ਪੰਜਾਬ ਸਰਕਾਰ ਨੇ ਪਿੰਡਾਂ 'ਚ ਆਏ ਹੜ੍ਹਾਂ ਨੂੰ ਕੁਦਰਤੀ ਆਫਤ ਐਲਾਨਿਆ

08/20/2019 12:31:06 PM

ਚੰਡੀਗੜ੍ਹ/ਜਲੰਧਰ,(ਅਸ਼ਵਨੀ, ਧਵਨ): ਪੰਜਾਬ ਸਰਕਾਰ ਨੇ ਸੋਮਵਾਰ ਨੂੰ ਸੂਬੇ ਦੇ ਹੜ੍ਹ ਪ੍ਰਭਾਵਿਤ ਪਿੰਡਾਂ 'ਚ ਕੁਦਰਤੀ ਆਫ਼ਤ ਦਾ ਐਲਾਨ ਕਰ ਦਿੱਤਾ ਹੈ ਅਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵਿੱਤ ਕਮਿਸ਼ਨਰ ਮਾਲ ਨੂੰ ਇਸ ਸਬੰਧੀ ਤੁਰੰਤ ਹੀ ਨੋਟੀਫਿਕੇਸ਼ਨ ਜਾਰੀ ਕਰਨ ਦੇ ਹੁਕਮ ਦਿੱਤੇ ਹਨ। ਕੈਪਟਨ ਨੇ ਵਿੱਤ ਕਮਿਸ਼ਨਰ ਮਾਲ ਨੂੰ ਅਧਿਕਾਰਤ ਤੌਰ 'ਤੇ ਇਕ ਪਿੰਡ ਨੂੰ ਇਕ ਯੂਨਿਟ ਮੰਨ ਕੇ ਮੌਜੂਦਾ ਹੜ੍ਹਾਂ ਨੂੰ ਤੁਰੰਤ ਕੁਦਰਤੀ ਆਫ਼ਤ ਐਲਾਨ ਕਰਨ ਦੇ ਨਿਰਦੇਸ਼ ਦਿੱਤੇ ਹਨ ਤਾਂ ਜੋ ਹੜ੍ਹਾਂ ਤੋਂ ਪ੍ਰਭਾਵਿਤ ਲੋਕਾਂ ਨੂੰ ਵੱਖ-ਵੱਖ ਕੰਪਨੀਆਂ ਤੋਂ ਬੀਮਾ ਕਲੇਮ ਕਰਨ ਵਿਚ ਸੁਵਿਧਾ ਹਾਸਲ ਹੋਵੇ। ਸੂਬੇ 'ਚ ਹੜ੍ਹਾਂ ਦੀਆਂ ਤਿਆਰੀਆਂ ਦੀ ਸਮੀਖਿਆ ਕਰਨ ਲਈ ਆਪਣੇ ਸਰਕਾਰੀ ਰਿਹਾਇਸ਼ ਵਿਖੇ ਸ਼ਾਮ ਨੂੰ ਸੱਦੀ ਉਚ ਪੱਧਰੀ ਮੀਟਿੰਗ 'ਚ ਕੈਪਟਨ ਨੇ ਵਿੱਤ ਵਿਭਾਗ ਨੂੰ ਕਰੀਬ 100 ਕਰੋੜ ਰੁਪਏ ਦੇ ਬਕਾਇਆ ਫੰਡ ਤੁਰੰਤ ਜਾਰੀ ਕਰਨ ਲਈ ਕਿਹਾ ਜੋ ਕਿ ਪਿਛਲੀਆਂ ਫਸਲਾਂ/ਵਾਢੀ ਸਬੰਧੀ ਹਨ ਤਾਂ ਜੋ ਮਾਲ ਵਿਭਾਗ ਵਲੋਂ ਸਬੰਧਤ ਡਿਪਟੀ ਕਮਿਸ਼ਨਰਾਂ ਰਾਹੀਂ ਇਨ੍ਹਾਂ ਦੀ ਤੇਜ਼ੀ ਨਾਲ ਵੰਡ ਕੀਤੀ ਜਾ ਸਕੇ।

ਕੈਪਟਨ ਅਮਰਿੰਦਰ ਸਿੰਘ, ਜਿਨ੍ਹਾਂ ਨੇ ਸੋਮਵਾਰ ਜ਼ਮੀਨੀ ਹਕੀਕਤਾਂ ਦਾ ਜਾਇਜ਼ਾ ਲੈਣ ਲਈ ਰੂਪਨਗਰ ਜ਼ਿਲੇ 'ਚ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕੀਤਾ, ਨੇ ਸਮੂਹ ਡਿਪਟੀ ਕਮਿਸ਼ਨਰਾਂ ਨੂੰ ਨਿਰਦੇਸ਼ ਦਿੱਤੇ ਕਿ ਪੁਲਸ, ਐੱਨ. ਡੀ. ਆਰ. ਐੱਫ., ਐੱਸ. ਡੀ. ਆਰ. ਐੱਫ. ਅਤੇ ਸੂਬਾ ਸਰਕਾਰ ਦੇ ਹੋਰ ਵਿਭਾਗਾਂ ਨਾਲ ਸੁਚੱਜਾ ਤਾਲਮੇਲ ਬਣਾ ਕੇ ਸਥਿਤੀ 'ਤੇ ਨਜ਼ਰ ਰੱਖੀ ਜਾ ਸਕੇ ਤਾਂ ਜੋ ਨਾ ਸਿਰਫ ਰਾਹਤ ਕਾਰਜਾਂ 'ਚ ਤੇਜ਼ੀ ਲਿਆਂਦੀ ਜਾ ਸਕੇ ਸਗੋਂ ਹੜ੍ਹਾਂ ਦੀ ਰੋਕਥਾਮ ਲਈ ਇੰਤਜ਼ਾਮ ਵੀ ਕੀਤੇ ਜਾ ਸਕਣ। ਮੁੱਖ ਮੰਤਰੀ ਨੇ ਇਹ ਵੀ ਦਿਸ਼ਾ ਨਿਰਦੇਸ਼ ਦਿੱਤੇ ਕਿ ਨਿਰਧਾਰਤ ਨਿਯਮਾਂ ਮੁਤਾਬਕ ਮੁਆਵਜ਼ੇ ਦੀ ਵੰਡ ਖਾਸ ਕਰ ਕੇ ਮੌਤ ਦੇ ਮਾਮਲਿਆਂ 'ਚ ਮ੍ਰਿਤਕ ਦੇ ਵਾਰਸਾਂ ਨੂੰ ਤੇਜ਼ੀ ਨਾਲ ਕੀਤੀ ਜਾਵੇ ਜਦੋਂ ਕਿ ਪਰਵਾਸੀ ਮਜ਼ਦੂਰਾਂ ਨੂੰ ਆਰਜ਼ੀ ਗੁਜ਼ਾਰਾ ਭੱਤਾ ਦਿੱਤਾ ਜਾਵੇ, ਜੋ ਕਿ ਸੂਬੇ ਦੀ ਨੀਤੀ ਅਨੁਸਾਰ ਮੌਜੂਦਾ ਰਾਹਤ ਨਿਯਮਾਂ ਅਧੀਨ ਨਹੀਂ ਆਉਂਦੇ। ਉਨ੍ਹਾਂ ਕਿਹਾ ਕਿ ਇਹ ਰਾਹਤ ਮੁੱਖ ਮੰਤਰੀ ਰਾਹਤ ਫੰਡ ਵਿੱਚੋਂ ਦਿੱਤੀ ਜਾਵੇਗੀ।

ਮੁੱਖ ਮੰਤਰੀ ਨੇ ਡਰੇਨੇਜ ਵਿਭਾਗ ਨੂੰ ਫੌਜ ਦੀ ਮਦਦ ਨਾਲ ਪਾੜ ਪੂਰਨ ਦੇ ਤੁਰੰਤ ਨਿਰਦੇਸ਼ ਦਿੱਤੇ ਅਤੇ ਇਸ ਦੇ ਨਾਲ ਹੀ ਸਮੂਹ ਡਿਪਟੀ ਕਮਿਸ਼ਨਰਾਂ ਨੂੰ ਡੈਮਾਂ ਦੇ ਫਲੱਡ ਗੇਟ ਖੋਲ੍ਹਣ ਦੀ ਸੂਰਤ ਵਿਚ ਵਧੇਰੇ ਚੌਕਸ ਰਹਿਣ ਦੇ ਹੁਕਮ ਵੀ ਦਿੱਤੇ। ਮੀਟਿੰਗ 'ਚ ਇਹ ਵੀ ਫੈਸਲਾ ਲਿਆ ਗਿਆ ਕਿ ਮੁੱਖ ਮੰਤਰੀ ਸਕੱਤਰੇਤ ਅਤੇ ਮੁੱਖ ਸਕੱਤਰ ਵਲੋਂ ਚੰਡੀਮੰਦਰ ਦੀ ਪੱਛਮੀ ਕਮਾਂਡ ਦੇ ਆਰਮੀ ਕਮਾਂਡਰ ਦੇ ਦਫਤਰ ਨਾਲ ਪੂਰਨ ਤਾਲਮੇਲ ਰੱਖਿਆ ਜਾਵੇ ਅਤੇ ਉਨ੍ਹਾਂ ਨੂੰ ਫੌਜੀ ਸਹਾਇਤਾ ਸਬੰਧੀ ਸੂਬੇ ਦੀਆਂ ਲੋੜਾਂ ਤੋਂ ਜਾਣੂ ਕਰਵਾਇਆ ਜਾਵੇ। ਇਸ ਤੋਂ ਪਹਿਲਾਂ ਮੁੱਖ ਮੰਤਰੀ ਨੂੰ ਸੂਬੇ ਵਿਚਲੀ ਹੜ੍ਹਾਂ ਦੀ ਸਥਿਤੀ ਬਾਰੇ ਜਾਣਕਾਰੀ ਦਿੰਦੇ ਹੋਏ ਸੂਬੇ ਦੇ ਮੁੱਖ ਸਕੱਤਰ ਨੇ ਕਿਹਾ ਕਿ ਸਾਰੀ ਸਥਿਤੀ 'ਤੇ ਨਜ਼ਰ ਰੱਖੀ ਜਾ ਰਹੀ ਹੈ ਅਤੇ ਰਾਹਤ ਤੇ ਬਚਾਅ ਕਾਰਜ ਤਨਦੇਹੀ ਨਾਲ ਜਾਰੀ ਹਨ। ਵਿੱਤ ਕਮਿਸ਼ਨਰ ਮਾਲ ਨੇ ਮੁੱਖ ਮੰਤਰੀ ਨੂੰ ਇਹ ਵੀ ਜਾਣਕਾਰੀ ਦਿੱਤੀ ਕਿ ਆਫ਼ਤ ਨਾਲ ਨਜਿੱਠਣ ਲਈ ਲੋੜੀਂਦੇ ਫੰਡਾਂ ਦੀ ਕੋਈ ਕਮੀ ਨਹੀਂ ਹੈ ਅਤੇ ਸਮੂਹ ਡਿਪਟੀ ਕਮਿਸ਼ਨਰਾਂ ਨੂੰ ਵੀ 20 ਲੱਖ ਰੁਪਏ ਪ੍ਰਤੀ ਦੇ ਹਿਸਾਬ ਨਾਲ ਅਗਾਊਂ ਤੌਰ ਉਤੇ ਫੰਡ ਅਲਾਟ ਕੀਤੇ ਗਏ ਹਨ ਤਾਂ ਜੋ ਹੜ੍ਹਾਂ ਤੋਂ ਬਚਾਅ ਦੇ ਕਾਰਜ ਤੇਜ਼ੀ ਨਾਲ ਪੂਰੀ ਕੀਤੇ ਜਾ ਸਕਣ। ਮੀਟਿੰਗ ਵਿਚ ਜਲ ਸਰੋਤ ਮੰਤਰੀ ਸੁਖਬਿੰਦਰ ਸਿੰਘ ਸਰਕਾਰੀਆ, ਮਾਲ ਮੰਤਰੀ ਗੁਰਪ੍ਰੀਤ ਸਿੰਘ ਕਾਂਗੜ, ਮੁੱਖ ਮੰਤਰੀ ਦੇ ਮੁੱਖ ਪ੍ਰਮੁੱਖ ਸਕੱਤਰ ਸੁਰੇਸ਼ ਕੁਮਾਰ, ਮੁੱਖ ਸਕੱਤਰ ਕਰਨ ਅਵਤਾਰ ਸਿੰਘ, ਡੀ. ਜੀ. ਪੀ. ਦਿਨਕਰ ਗੁਪਤਾ ਤੇ ਹੋਰ ਸਬੰਧਤ ਵਿਭਾਗਾਂ ਦੇ ਉਚ ਅਧਿਕਾਰੀ ਮੌਜੂਦ ਸਨ।


Related News