ਪੰਜਾਬ ਸਰਕਾਰ ਦਾ ਵੱਡਾ ਫ਼ੈਸਲਾ, ਦਫ਼ਤਰਾਂ ਨੂੰ ਲੈ ਕੇ ਜਾਰੀ ਕੀਤੇ ਸਖ਼ਤ ਹੁਕਮ

Friday, Feb 10, 2023 - 11:30 PM (IST)

ਚੰਡੀਗੜ੍ਹ : ਪੰਜਾਬ ਦੇ ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਸਰਕਾਰੀ ਕੰਮਕਾਜ ਨੂੰ ਸੁਚਾਰੂ ਢੰਗ ਨਾਲ ਚਲਾਉਣ ਅਤੇ ਨਾਗਰਿਕ ਕੇਂਦਰਿਤ ਸੇਵਾਵਾਂ ਪ੍ਰਦਾਨ ਕਰਨ ਲਈ ਅੱਜ ਵਿਭਾਗ ਦੇ ਸਾਰੇ ਖੇਤਰੀ ਦਫ਼ਤਰਾਂ ਵਿਚ ਕਰਮਚਾਰੀਆਂ ਦੀ ਹਾਜ਼ਰੀ ਲਈ ਬਾਇਓਮੀਟ੍ਰਿਕ ਮਸ਼ੀਨਾਂ ਲਾਉਣ ਦੇ ਨਿਰਦੇਸ਼ ਦਿੱਤੇ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਕੈਬਨਿਟ ਮੰਤਰੀ ਨੇ ਦੱਸਿਆ ਕਿ ਇਹ ਦੇਖਣ ਵਿਚ ਆਇਆ ਹੈ ਕਿ ਪੰਜਾਬ ਭਰ ਦੇ ਫੀਲਡ ਦਫ਼ਤਰਾਂ ਵਿਚ ਕੁਝ ਮੁਲਾਜ਼ਮ ਦੇਰੀ ਨਾਲ ਆ ਰਹੇ ਹਨ, ਜਿਸ ਕਾਰਨ ਲੋਕਾਂ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਸ ਲਈ ਵਿਭਾਗ ਨੇ ਇਸ ਸਮੱਸਿਆ ਦੇ ਹੱਲ ਲਈ ਅਤੇ ਜਨਤਾ ਨੂੰ ਸਮੇਂ ਸਿਰ ਸੇਵਾਵਾਂ ਪ੍ਰਦਾਨ ਕਰਨ ਹਿੱਤ ਬਾਇਓਮੀਟ੍ਰਿਕ ਮਸ਼ੀਨਾਂ ’ਤੇ ਹਾਜ਼ਰੀ ਲਗਾਉਣੀ ਸ਼ੁਰੂ ਕਰ ਦਿੱਤੀ ਹੈ। ਉਨ੍ਹਾਂ ਹਦਾਇਤ ਕੀਤੀ ਕਿ ਬਾਇਓਮੀਟ੍ਰਿਕ ਮਸ਼ੀਨਾਂ 28 ਫਰਵਰੀ, 2023 ਤੱਕ ਵਿਭਾਗ ਦੇ ਸਾਰੇ ਫੀਲਡ ਦਫ਼ਤਰਾਂ ਵਿਚ ਲਗਾਈਆਂ ਜਾਣਗੀਆਂ ਤਾਂ ਜੋ 1 ਮਾਰਚ, 2023 ਤੋਂ ਹਾਜ਼ਰੀ ਬਾਇਓਮੀਟ੍ਰਿਕ ਮਸ਼ੀਨਾਂ 'ਤੇ ਲਗਾਉਣਾ ਯਕੀਨੀ ਬਣਾਇਆ ਜਾ ਸਕੇ।

ਇਹ ਵੀ ਪੜ੍ਹੋ : ਪੰਜਾਬ ਦੇ ਸਰਕਾਰੀ ਸਕੂਲਾਂ ਲਈ ਕੇਂਦਰ ਸਰਕਾਰ ਨੇ ਕੀਤਾ ਵੱਡਾ ਐਲਾਨ

ਇਸ ਪਹਿਲਕਦਮੀ ਬਾਰੇ ਜਾਣਕਾਰੀ ਦਿੰਦਿਆਂ ਕੁਲਦੀਪ ਸਿੰਘ ਧਾਲੀਵਾਲ ਨੇ ਦੱਸਿਆ ਕਿ ਕਈ ਵਿਭਾਗਾਂ ਨੇ ਕੁਝ ਸਾਲ ਪਹਿਲਾਂ ਹੀ ਬਾਇਓਮੀਟ੍ਰਿਕ ਨਾਲ ਹਾਜ਼ਰੀ ਲਗਾਉਣ ਦੀ ਸ਼ੁਰੂਆਤ ਕੀਤੀ ਸੀ ਪਰ ਕੋਵਿਡ ਮਹਾਂਮਾਰੀ ਕਾਰਨ ਇਸ ਨੂੰ ਬੰਦ ਕਰ ਦਿੱਤਾ ਗਿਆ ਸੀ। ਉਨ੍ਹਾਂ ਅੱਗੇ ਕਿਹਾ ਕਿ ਕਈ ਵਿਭਾਗਾਂ ਵੱਲੋਂ ਇਹ ਪ੍ਰਕਿਰਿਆ ਮੁੜ ਸ਼ੁਰੂ ਕਰ ਦਿੱਤੀ ਗਈ ਹੈ ਜਦਕਿ ਹੋਰ ਵਿਭਾਗ ਇਸ ਪ੍ਰਣਾਲੀ ਨੂੰ ਅਪਣਾ ਰਹੇ ਹਨ।

ਇਹ ਵੀ ਪੜ੍ਹੋ : ਇੰਗਲੈਂਡ ਦੀ ਕਿਰਨਦੀਪ ਕੌਰ ਨਾਲ ਵਿਆਹ ਦੇ ਬੰਧਨ ’ਚ ਬੱਝੇ ਅੰਮ੍ਰਿਤਪਾਲ ਸਿੰਘ, ਦੇਖੋ ਅੰਦਰਲੀਆਂ ਤਸਵੀਰਾਂ

ਕੈਬਨਿਟ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਲੋਕਾਂ ਨੂੰ ਉਨ੍ਹਾਂ ਦੀਆਂ ਬਰੂਹਾਂ 'ਤੇ ਨਾਗਰਿਕ ਸੇਵਾਵਾਂ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ, ਜਿਸ ਤਹਿਤ ਮੁਲਾਜ਼ਮਾਂ ਦੀ ਸਮੇਂ ਸਿਰ ਹਾਜ਼ਰੀ ਨੂੰ ਯਕੀਨੀ ਬਣਾਉਣ ਲਈ ਇਹ ਕਦਮ ਚੁੱਕੇ ਗਏ ਹਨ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਇਹ ਯਕੀਨੀ ਬਣਾਇਆ ਜਾਵੇਗਾ ਕਿ ਲੋਕਾਂ ਨੂੰ ਸੇਵਾਵਾਂ ਹਾਸਲ ਕਰਨ ਵਿੱਚ ਕਿਸੇ ਵੀ ਤਰ੍ਹਾਂ ਦੀ ਮੁਸ਼ਕਿਲ ਦਰਪੇਸ਼ ਨਾ ਆਵੇ।

ਇਹ ਵੀ ਪੜ੍ਹੋ : ਕੜਾਕੇ ਦੀ ਠੰਡ ਤੋਂ ਬਾਅਦ ਪੰਜਾਬ ’ਚ ਇਸ ਵਾਰ ਪਵੇਗੀ ਬੇਤਹਾਸ਼ਾ ਗਰਮੀ, ਟੁੱਟਣਗੇ ਸਾਰੇ ਰਿਕਾਰਡ

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ।


Gurminder Singh

Content Editor

Related News