ਹੜ੍ਹ ਪ੍ਰਭਾਵਿਤ ਇਲਾਕਿਆਂ ’ਚ ਸਰਕਾਰੀ ਅਮਲਾ 24 ਘੰਟੇ ਸਰਗਰਮ, ਹਜ਼ਾਰਾਂ ਲੋਕ ਸੁਰੱਖਿਅਤ ਥਾਵਾਂ ’ਤੇ ਭੇਜੇ

Monday, Jul 17, 2023 - 01:24 AM (IST)

ਹੜ੍ਹ ਪ੍ਰਭਾਵਿਤ ਇਲਾਕਿਆਂ ’ਚ ਸਰਕਾਰੀ ਅਮਲਾ 24 ਘੰਟੇ ਸਰਗਰਮ, ਹਜ਼ਾਰਾਂ ਲੋਕ ਸੁਰੱਖਿਅਤ ਥਾਵਾਂ ’ਤੇ ਭੇਜੇ

ਚੰਡੀਗੜ੍ਹ (ਬਿਊਰੋ) : ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸਰਕਾਰੀ ਅਮਲਾ ਕੀਮਤੀ ਮਨੁੱਖੀ ਜਾਨਾਂ ਅਤੇ ਸੰਪਤੀ ਦੀ ਰਾਖੀ ਲਈ ਸੂਬੇ ਵਿਚ ਮੋਹਲੇਧਾਰ ਮੀਂਹ ਕਾਰਨ ਪੈਦਾ ਹੋਈ ਸਥਿਤੀ ਵਿਚ ਸੁਧਾਰ ਲਈ ਜੰਗੀ ਪੱਧਰ ’ਤੇ ਕੰਮ ਕਰ ਰਿਹਾ ਹੈ। ਲੋਕਾਂ ਦੀ ਸਿਹਤ ਨੂੰ ਸਭ ਤੋਂ ਮੁੱਖ ਰੱਖਦਿਆਂ ਸਿਹਤ ਵਿਭਾਗ ਦੀਆਂ ਟੀਮਾਂ ਹੜ੍ਹ ਪ੍ਰਭਾਵਿਤ ਖੇਤਰਾਂ ਵਿਚ 24 ਘੰਟੇ ਸਰਗਰਮੀ ਨਾਲ ਕੰਮ ਕਰ ਰਹੀਆਂ ਹਨ। ਇਸ ਸਮੇਂ 316 ਰੈਪਿਡ ਰਿਸਪਾਂਸ ਟੀਮਾਂ ਹੜ੍ਹ ਪ੍ਰਭਾਵਿਤ ਖੇਤਰਾਂ ਵਿਚ ਕੰਮ ਕਰ ਰਹੀਆਂ ਹਨ ਅਤੇ 189 ਮੈਡੀਕਲ ਕੈਂਪ ਲਗਾ ਕੇ ਮਰੀਜ਼ਾਂ ਨੂੰ ਮੁਫ਼ਤ ਦਵਾਈਆਂ ਦਿੱਤੀਆਂ ਜਾ ਰਹੀਆਂ ਹਨ।

ਇਹ ਖ਼ਬਰ ਵੀ ਪੜ੍ਹੋ : ਘੱਗਰ ਦਾ ਪਾਣੀ ਖ਼ਤਰੇ ਦੇ ਨਿਸ਼ਾਨ ਤੋਂ 3 ਫੁੱਟ ਵਹਿ ਰਿਹੈ ਉੱਪਰ, ਸਹਿਮੇ ਮਾਨਸਾ ਦੇ ਲੋਕ

ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਦਿੱਤੇ ਨਿਰਦੇਸ਼ਾਂ ਅਨੁਸਾਰ 26,191 ਹੜ੍ਹ ਪ੍ਰਭਾਵਿਤ ਲੋਕਾਂ ਨੂੰ ਸੁਰੱਖਿਅਤ ਥਾਵਾਂ ’ਤੇ ਪਹੁੰਚਾਇਆ ਗਿਆ ਹੈ। ਸੂਬੇ ਵਿਚ ਕੁੱਲ 148 ਰਾਹਤ ਕੈਂਪ ਚੱਲ ਰਹੇ ਹਨ, ਜਿਨ੍ਹਾਂ ਵਿਚ 3731 ਲੋਕ ਠਹਿਰੇ ਹੋਏ ਹਨ। ਬੁਲਾਰੇ ਨੇ ਦੱਸਿਆ ਕਿ 15 ਜ਼ਿਲ੍ਹਿਆਂ ਦੇ 1414 ਪਿੰਡ ਅਜੇ ਵੀ ਹੜ੍ਹਾਂ ਨਾਲ ਪ੍ਰਭਾਵਿਤ ਹਨ। ਇਸ ਵੇਲੇ ਹੜ੍ਹਾਂ ਨਾਲ ਪ੍ਰਭਾਵਿਤ 15 ਜ਼ਿਲ੍ਹਿਆਂ ਵਿਚ ਤਰਨਤਾਰਨ, ਫਿਰੋਜ਼ਪੁਰ, ਫਤਿਹਗੜ੍ਹ ਸਾਹਿਬ, ਫਰੀਦਕੋਟ, ਹੁਸ਼ਿਆਰਪੁਰ, ਰੂਪਨਗਰ, ਪਟਿਆਲਾ, ਮੋਗਾ, ਲੁਧਿਆਣਾ, ਮੋਹਾਲੀ, ਐੱਸ. ਬੀ. ਐੱਸ. ਨਗਰ, ਫਾਜ਼ਿਲਕਾ, ਜਲੰਧਰ, ਕਪੂਰਥਲਾ ਅਤੇ ਸੰਗਰੂਰ ਸ਼ਾਮਲ ਹਨ।

ਇਹ ਖ਼ਬਰ ਵੀ ਪੜ੍ਹੋ : ਵੱਡੀ ਖ਼ਬਰ : ਚੰਡੀਗੜ੍ਹ ’ਚੋਂ ਮਿਲਿਆ ਬੰਬ ਸ਼ੈੱਲ, ਪੁਲਸ ਨੇ ਇਲਾਕਾ ਕੀਤਾ ਸੀਲ

ਮਾਲ ਵਿਭਾਗ ਵੱਲੋਂ ਵੱਖ-ਵੱਖ ਜ਼ਿਲ੍ਹਿਆਂ ਤੋਂ ਪ੍ਰਾਪਤ ਰਿਪੋਰਟਾਂ ਅਨੁਸਾਰ ਸੂਬੇ ’ਚ ਹੜ੍ਹਾਂ ਕਾਰਨ ਕੁਲ 32 ਲੋਕਾਂ ਦੀ ਮੌਤ ਹੋ ਚੁੱਕੀ ਹੈ, ਜਦਕਿ 3 ਅਜੇ ਵੀ ਲਾਪਤਾ ਹਨ। ਉਨ੍ਹਾਂ ਅੱਗੇ ਦੱਸਿਆ ਕਿ ਹੜ੍ਹ ਪ੍ਰਭਾਵਿਤ ਖੇਤਰਾਂ ਵਿਚ ਡਰਾਈ ਫੂਡ ਦੇ ਪੈਕੇਟ ਵੰਡੇ ਜਾ ਰਹੇ ਹਨ ਅਤੇ ਰੂਪਨਗਰ ਵਿਚ 21,025, ਪਟਿਆਲਾ ਵਿਚ 59,000, ਐੱਸ. ਏ. ਐੱਸ. ਨਗਰ ਵਿਚ 3600, ਐੱਸ. ਬੀ. ਐੱਸ. ਨਗਰ ਵਿਚ 5700 ਅਤੇ ਫਤਿਹਗੜ੍ਹ ਸਾਹਿਬ ਵਿਚ 2200 ਤੋਂ ਵੱਧ ਪੈਕੇਟ ਵੰਡੇ ਜਾ ਚੁੱਕੇ ਹਨ। ਪਸ਼ੂਧਨ ਦੇ ਬੀਮਾਰੀਆਂ ਤੋਂ ਬਚਾਅ ਲਈ ਪਸ਼ੂ ਪਾਲਣ ਵਿਭਾਗ ਵੱਲੋਂ 4285 ਪਸ਼ੂਆਂ ਦਾ ਟੀਕਾਕਰਨ ਕੀਤਾ ਗਿਆ ਹੈ, ਜਦਕਿ ਹੁਣ ਤੱਕ 2874 ਪਸ਼ੂਆਂ ਦਾ ਇਲਾਜ ਕੀਤਾ ਜਾ ਚੁੱਕਾ ਹੈ।
 


author

Manoj

Content Editor

Related News