ ਮੌਕੇ ਜ਼ਿਲ੍ਹਾ ਯੋਜਨਾ ਬੋਰਡ ਦੀ ਚੇਅਰਪਰਸਨ ਲਲਿਤ ਸਕਲਾਨੀ, ਨਗਰ ਸੁਧਾਰ ਟਰੱਸਟ ਕਪੂਰਥਲਾ ਦੇ ਚੇਅਰਮੈਨ ਗੁਰਪਾਲ ਸਿੰਘ ਇੰਡੀਅਨ, ਵਧੀਕ ਡਿਪਟੀ ਕਮਿਸ਼ਨਰ (ਜਨਰਲ) ਨਵਨੀਤ ਕੌਰ ਬੱਲ, ਐੱਸ.ਡੀ.ਐੱਮ ਅਪਰਨਾ ਤੇ ਹੋਰਨਾਂ ਵਿਭਾਗਾਂ ਦੇ ਅਧਿਕਾਰੀ ਮੌਜੂਦ ਸਨ।

 

ਇਹ ਵੀ ਪੜ੍ਹੋ : ਸ੍ਰੀ ਹਰਿਮੰਦਰ ਸਾਹਿਬ ਨੇੜੇ ਗੁਰਦੁਆਰਾ ਬਾਬਾ ਅਟੱਲ ਰਾਏ ਸਾਹਿਬ 'ਚ ਹੈਰਾਨ ਕਰਨ ਵਾਲੀ ਘਟਨਾ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e


author

Gurminder Singh

Content Editor

Related News