ਪੰਜਾਬ ਸਰਕਾਰ ਦਾ ਵੱਡਾ ਫ਼ੈਸਲਾ, ਵਿਸ਼ੇਸ਼ ਸੈਸ਼ਨ ਦਾ ਸਮਾਂ ਵਧਾਇਆ
Sunday, Oct 18, 2020 - 06:37 PM (IST)
ਚੰਡੀਗ਼ੜ੍ਹ : ਕੇਂਦਰ ਦੇ ਖੇਤੀ ਕਾਨੂੰਨਾਂ ਨੂੰ ਬੇਅਸਰ ਕਰਨ ਲਈ ਪੰਜਾਬ ਸਰਕਾਰ ਵਲੋਂ ਸੱਦੇ ਗਏ 19 ਅਕਤੂਬਰ ਦੇ ਵਿਸ਼ੇਸ਼ ਇਜਲਾਸ ਦਾ ਸਮਾਂ ਵਧਾ ਦਿੱਤਾ ਗਿਆ ਹੈ। ਸੋਮਵਾਰ ਨੂੰ ਹੋਣ ਵਾਲਾ ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਹੁਣ ਇਕ ਦੀ ਬਜਾਏ ਦੋ ਦਿਨ ਚੱਲੇਗਾ। ਸੂਤਰਾਂ ਮੁਤਾਬਕ ਸੈਸ਼ਨ ਨੂੰ ਦੋ ਦਿਨਾਂ ਤੱਕ ਵਧਾਉਣ ਦਾ ਫ਼ੈਸਲਾ ਸੋਮਵਾਰ ਨੂੰ ਹੋਣ ਵਾਲੀ ਕੰਮਕਾਜ ਸਲਾਹਕਾਰ ਕਮੇਟੀ ਦੀ ਮੀਟਿੰਗ ਵਿਚ ਰਸਮੀ ਤੌਰ 'ਤੇ ਲਿਆ ਜਾਵੇਗਾ। ਸਰਕਾਰੀ ਸੂਤਰਾਂ ਨੇ ਕਿਹਾ ਕਿ ਦੋ ਦਿਨਾਂ ਸੈਸ਼ਨ ਵਿਚੋਂ ਇਕ ਦਿਨ ਖੇਤੀ ਬਿੱਲਾਂ 'ਤੇ ਬਹਿਸ ਲਈ ਰਾਖਵਾਂ ਰੱਖਿਆ ਜਾਵੇਗਾ।
ਇਹ ਵੀ ਪੜ੍ਹੋ : ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਤੋਂ ਪਹਿਲਾਂ ਕੈਪਟਨ ਨੇ ਲੰਚ 'ਤੇ ਸੱਦੇ ਵਿਧਾਇਕ
ਇਥੇ ਇਹ ਖਾਸ ਤੌਰ 'ਤੇ ਦੱਸਣਯੋਗ ਹੈ ਕਿ ਕੇਂਦਰ ਸਰਕਾਰ ਅਤੇ ਕਿਸਾਨ ਜਥੇਬੰਦੀਆਂ ਵਿਚਾਲੇ ਪਲੇਠੀ ਮੀਟਿੰਗ ਬੇਸਿੱਟਾ ਰਹਿਣ ਤੋਂ ਬਾਅਦ ਪੰਜਾਬ ਸਰਕਾਰ ਨੇ ਕਿਸਾਨਾਂ ਦੀ ਮੰਗ ਪਰਵਾਨ ਕਰਦਿਆਂ ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਬੁਲਾਉਣ ਦਾ ਐਲਾਨ ਕੀਤਾ ਸੀ। ਦੂਜੇ ਪਾਸੇ ਕੇਂਦਰ ਦੇ ਖੇਤੀ ਕਾਨੂੰਨਾਂ ਨੂੰ ਬੇਅਸਰ ਕਰਨ ਲਈ ਕੈਪਟਨ ਸਰਕਾਰ ਕੀ ਕਦਮ ਚੁੱਕਦੀ ਹੈ, ਇਸ 'ਤੇ ਸਾਰੀਆਂ ਧਿਰਾਂ ਦੀ ਨਜ਼ਰ ਬਣੀ ਹੋਈ ਹੈ। ਕੇਂਦਰ ਦੇ ਖੇਤੀ ਕਾਨੂੰਨਾਂ ਖ਼ਿਲਾਫ਼ ਜਿੱਥੇ ਕਿਸਾਨਾਂ ਦੇ ਰੋਹ ਲਗਾਤਾਰ ਵੱਧਦਾ ਜਾ ਰਿਹਾ ਹੈ, ਉਥੇ ਹੀ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਸਾਫ਼ ਆਖ ਚੁੱਕੇ ਹਨ ਕਿ ਉਹ ਕਿਸੇ ਕੀਮਤ 'ਤੇ ਇਨ੍ਹਾਂ ਕਾਨੂੰਨਾਂ ਨੂੰ ਪੰਜਾਬ 'ਚ ਲਾਗੂ ਨਹੀਂ ਹੋਣ ਦੇਣਗੇ।
ਇਹ ਵੀ ਪੜ੍ਹੋ : 'ਆਪ' ਵਲੋਂ ਸੂਬਾ ਅਤੇ ਜ਼ਿਲ੍ਹਾ ਪੱਧਰੀ ਨਵੇਂ ਅਹੁਦੇਦਾਰਾਂ ਦੀ ਸੂਚੀ ਜਾਰੀ