ਪੰਜਾਬ ਸਰਕਾਰ ਵਲੋਂ ਅਨਲਾਕ-4 ਨੂੰ ਲੈ ਕੇ ਨਵੀਆਂ ਗਾਈਡਲਾਈਨਜ਼ ਜਾਰੀ

08/31/2020 10:12:09 PM

ਜਲੰਧਰ: ਪੰਜਾਬ ਸਰਕਾਰ ਵਲੋਂ ਪੰਜਾਬ 'ਚ ਅਨਲਾਕ-4 ਨੂੰ ਲੈ ਕੇ ਨਵੀਆਂ ਗਾਈਡਲਾਈਨਜ਼ ਜਾਰੀ ਕੀਤੀਆਂ ਗਈਆਂ ਹਨ। ਦੇਸ਼ 'ਚ ਹੁਣ 1 ਸਤੰਬਰ ਤੋਂ ਅਨਲਾਕ-4 ਸ਼ੁਰੂ ਹੋਣ ਜਾ ਰਿਹਾ ਹੈ, ਜਿਸ ਦੇ ਲਈ 29 ਅਗਸਤ ਨੂੰ ਕੇਂਦਰ ਸਰਕਾਰ ਵਲੋਂ ਨਵੇਂ ਦਿਸ਼ਾ-ਨਿਰਦੇਸ਼ ਜਾਰੀ ਕਰ ਦਿੱਤੇ ਗਏ ਹਨ। ਇਸ ਦੇ ਮੱਦੇਨਜ਼ਰ ਅੱਜ ਪੰਜਾਬ ਸਰਕਾਰ ਵਲੋਂ ਵੀ ਪੰਜਾਬ 'ਚ ਅਨਲਾਕ-4 ਲਈ ਨਵੇਂ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਗਏ ਹਨ। ਹਾਲਾਂਕਿ ਪੰਜਾਬ ਸਰਕਾਰ ਵਲੋਂ ਜਾਰੀ ਕੀਤੇ ਗਏ ਨਵੇਂ ਦਿਸ਼ਾ-ਨਿਰਦੇਸ਼ਾਂ 'ਚ ਕੋਈ ਖਾਸ ਬਦਲਾਵ ਨਹੀਂ ਕੀਤੇ ਗਏ ਹਨ ਪਰ ਪੰਜਾਬ ਦੇ ਪੰਜ ਜ਼ਿਲ੍ਹਿਆਂ 'ਚ ਆਡ ਈਵਨ ਦਾ ਫਾਰਮੂਲਾ ਖਤਮ ਕਰ ਦਿੱਤਾ ਗਿਆ ਹੈ।

ਕੋਵਿਡ ਦੇ ਵਧਦੇ ਮਾਮਲਿਆਂ ਦੇ ਮੱਦੇਨਜ਼ਰ ਕੈਪਟਨ ਅਮਰਿੰਦਰ ਸਿੰਘ ਨੇ ਸੋਮਵਾਰ ਨੂੰ ਆਪਣੀ ਸਰਕਾਰ ਦੇ ਫੈਸਲੇ ਦਾ ਐਲਾਨ ਕਰਦੇ ਹੋਏ ਸ਼ਹਿਰੀ ਖੇਤਰਾਂ ਵਿੱਚ ਪਾਬੰਦੀਆਂ ਜਾਰੀ ਰੱਖਣ ਦਾ ਫੈਸਲਾ ਕੀਤਾ ਹੈ। ਜਿਸ ਵਿੱਚ ਸੂਬੇ ਦੇ ਸਾਰੇ 167 ਮਿਉਂਸਪਲ ਕਸਬਿਆਂ ਵਿੱਚ ਹਫਤੇ ਦੇ ਅੰਤ 'ਚ ਤਾਲਾਬੰਦੀ ਅਤੇ ਸਤੰਬਰ ਮਹੀਨੇ ਦੇ ਅੰਤ ਤੱਕ ਸਮੂਹ ਸ਼ਹਿਰਾਂ ਵਿੱਚ ਰਾਤ 7 ਵਜੇ ਤੋਂ ਲੈ ਕੇ ਸਵੇਰੇ 5 ਵਜੇ ਤੱਕ ਕਰਫਿਊ ਵੀ ਸ਼ਾਮਲ ਹੈ।

ਸਰਕਾਰੀ ਬੁਲਾਰੇ ਨੇ ਜਾਣਕਾਰੀ ਦਿੰਦੇ ਹੋਏ ਕਿਹਾ ਕਿ ਇਹ ਫੈਸਲਾ ਕੇਂਦਰੀ ਗ੍ਰਹਿ ਮੰਤਰਾਲੇ ਵੱਲੋਂ ਜਾਰੀ ਅਨਲਾਕ 4.0 ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਕੇਂਦਰ ਸਰਕਾਰ ਨਾਲ ਬਕਾਇਦਾ ਸਲਾਹ-ਮਸ਼ਵਰੇ ਮਗਰੋਂ ਕੀਤਾ ਗਿਆ ਹੈ। ਸੂਬੇ ਭਰ 'ਚ ਸਾਰੇ ਸਮਾਜਿਕ, ਸਿਆਸੀ, ਧਾਰਮਿਕ ਇਕੱਠਾਂ, ਧਰਨਿਆਂ ਅਤੇ ਰੋਸ ਮੁਜਾਹਰਿਆਂ 'ਤੇ ਪਾਬੰਦੀ ਲਾਉਂਦੀ ਸੀ. ਆਰ. ਪੀ. ਸੀ. ਦੀ ਧਾਰਾ 144 ਲਾਗੂ ਰਹੇਗੀ, ਜਦਕਿ ਵਿਆਹ ਅਤੇ ਅੰਤਿਮ ਸੰਸਕਾਰ ਸਬੰਧੀ ਇਕੱਠਾਂ 'ਚ ਕ੍ਰਮਵਾਰ 30 ਅਤੇ 20 ਵਿਅਕਤੀ ਹੀ ਜਾ ਸਕਣਗੇ। ਮੁੱਖ ਮੰਤਰੀ ਦੇ ਹੁਕਮਾਂ ਅਨੁਸਾਰ ਮਿਉਂਸਪਲ ਖੇਤਰਾਂ ਵਿੱਚ ਸ਼ਨੀਵਾਰ ਅਤੇ ਐਤਵਾਰ ਨੂੰ ਮੁਕੰਮਲ ਕਰਫਿਊ ਰਹੇਗਾ, ਜਦਕਿ ਵਿਅਕਤੀਆਂ ਦੀ ਪੰਜਾਬ ਦੇ ਸਾਰੇ ਸ਼ਹਿਰਾਂ ਦੀਆਂ ਮਿਉਂਸਪਲ ਹੱਦਾਂ ਵਿੱਚ ਪੂਰੇ ਹਫਤੇ ਦੌਰਾਨ ਸ਼ਾਮ 7 ਵਜੇ ਤੋਂ ਸਵੇਰੇ 5 ਵਜੇ ਤੱਕ ਸਾਰੇ ਗੈਰ-ਜ਼ਰੂਰੀ ਕੰਮਾਂ ਲਈ ਆਵਾਜਾਈ ਪਾਬੰਦੀ ਤਹਿਤ ਰਹੇਗੀ।

ਇਨ੍ਹਾਂ ਪਾਬੰਦੀਆਂ ਤੋਂ ਲੋਕ ਸੇਵਾ ਕਮਿਸ਼ਨਾਂ, ਬੋਰਡਾਂ, ਯੂਨੀਵਰਸਿਟੀਆਂ ਦੁਆਰਾ ਲਈਆਂ ਜਾਣ ਵਾਲੀਆਂ ਪ੍ਰਵੇਸ਼ ਅਤੇ ਹੋਰ ਸਭ ਕਿਸਮ ਦੀਆਂ ਪ੍ਰੀਖਿਆਵਾਂ ਦੇ ਸਬੰਧ ਵਿੱਚ ਵਿਦਿਆਰਥੀਆਂ ਅਤੇ ਹੋਰਨਾਂ ਨੂੰ ਬਾਹਰ ਰੱਖਿਆ ਗਿਆ ਹੈ। ਕੈਪਟਨ ਅਮਰਿੰਦਰ ਸਿੰਘ ਨੇ ਅਜਿਹੇ ਵਿਅਕਤੀਆਂ ਦੀ ਆਵਾਜਾਈ 'ਚ ਮਦਦ ਕਰਨ ਲਈ ਜ਼ਿਲ੍ਹਾ ਅਥਾਰਟੀਆਂ ਨੂੰ ਨਿਰਦੇਸ਼ ਦਿੱਤੇ ਹਨ। ਧਾਰਮਿਕ ਸਥਾਨਾਂ ਨੂੰ ਸਾਰੇ ਦਿਨ ਸ਼ਾਮ 6.30 ਵਜੇ ਤੱਕ ਖੁੱਲ੍ਹੇ ਰੱਖਣ ਦੀ ਇਜਾਜ਼ਤ ਹੋਵੇਗੀ ਜਿਵੇਂ ਕਿ ਰੈਸਟੋਰੈਂਟ (ਮਾਲਜ਼ ਵਾਲਿਆਂ ਸਮੇਤ) ਅਤੇ ਸ਼ਰਾਬ ਦੇ ਠੇਕੇ ਖੁੱਲ੍ਹਣਗੇ। ਦਿਨ/ਰਾਤ ਦੀਆਂ ਬੰਦਿਸ਼ਾਂ ਹੋਟਲਾਂ 'ਤੇ ਲਾਗੂ ਨਹੀਂ ਹੋਣਗੀਆਂ। ਕੈਪਟਨ ਅਮਰਿੰਦਰ ਸਿੰਘ ਨੇ ਜ਼ਿਲਾ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਹਨ ਕਿ ਇਨ੍ਹਾਂ ਹਦਾਇਤਾਂ ਦੀ ਸਖਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇ। ਉਨ੍ਹਾਂ ਪੁਲਿਸ ਨੂੰ ਕਿਹਾ ਹੈ ਕਿ ਉਹ ਸੀ.ਆਰ.ਪੀ.ਸੀ. ਦੀ ਧਾਰਾ 144 ਤਹਿਤ ਕੀਤੇ ਹੁਕਮਾਂ ਦੀ ਉਲੰਘਣਾ ਦੇ ਮਾਮਲੇ ਵਿੱਚ ਪ੍ਰਬੰਧਕਾਂ ਅਤੇ ਹਿੱਸਾ ਲੈਣ ਵਾਲੇ ਪ੍ਰਮੁੱਖ ਵਿਅਕਤੀ ਖਿਲਾਫ ਸਖਤ ਕਾਰਵਾਈ ਕਰਨ।

ਬੁਲਾਰੇ ਨੇ ਅੱਗੇ ਸਪੱਸ਼ਟ ਕੀਤਾ ਕਿ ਬੰਦਿਸ਼ਾਂ ਦੀਆਂ ਹਾਲਤਾਂ ਦੌਰਾਨ ਵੀ ਕੌਮੀ ਤੇ ਸੂਬਾਈ ਮਾਰਗਾਂ ਉਤੇ ਅੰਤਰ ਰਾਜ ਤੇ ਰਾਜ ਦੇ ਅੰਦਰ ਲੋਕਾਂ ਦੇ ਆਉਣ-ਜਾਣ, ਜ਼ਰੂਰੀ ਵਸਤਾਂ ਤੇ ਸੇਵਾਵਾਂ ਨਾਲ ਸਬੰਧਤ ਗਤੀਵਿਧੀਆਂ, ਬੱਸ, ਰੇਲ ਗੱਡੀਆਂ ਤੇ ਹਵਾਈ ਜਹਾਜ਼ਾਂ ਰਾਹੀਂ ਆਪਣੀ ਮੰਜ਼ਿਲ 'ਤੇ ਜਾਣ ਵਾਲੇ ਲੋਕਾਂ ਅਤੇ ਮਾਲ ਉਤਾਰਨ ਤੇ ਲਿਜਾਣ ਲਈ ਆਗਿਆ ਹੋਵੇਗੀ। ਜ਼ਰੂਰੀ ਸੇਵਾਵਾਂ ਵਿੱਚ ਸਿਹਤ, ਖੇਤੀਬਾੜੀ ਤੇ ਇਸ ਨਾਲ ਸਬੰਧਤ ਗਤੀਵਿਧੀਆਂ, ਡੇਅਰੀ ਤੇ ਮੱਛੀ ਪਾਲਣ ਗਤੀਵਿਧੀਆਂ, ਬੈਂਕ, ਏ.ਟੀ.ਐਮਜ਼, ਸ਼ੇਅਰ ਬਜ਼ਾਰ, ਬੀਮਾ ਕੰਪਨੀਆਂ, ਆਨਲਾਈਨ ਟੀਚਿੰਗ, ਜਨਤਕ ਸਹੂਲਤਾਂ, ਜਨਤਕ ਟਰਾਂਸਪੋਰਟ, ਮਲਟੀਪਲ ਸ਼ਿਫਟਾਂ ਵਿੱਚ ਉਦਯੋਗ, ਕਿਰਤ ਉਦਯੋਗ, ਸਰਕਾਰੀ ਤੇ ਪ੍ਰਾਈਵੇਟ ਦਫਤਰ ਆਦਿ ਸ਼ਾਮਲ ਹਨ।


Deepak Kumar

Content Editor

Related News