''ਆਪ'' ਸਰਕਾਰ ਸੂਬੇ ਦੇ ਲੋਕਾਂ ਨੂੰ ਵਧੀਆ ਸਿਹਤ ਸੇਵਾਵਾਂ ਮੁਹੱਈਆ ਕਰਵਾਉਣ ਲਈ ਵਚਨਬੱਧ : ਡਾ. ਸਿੰਗਲਾ

Tuesday, Mar 22, 2022 - 07:46 PM (IST)

ਚੰਡੀਗੜ੍ਹ (ਬਿਊਰੋ) : ਪੰਜਾਬ ਦੇ ਨਵ-ਨਿਯੁਕਤ ਕੈਬਨਿਟ ਮੰਤਰੀਆਂ ਅੱਜ ਆਪਣੇ ਅਹੁਦੇ ਸੰਭਾਲ ਲਏ। ਇਨ੍ਹਾਂ 'ਚ ਡਾ. ਵਿਜੈ ਸਿੰਗਲਾ ਨੇ ਪੰਜਾਬ ਸਿਵਲ ਸਕੱਤਰੇਤ ਵਿਖੇ ਅੱਜ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਅਤੇ ਡਾਕਟਰੀ ਸਿੱਖਿਆ ਤੇ ਖੋਜ ਮੰਤਰੀ ਵਜੋਂ ਅਹੁਦਾ ਸੰਭਾਲਿਆ। ਅਹੁਦਾ ਸੰਭਾਲਣ ਉਪਰੰਤ ਡਾ. ਸਿੰਗਲਾ ਨੇ ਕਿਹਾ ਕਿ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਲੋਕਾਂ ਨੂੰ ਵਧੀਆ ਸਿਹਤ ਸੇਵਾਵਾਂ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ।

ਇਹ ਵੀ ਪੜ੍ਹੋ : ਭ੍ਰਿਸ਼ਟਾਚਾਰ ਬਿਲਕੁਲ ਬਰਦਾਸ਼ਤ ਨਹੀਂ ਕੀਤਾ ਜਾਵੇਗਾ : ਲਾਲ ਚੰਦ ਕਟਾਰੂਚੱਕ

ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਸੂਬੇ ਦੇ ਸਭ ਤੋਂ ਅਹਿਮ ਵਿਭਾਗ ਦੇ ਸੁਧਾਰ ਲਈ ਕਦੇ ਵੀ ਉਸਾਰੂ ਨੀਤੀ ਨਹੀਂ ਅਪਣਾਈ। ਉਨ੍ਹਾਂ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਅਤੇ ਡਾਕਟਰੀ ਸਿੱਖਿਆ ਤੇ ਖੋਜ ਵਿਭਾਗ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਤੋਂ ਪੂਰਨ ਸਹਿਯੋਗ ਦੀ ਮੰਗ ਕਰਦਿਆਂ ਕਿਹਾ ਕਿ ਆਪਾਂ ਸਭ ਨੇ ਮਿਲ ਕੇ ਸੂਬੇ ਦੇ ਸਿਹਤ ਸੇਵਾਵਾਂ ਵਿਭਾਗ ਨੂੰ ਪੂਰੇ ਦੇਸ਼ 'ਚ ਨੰਬਰ ਇਕ 'ਤੇ ਲਿਆਉਣਾ ਹੈ। ਉਨ੍ਹਾਂ ਕਿਹਾ ਕਿ ਸਾਡੀ ਸਰਕਾਰ ਦਾ ਇਹ ਟੀਚਾ ਹੈ ਕਿ ਸੂਬੇ ਵਿੱਚ ਡਾਕਟਰੀ ਸਿੱਖਿਆ ਹਾਸਲ ਕਰਨ ਦੇ ਚਾਹਵਾਨ ਵਿਦਿਆਰਥੀਆਂ ਨੂੰ ਸਸਤੀ ਅਤੇ ਮਿਆਰੀ ਸਿੱਖਿਆ ਮੁਹੱਈਆ ਕਰਵਾਉਣ ਲਈ ਨੀਤੀ ਲਾਗੂ ਕਰਾਂਗੇ। ਉਨ੍ਹਾਂ ਡਾਕਟਰਾਂ ਅਤੇ ਪੈਰਾ-ਮੈਡੀਕਲ ਸਟਾਫ ਨੂੰ ਬਿਨਾਂ ਕਿਸੇ ਡਰ ਦੇ ਆਪਣੀ ਡਿਊਟੀ ਇਮਾਨਦਾਰੀ ਨਾਲ ਕਰਨ ਦੀ ਵੀ ਅਪੀਲ ਕੀਤੀ।

ਇਹ ਵੀ ਪੜ੍ਹੋ : ਵਿਸ਼ਵ ਜਲ ਦਿਵਸ 'ਤੇ ਵਿਸ਼ੇਸ਼ : ਕਮਜ਼ੋਰ ਜਲ ਨੀਤੀ ਕਾਰਨ ਖ਼ਤਰੇ ਦੀ ਦਹਿਲੀਜ਼ 'ਤੇ ਪਹੁੰਚਿਆ 'ਜੀਵਨ'

ਇਸ ਮੌਕੇ ਡਾ. ਸਿੰਗਲਾ ਦੇ ਪਰਿਵਾਰਕ ਮੈਂਬਰਾਂ ਤੋਂ ਇਲਾਵਾ ਵਿਧਾਇਕ ਪ੍ਰਿੰਸੀਪਲ ਬੁੱਧ ਰਾਮ, ਅਮਨ ਅਰੋੜਾ, ਮਨਜੀਤ ਸਿੰਘ ਬਿਲਾਸਪੁਰ, ਗੁਰਪ੍ਰੀਤ ਸਿੰਘ ਬਣਾਂਵਾਲੀ, ਜਗਦੀਪ ਕੰਬੋਜ, ਕੁਲਵੰਤ ਸਿੰਘ ਪੰਡੋਰੀ, ਬਲਕਾਰ ਸਿੰਘ ਸਿੱਧੂ, ਗੁਰਦਿੱਤ ਸਿੰਘ ਸੇਖੋਂ, ਨਰਿੰਦਰ ਪਾਲ ਸਿੰਘ ਸਵਨਾ ਤੋਂ ਇਲਾਵਾ ਪ੍ਰਮੁੱਖ ਸਕੱਤਰ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਰਾਜ ਕਮਲ ਚੌਧਰੀ, ਪ੍ਰਮੁੱਖ ਸਕੱਤਰ ਡਾਕਟਰੀ ਸਿੱਖਿਆ ਅਤੇ ਖੋਜ ਆਲੋਕ ਸ਼ੇਖਰ, ਅਮਿਤ ਕੁਮਾਰ ਆਈ. ਏ. ਐੱਸ., ਕੁਮਾਰ ਰਾਹੁਲ ਆਈ. ਏ. ਐੱਸ. ਤੇ ਭੁਪਿੰਦਰ ਸਿੰਘ ਆਈ. ਏ. ਐੱਸ. ਤੋਂ ਇਲਾਵਾ ਵਿਭਾਗ ਦੇ ਹੋਰ ਸੀਨੀਅਰ ਅਧਿਕਾਰੀ ਹਾਜ਼ਰ ਸਨ।


Harnek Seechewal

Content Editor

Related News