ਪੰਜਾਬ ਸਰਕਾਰ ਬੇਰੁਜ਼ਗਾਰਾਂ ਨਾਲ ਕੀਤੇ ਵਾਅਦੇ ਨਿਭਾਵੇ : ਖੰਨਾ

03/30/2022 5:27:54 PM

ਸੰਗਰੂਰ (ਵਿਜੈ ਕੁਮਾਰ ਸਿੰਗਲਾ) : ਸਾਬਕਾ ਵਿਧਾਇਕ ਅਤੇ ਭਾਜਪਾ ਦੇ ਸੀਨੀਅਰ ਆਗੂ ਅਰਵਿੰਦ ਖੰਨਾ ਨੇ ਕਿਹਾ ਕਿ ਪੰਜਾਬ ਵਿਚ ਨਵੀਂ ਬਣੀ ਆਮ ਆਦਮੀ ਪਾਰਟੀ ਦੀ ਸਰਕਾਰ ਚੋਣਾਂ ਸਮੇਂ ਬੇਰੁਜ਼ਗਾਰਾਂ ਨਾਲ ਕੀਤੇ ਵਾਅਦਿਆਂ ਨੂੰ ਪੂਰਾ ਕਰੇ ਕਿਉਂਕਿ ਬੇਰੁਜ਼ਗਾਰੀ ਦੇ ਸਤਾਏ ਨੌਜਵਾਨ ਸੜਕਾਂ ’ਤੇ ਉਤਰਕੇ ਰੁਜ਼ਗਾਰ ਦੀ ਮੰਗ ਕਰ ਰਹੇ ਹਨ। ਮੁੱਖ ਮੰਤਰੀ ਦੇ ਆਪਣੇ ਹੀ ਸ਼ਹਿਰ ਸੰਗਰੂਰ ਵਿਚ ਹੀ ਬੇਰੁਜ਼ਗਾਰ ਨੌਜਵਾਨ ਲੜਕੇ-ਲੜਕੀਆਂ ਪਾਣੀ ਦੀ ਟੈਂਕੀ ’ਤੇ ਚੜ੍ਹੇ ਹੋਏ ਹਨ ਜਦਕਿ ਚੋਣਾਂ ਸਮੇਂ ਮੁੱਖ ਮੰਤਰੀ ਭਗਵੰਤ ਮਾਨ ਨੇ ਵਾਅਦਾ ਕੀਤਾ ਸੀ ਕਿ ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਤੋਂ ਬਾਅਦ ਨੌਜਵਾਨਾਂ ਨੂੰ ਰੁਜ਼ਗਾਰ ਮੰਗਣ ਲਈ ਨਾ ਤਾਂ ਸੜਕਾਂ ’ਤੇ ਆਉਣਾ ਪਵੇਗਾ ਅਤੇ ਨਾ ਹੀ ਪਾਣੀ ਦੀਆਂ ਟੈਂਕੀਆਂ ’ਤੇ ਚੜ੍ਹਨ ਲਈ ਮਜਬੂਰ ਹੋਣਾ ਪਵੇਗਾ। ਖੰਨਾ ਨੇ ਯੂਥ ਅਕਾਲੀ ਦਲ (ਬ) ਪੰਜਾਬ ਸਕੱਤਰ ਪ੍ਰਤਾਪ ਸਿੰਘ ਢਿੱਲੋਂ, ਸ਼੍ਰੋਮਣੀ ਅਕਾਲੀ ਦਲ ਹਲਕਾ ਸੰਗਰੂਰ ਦੇ ਆਈ. ਟੀ. ਵਿੰਗ ਇੰਚਾਰਜ ਜਸਪ੍ਰੀਤ ਸਿੰਘ ਅਕੋਈ ਸਾਹਿਬ, ਹਰਬੰਸ ਕੌਰ ਪੰਚ ਬਖੋਪੀਰ ਅਤੇ ਇਸਤਰੀ ਅਕਾਲੀ ਦਲ (ਬ) ਦੀ ਸੀਨੀਅਰ ਆਗੂ ਕਰਮਜੀਤ ਕੌਰ ਬਖੋਪੀਰ ਨੂੰ ਭਾਜਪਾ ਵਿਚ ਸ਼ਾਮਿਲ ਹੋਣ ’ਤੇ ਉਨ੍ਹਾਂ ਦਾ ਸਵਾਗਤ ਕਰਦਿਆਂ ਕਿਹਾ ਕਿ ਅਗਲੇ ਦਿਨਾਂ ਵਿਚ ਹੋਰ ਵੀ ਕਈ ਪਾਰਟੀਆਂ ਦੇ ਸੀਨੀਅਰ ਆਗੂ ਭਾਜਪਾ ਵਿਚ ਸ਼ਾਮਿਲ ਹੋਣ ਜਾ ਰਹੇ ਹਨ। ਉਨ੍ਹਾਂ ਪਾਰਟੀ ਵਿਚ ਸ਼ਾਮਿਲ ਹੋਏ ਸਾਥੀਆਂ ਨੂੰ ਪਾਰਟੀ ਵਿਚ ਬਣਦਾ ਮਾਨ ਸਨਮਾਨ ਦੇਣ ਦੀ ਗੱਲ ਆਖੀ।

ਖੰਨਾ ਨੇ ਕਿਹਾ ਕਿ ਭਾਜਪਾ ਦੀ ਕੇਂਦਰ ਸਰਕਾਰ ਦੀਆਂ ਲੋਕ ਪੱਖੀਆਂ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਵੱਡੀ ਗਿਣਤੀ ਵਿਚ ਲੋਕ ਭਾਜਪਾ ਵਿਚ ਸ਼ਾਮਿਲ ਹੋ ਰਹੇ ਹਨ ਕਿਉਂਕਿ ਭਾਜਪਾ ਸਰਕਾਰ ਨੇ ਆਪਣੇ ਕਾਰਜਕਾਲ ਦੌਰਾਨ ਲੋਕਾਂ ਦੀ ਬਿਹਤਰੀ ਲਈ ਕਈ ਵੱਡੇ ਫੈਸਲੇ ਕੀਤੇ ਹਨ, ਜਿਨਾਂ ਤੋਂ ਲੋਕ ਅੱਜ ਪੂਰੀ ਤਰ੍ਹਾਂ ਸੰਤੁਸ਼ਟ ਹਨ। ਉਨ੍ਹਾਂ ਕਿਹਾ ਕਿ ਉਹ ਭਾਜਪਾ ਦੀਆਂ ਨੀਤੀਆਂ ਨੂੰ ਘਰ-ਘਰ ਪਹੁੰਚਾਉਣ ਲਈ ਹਰ ਸੰਭਵ ਕੋਸ਼ਿਸ਼ ਕਰ ਰਹੇ ਹਨ। ਖੰਨਾ ਨੇ ਕਿਹਾ ਕਿ ਉਹ ਪਾਰਟੀ ਨੂੰ ਬੂਥ ਪੱਧਰ ਤੱਕ ਮਜ਼ਬੂਤ ਕਰਨ ਲਈ ਹੋਰਨਾਂ ਸੀਨੀਅਰ ਆਗੂਆਂ ਨਾਲ ਮਿਲ ਕੇ ਠੋਸ ਯਤਨ ਕਰ ਰਹੇ ਹਨ। ਉਨ੍ਹਾਂ ਪਾਰਟੀ ਵਰਕਰਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਹੋਰਨਾਂ ਪਾਰਟੀਆਂ ਤੋਂ ਜੋ ਚੰਗੇ ਅਕਸ ਵਾਲੇ ਲੋਕ ਭਾਜਪਾ ਵਿਚ ਸ਼ਾਮਿਲ ਹੋਣਾ ਚਾਹੁੰਦੇ ਹਨ, ਉਨ੍ਹਾਂ ਨੂੰ ਪਾਰਟੀ ਵਿਚ ਸ਼ਾਮਿਲ ਕਰਨ ਲਈ ਕਦਮ ਅੱਗੇ ਵਧਾਉਣੇ ਚਾਹੀਦੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕਾਂ ਨੇ ਆਮ ਆਦਮੀ ਪਾਰਟੀ ’ਤੇ ਭਰੋਸਾ ਜਤਾਉਂਦਿਆਂ ਸ਼ਾਨਦਾਰ ਜਿੱਤ ਦਵਾਈ ਅਤੇ ਹੁਣ ਪੰਜਾਬ ਸਰਕਾਰ ਦਾ ਫਰਜ਼ ਬਣਦਾ ਹੈ ਕਿ ਉਹ ਲੋਕਾਂ ਨਾਲ ਕੀਤੇ ਵਾਅਦਿਆਂ ਨੂੰ ਪੂਰਾ ਕਰੇ। ਇਸ ਮੌਕੇ ਕਪਿਲ ਦੇਵ ਗਰਗ, ਅਜੈਬ ਸਿੰਘ ਬਖੋਪੀਰ, ਟਿੰਕੂ ਸਰਪੰਚ ਸੰਤੋਖਪੁਰਾ ਅਤੇ ਹਰੀ ਸਿੰਘ ਫੱਗੂਵਾਲਾ ਆਦਿ ਮੌਜੂਦ ਸਨ।


Gurminder Singh

Content Editor

Related News